ਦੇਸ਼ ਵਿੱਚ ਸਿੱਖਿਆ ਖੇਤਰ ਵੱਡੇ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਇਕ ਪਾਸੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਫੀਸਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹਨ। ਦੂਸਰੇ ਪਾਸੇ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਪੜ੍ਹਨ ਅਤੇ ਕੰਮ ਕਰਨ ਲਈ ਜਾ ਰਹੇ ਹਨ। ਇਸ ਕਾਰਨ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੱਖ-ਵੱਖ ਕੋਰਸਾਂ ਦੀਆਂ ਸੀਟਾਂ ਖਾਲੀ ਪਈਆਂ ਹਨ। ਸਿੱਖਿਆ ਦਾ ਡਿੱਗ ਰਿਹਾ ਮਿਆਰ ਇਕ ਹੋਰ ਵੱਡੀ ਚਿੰਤਾ ਹੈ। ਨਿੱਜੀ ਖੇਤਰ ਦੇ ਕਾਲਜਾਂ ਅਤੇ ਸਕੂਲਾਂ ਦੇ ਮੁਕਾਬਲੇ ਸਰਕਾਰੀ ਕਾਲਜਾਂ ਅਤੇ ਸਕੂਲਾਂ ਦੀ ਹੋਂਦ ਖਤਰੇ ਵਿੱਚ ਪਈ ਹੋਈ ਹੈ। ਸਰਕਾਰੀ ਸਕੂਲਾਂ ਵਿੱਚ ਸਿਰਫ ਗਰੀਬਾਂ ਦੇ ਬੱਚੇ ਹੀ ਪੜ੍ਹਨ ਜਾ ਰਹੇ ਹਨ। ਬੱਚਿਆਂ ਦੀ ਗਿਣਤੀ ਘੱਟਣ ਕਾਰਨ ਸਰਕਾਰੀ ਸਕੂਲ ਬੰਦ ਹੋਣ ਕਿਨਾਰੇ ਪਹੁੰਚੇ ਹੋਏ ਹਨ। ਸਰਕਾਰ ਸਿੱਖਿਆ ਖੇਤਰ ਲਈ ਵਧੇਰ ਬਜਟ ਰੱਖਣ ਤੋਂ ਇਨਕਾਰੀ ਹੈ। ਪੈਸੇ ਦੇ ਸਾਧਨਾਂ ਦੀ ਕਮੀ ਕਾਰਨ ਸਰਕਾਰੀ ਸਕੂਲ, ਕਾਲਜ, ਅਤੇ ਯੂਨੀਵਰਸਿਟੀਆਂ ਆਰਥਿਕ ਮੰਦਹਾਲੀ ਦਾ ਸ਼ਿਕਾਰ ਹਨ। ਪੰਜਾਬ ਦੇ ਸਰਕਾਰੀ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਦੀ ਹਾਲਤ ਇਸ ਤੋਂ ਵੱਖਰੀ ਨਹੀਂ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਆਰਥਿਕ ਤੌਰ ‘ਤੇ ਸੰਕਟ ਵਿੱਚ ਹੈ। ਇਸੇ ਤਰ੍ਹਾਂ ਖੇਤੀ ਯੂਨੀਵਰਸਿਟੀ ਲੁਧਿਆਣਾ ਦਾ ਹਾਲ ਠੀਕ ਨਹੀਂ ਹੈ। ਕਹਿਣ ਦਾ ਭਾਵ ਇਹ ਹੈ ਕਿ ਸਿੱਖਿਆ ਦਾ ਸਮੁੱਚਾ ਖੇਤਰ ਬਹੁਪੱਖੀ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਇਸ ਸੰਕਟ ਦਾ ਨਿਵਾਰਣ ਕਰਨ ਲਈ ਵੱਡੇ ਕਦਮਾਂ ਦੀ ਜ਼ਰੂਰਤ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਰਕਾਰੀ ਖੇਤਰ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਹਾਲਤ ਸੁਧਾਰਨ ਲਈ ਵਧੇਰੇ ਮਾਲੀ ਸਹਾਇਤਾ ਦੇਣ ਦਾ ਪ੍ਰਬੰਧ ਕਰੇ। ਚੰਗਾ ਹੋਵੇ ਜੇਕਰ ਸਾਰੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਫੀਸ ਵਿੱਚ ਕਟੌਤੀ ਕੀਤੀ ਜਾਵੇ ਤਾਂ ਜੋ ਵਧੇਰੇ ਵਿਦਿਆਰਥੀ ਪੜ੍ਹਨ ਲਈ ਆ ਸਕਣ। ਸਿੱਖਿਆ ਨੂੰ ਵੱਡੇ ਸੁਧਾਰਾਂ ਦੀ ਜ਼ਰੂਰਤ ਹੈ। ਇਸ ਸਮੇਂ ਦੇਸ਼ ਦੀ ਮੌਜੂਦਾ ਸਿੱਖਿਆ ਪ੍ਰਸੰਗਹੀਣ ਹੋ ਗਈ ਹੈ। ਕਾਲਜਾਂ, ਯੂਨੀਵਰਸਿਟੀਆਂ ਵਿੱਚ ਪੜ੍ਹਨ ਵਾਲੇ ਨੌਜਵਾਨ ਬੇਰੁਜ਼ਗਾਰ ਤੁਰੇ ਫਿਰਦੇ ਹਨ। ਸਿੱਖਿਆ ਨੂੰ ਦੇਸ਼ ਦੀ ਆਰਥਿਕਤਾ ਨਾਲ ਜੋੜਨ ਦੀ ਜ਼ਰੂਰਤ ਹੈ ਤਾਂ ਜੋ ਨੌਜਵਾਨਾਂ ਨੂੰ ਵਧੇਰੇ ਕੰਮ ਅਤੇ ਨੌਕਰੀਆਂ ਮਿਲ ਸਕਣ। ਨਿੱਜੀ ਸਕੂਲਾਂ ਅਤੇ ਕਾਲਜਾਂ ਉੱਪਰ ਵੀ ਖਾਸ ਤੌਰ ‘ਤੇ ਨਿਗਰਾਨੀ ਰੱਖਣ ਦੀ ਜ਼ਰੂਰਤ ਹੈ। ਲੋਕਾਂ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾਣਾ ਚਾਹੀਦਾ ਹੈ। ਸਰਕਾਰ ਨੂੰ ਨਿੱਜੀ ਸਕੂਲਾਂ ਅਤੇ ਕਾਲਜਾਂ ਵਿੱਚ ਫੀਸ ਨਿਰਧਾਰਿਤ ਕਰਨ ਲਈ ਅੱਗੇ ਆਉਣਾ ਹੋਵੇਗਾ। ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਇਕ ਕਾਨੂੰਨ ਬਣਾਉਣ ਦੀ ਤਿਆਰੀ ਵੀ ਚੱਲ ਰਹੀ ਹੈ। ਸਿੱਖਿਆ ਖੇਤਰ ਵਿੱਚ ਸੁਧਾਰ ਤੋਂ ਬਿਨਾਂ ਦੇਸ਼ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਉਣਾ ਮੁਸ਼ਕਿਲ ਹੈ। ਦੇਸ਼ ਦੀ ਨੌਜਵਾਨ ਸ਼ਕਤੀ ਨੂੰ ਬਚਾਉਣ ਅਤੇ ਹੁਨਰਮੰਦ ਬਣਾਉਣ ਲਈ ਵੱਡੇ ਯਤਨ ਕੀਤੇ ਜਾਣੇ ਚਾਹੀਦੇ ਹਨ। ਜੇਕਰ ਦੇਸ਼ ਵਿੱਚ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕੀਤੇ ਜਾਣ ਤਦ ਨੌਜਵਾਨਾਂ ਦੇ ਬਾਹਰ ਜਾਣ ਦੇ ਰੁਝਾਨ ਨੂੰ ਵੀ ਕੁੱਝ ਹੱਦ ਤੱਕ ਠੱਲ੍ਹ ਪੈ ਸਕਦੀ ਹੈ।
– ਬਲਜੀਤ ਸਿੰਘ ਬਰਾੜ