April 24, 2026 12:03 pm

ਹੜ੍ਹ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਪੂਰਾ ਮੁਆਵਜ਼ਾ ਜਲਦ ਦਿੱਤਾ ਜਾਵੇਗਾ : ਕਾਂਗੜ

ਵਿਧਾਇਕਾਂ ਸਮੇਤ ਸ਼ਾਹਕੋਟ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕਿਸ਼ਤੀ ਰਾਹੀਂ ਦੌਰਾ

ਲੋਹੀਆਂ (ਜਲੰਧਰ ) 21 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ੍ਰ.ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਕੰਮਲ ਮੁਆਵਜ਼ਾ ਕਿਸਾਨਾਂ ਨੂੰ ਬਹੁਤ ਜਲਦ ਦਿੱਤਾ ਜਾਵੇਗਾ ਜਿਸ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਅੱਜ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਨਾਲ ਸ਼ਾਹਕੋਟ ਅਤੇ ਲੋਹੀਆਂ ਤੇ ਹੋਰਨਾਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕਿਸ਼ਤੀ ਰਾਹੀਂ ਦੌਰਾ ਕਰਨ ਮੌਕੇ ਮਾਲ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਇਸ ਔਖੀ ਘੜੀ ਵਿਚੋਂ ਬਾਹਰ ਕੱਢਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਢਲੇ ਅੰਦਾਜ਼ੇ ਮੁਤਾਬਿਕ ਸ਼ਾਹਕੋਟ ਸਬ ਡਵੀਜ਼ਨ ਵਿੱਚ 30000 ਏਕੜ ਤੋਂ ਵੱਧ ਫ਼ਸਲ ਪਾਣੀ ਦੀ ਮਾਰ ਹੇਠ ਆਈ ਹੈ ਜਿਸ ਵਿੱਚ ਮੁੱਖ ਤੌਰ ‘ਤੇ ਝੋਨੇ ਦੀ ਫ਼ਸਲ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਸ਼ਾਹਕੋਟ ਸਬ ਡਵੀਜ਼ਨ ਦੇ ਪਿੰਡਾਂ ਦੀਆਂ ਫ਼ਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਪਾਣੀ ਘੱਟਣ ਤੋਂ ਤੁਰੰਤ ਬਾਅਦ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਜਲਦ ਤੋਂ ਜਲਦ ਦਿੱਤਾ ਜਾਵੇ ਸਕੇ।

Send this to a friend