ਬਠਿੰਡਾ, 5 ਅਗਸਤ (ਗੁਰਮੀਤ ਸੇਮਾ)- ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਜ਼ਿਲ੍ਹੇ ਅੰਦਰ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਜੜ੍ਹ ਤੋਂ ਖ਼ਤਮ ਕਰਨ ਲਈ ਸਮੂਹ ਅਧਿਕਾਰੀਆਂ ਨੂੰ ਅਹਿਦ ਲੈਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਇਹ ਆਦੇਸ਼ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਡੈਪੋ ਅਤੇ ਬਡੀਜ਼ ਤਹਿਤ ਜ਼ਿਲ੍ਹੇ ਅੰਦਰ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਇਹ ਵੀ ਕਿਹਾ ਕਿ ਇਸ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਮਹੀਨਾਵਾਰ ਰਿਪੋਰਟ ਜਮ੍ਹਾਂ ਕਰਵਾਉਣਾ ਯਕੀਨੀ ਬਣਾਇਆ ਜਾਵੇ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਡੈਪੋ ਅਤੇ ਬਡੀਜ਼ ਤਹਿਤ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਇਸ ਤਹਿਤ ਹਰ ਮਹੀਨੇ ਸਕਿੱਲ ਡਿਵੈਲਪਮੈਂਟ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਅਤੇ 15 ਉਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਵੀ ਆਦੇਸ਼ ਦਿੱਤੇ, ਜੋ ਨੌਜਵਾਨ ਨਸ਼ੇ ਦਾ ਤਿਆਗ ਕਰ ਚੁੱਕੇ ਹਨ। ਉਨ੍ਹਾਂ ਜ਼ਿਲ੍ਹਾ ਖੇਡ ਅਫ਼ਸਰ ਨੂੰ ਕਿਹਾ ਕਿ ਇਸ ਮੁਹਿੰਮ ਤਹਿਤ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਿਆ ਜਾਵੇ। ਪਿੰਡ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਜਾਣ ਤਾਂ ਜੋ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਿਆਂ ਜਾ ਸਕੇ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਡੈਪੋ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਪਿਆਰ ਨਾਲ ਨਸ਼ਾ ਛੁਡਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਮੁਹਿੰਮ ਤਹਿਤ ਸਕੂਲਾਂ ਵਿਚ ਬਡੀਜ਼ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜੋੜਿਆਂ ਜਾਵੇ। ਸਵੇਰ ਦੀ ਸਭਾ ਦੌਰਾਨ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਦੁਰਪ੍ਰਭਾਵਾਂ ਵੀ ਜਾਣੂ ਕਰਵਾਇਆ ਜਾਵੇ। ਸ਼੍ਰੀ ਬੀ.ਸ੍ਰੀਨਿਵਾਸਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਕਿਹਾ ਕਿ ਉਹ ਜ਼ਿਲ੍ਹੇ ਅੰਦਰ ਚੱਲ ਰਹੇ ਨਸ਼ਾ ਮੁਕਤੀ ਕੇਂਦਰ ਵਿਚ ਨਸ਼ਾ ਛੱਡਣ ਲਈ ਆਉਣ ਵਾਲੇ ਨੌਜਵਾਨਾਂ ਨਾਲ ਨਸ਼ੇੜੀਆਂ ਦੀ ਬਜਾਏ, ਉਨ੍ਹਾਂ ਨਾਲ ਇੱਕ ਰੋਗੀ ਵਾਂਗ ਹੀ ਵਰਤਾਓ ਕੀਤਾ ਜਾਵੇ।