ਆਫਤ ਪ੍ਰਬੰਧਨ ਗਰੁੱਪ ਦੀ ਉੱਚ ਪੱਧਰੀ ਮੀਟਿੰਗ ’ਚ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ’ਚ ਰਾਹਤ ਕਾਰਜਾਂ ਲਈ ਤੁਰੰਤ ਫੰਡ ਜਾਰੀ ਕਰਨ ਦਾ ਆਦੇਸ਼
ਚੰਡੀਗੜ੍ਹ, 26 ਅਗਸਤ- ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਸੋਮਵਾਰ ਨੂੰ ਇਥੇ ਸਕੱਤਰਾਂ ਦੇ ਆਫ਼ਤ ਪ੍ਰਬੰਧਨ ਗਰੁੱਪ ਦੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਵਿੱਚ ਜੰਗੀ ਪੱਧਰ ’ਤੇ ਚੱਲ ਰਹੇ ਹੜ੍ਹ ਰਾਹਤ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਲਈ ਲੋੜਦੇ ਫੰਡ ਤੁਰੰਤ ਜਾਰੀ ਕਰਨ ਦੇ ਆਦੇਸ਼ ਦਿੱਤੇ। ਅਧਿਕਾਰੀਆਂ ਨੂੰ ਰਾਹਤ ਕਾਰਜਾਂ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਮੁੱਖ ਸਕੱਤਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਪ੍ਰਭਾਵਿਤ ਜ਼ਿਲਿ੍ਹਆਂ ਵਿੱਚ ਪਾਣੀ ਨਾਲ ਸਬੰਧਿਤ ਬਿਮਾਰੀਆਂ ਤੋਂ ਬਚਾਅ ਲਈ ਦਵਾਈਆਂ ਦੀ ਸਪਲਾਈ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਖਾਣ-ਪੀਣ ਦਾ ਸਮਾਨ ਉਪਲਬਧ ਕਰਾਉਣ ਦਾ ਵੀ ਆਦੇਸ਼ ਦਿੱਤਾ। ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ ਅਤੇ ਰੋਪੜ ਦੇ ਡਿਪਟੀ ਕਮਿਸ਼ਨਾਂ ਨੇ ਵੀਡੀਓ ਕਾਨਫਰੰਸ ਰਾਹÄ ਇਸ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਉਨ੍ਹਾਂ ਨੇ ਆਪਣੇ ਜ਼ਿਲਿ੍ਹਆਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰਾਂ ਨੇ ਆਪੋ ਆਪਣੇ
ਜ਼ਿਲਿ੍ਹਆਂ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਸੰਖੇਪ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਸਲ ਨੁਕਸਾਨ ਦਾ ਪਤਾ ਪਾਣੀ ਘਟਣ ਬਾਅਦ ਹੀ ਲੱਗ ਸਕੇਗਾ। ਰਾਹਤ ਕਾਰਜਾਂ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰਾਂ ਨੇ ਇਸ ਸਥਿਤੀ ਨਾਲ ਨਜਿੱਠਣ ਲਈ ਲੋੜਦੇ ਫੰਡ ਜਾਰੀ ਕਰਨ ਦੀ ਮੰਗ ਕੀਤੀ। ਸਰਕਾਰ ਤਰਫੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਆਫਤ ਪ੍ਰਬੰਧਨ ਗਰੁੱਪ ਅਤੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਕਾਰਜਾਂ ਨੂੰ ਹੋਰ ਤੇਜ਼ ਕਰਨ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕਿਸੇ ਵੀ ਬਿਮਾਰੀ ਨੂੰ ਪੈਦਾ ਹੋਣ ਤੋਂ ਰੋਕਣ ਲਈ ਅਗਾਊਂ ਕਦਮ ਚੁੱਕਣ ਦੀ ਹਦਾਇਤ ਕੀਤੀ।