May 27, 2026 5:25 pm

ਸ਼੍ਰੋਮਣੀ ਕਮੇਟੀ ਦੇ ਨੇਪਾਲ ਗਏ ਅਧਿਕਾਰੀਆਂ ਨੇ ਰੀਪੋਰਟ ਜਥੇਦਾਰ ਅਵਤਾਰ ਸਿੰਘ ਨੂੰ ਸੌਂਪੀ

ਅੰਮ੍ਰਿਤਸਰ, 12 ਮਈ (ਪੀ.ਟੀ.)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਿੱਖੀ ਦੇ ਪ੍ਰਚਾਰ-ਪ੍ਰਸਾਰ ਨੂੰ ਅੱਗੇ ਵਧਾਉਣ ਲਈ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਸਕੂਲਾਂ, ਕਾਲਜਾਂ ’ਚ ਦਸਤਾਰ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸੇ ਤਰ੍ਹਾਂ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਦੇ ਗੁਰਦੁਆਰਾ ਸਾਹਿਬਾਨਾਂ ’ਚ ਗੁਰਬਾਣੀ ਸਿਖਲਾਈ, ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਅਤੇ ਸਿੱਖ ਇਤਿਹਾਸ ਦੀ ਜਾਣਕਾਰੀ ਲਈ ਪ੍ਰਚਾਰਕਾਂ ਵੱਲੋਂ ਕੈਂਪ ਲਗਾ ਕੇ ਪਾਠੀ ਸਿੰਘਾਂ ਤੇ ਹੋਰ ਜਗਿਆਸੂਆਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਤੋਂ ਇਲਾਵਾ ਗੁਆਂਢੀ ਮੁਲਕ ਨੇਪਾਲ ਵਿੱਚ ਵੀ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਿੱਖ ਮਿਸ਼ਨ ਖੋਲ੍ਹਿਆ ਜਾਵੇਗਾ ਤਾਂ ਕਿ ਉਥੇ ਵਸਦੇ ਸਿੱਖ ਭਾਈਚਾਰੇ ਦੇ

ਬੱਚਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਤੇ ਸਿੱਖ ਇਤਿਹਾਸ ਬਾਰੇ ਭਰਪੂਰ ਜਾਣਕਾਰੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕਾਠਮੰਡੂ (ਨੇਪਾਲ) ਵਿਖੇ ਮਿਸ਼ਨ ਸਥਾਪਤ ਕਰਨ ਤੇ ਉਥੋਂ ਦੇ ਗੁਰਦੁਆਰਾ ਸਾਹਿਬਾਨ ਬਾਰੇ ਮੁਕੰਮਲ ਜਾਣਕਾਰੀ ਪ੍ਰਾਪਤ ਕਰਨ ਲਈ ਬੀਤੇ ਦਿਨੀਂ ਸ.ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਤੇ ਸ.ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੂੰ ਮੌਕਾ ਵੇਖ ਕੇ ਸਾਰੀ ਜਾਣਕਾਰੀ ਪ੍ਰਾਪਤ ਕਰਨ ਲਈ ਨੇਪਾਲ ਭੇਜਿਆ ਗਿਆ ਸੀ, ਉਨ੍ਹਾਂ ਵੱਲੋਂ ਰੀਪੋਰਟ ਮਿਲ ਗਈ ਹੈ। ਉਨ੍ਹਾਂ ਦੱਸਿਆ ਕਿ ਨੇਪਾਲ ਦੀਆਂ ਸੰਗਤਾਂ ਦੀ ਇੱਛਾ ਅਨੁਸਾਰ ਉਹ ਖੁਦ ਵੀ ਜੁਲਾਈ ਮਹੀਨੇ ’ਚ ਨੇਪਾਲ ਜਾਣਗੇ ਤਾਂ ਕਿ ਉਥੇ ਸਿੱਖ ਮਿਸ਼ਨ ਸਥਾਪਤ ਕਰਨ ਲਈ ਰਾਹ ਪੱਧਰਾ ਕੀਤਾ ਜਾ ਸਕੇ।

Send this to a friend