April 29, 2026 4:05 pm

ਡਾ.ਓਬਰਾਏ ਦੇ ਯਤਨਾਂ ਨਾਲ ਮੌਤ ਤੋਂ 15 ਦਿਨ ਬਾਅਦ ਵਤਨ ਪੁੱਜੀ ਨੌਜਵਾਨ ਦੀ ਮਿ੍ਰਤਕ ਦੇਹ

ਅੰਮਿ੍ਰਤਸਰ, 30 ਅਗਸਤ (ਦਵਾਰਕਾ ਨਾਥ ਰਾਣਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜਬੂਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 23 ਸਾਲਾ ਸੁਖਬੀਰ ਸਿੰਘ ਪੁੱਤਰ ਗੁਰਮੁੱਖ ਸਿੰਘ ਦੀ ਮਿ੍ਰਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ: ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। ਤਰਨਤਾਰਨ ਜਿਲ੍ਹੇ ਦੇ ਪਿੰਡ ਗੰਡੀਵਿੰਡ ਧੱਤਲ ਨਾਲ ਸੰਬੰਧਿਤ ਮਿ੍ਰਤਕ ਸੁਖਬੀਰ ਸਿੰਘ ਕਰੀਬ 7 ਮਹੀਨੇ ਪਹਿਲਾਂ ਹੀ ਆਪਣੀ ਛੁੱਟੀ ਕੱਟ ਕੇ ਵਾਪਸ ਦੁਬਈ ਗਿਆ ਸੀ ਕਿ ਬੀਤੀ 15 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।ਜਦ ਭਾਰਤ ਰਹਿੰਦੇ ਉਸਦੇ
ਪਰਿਵਾਰਿਕ ਮੈਂਬਰਾਂ ਨੂੰ ਸੁਖਬੀਰ ਦੇ ਨਾਲ ਕੰਮ ਕਰਦੇ ਉਸ ਦੇ ਹੀ ਪਿੰਡ ਦੇ ਨੌਜਵਾਨ ਤੋਂ ਉਸ ਦੀ ਮੌਤ ਦੇ ਮਿਲੇ ਸੁਨੇਹੇ ਤੋਂ ਆਪਣੇ ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਦਾ ਮਿ੍ਰਤਕ ਸਰੀਰ ਵਾਪਸ ਲਿਆਉਣ ਲਈ ਆਪਣੀ ਪਤਲੀ ਆਰਥਿਕ ਹਾਲਤ ਤੇ ਬੇਵਸੀ ਦਾ ਹਵਾਲਾ ਦਿੰਦਿਆਂ ਟਰੱਸਟ ਦੀ ਤਰਨਤਾਰਨ ਜਲਿ੍ਹਾ ਇਕਾਈ ਦੇ ਪ੍ਰਧਾਨ ਪਿ੍ਰੰਸ ਧੁੰਨਾ ਰਾਹੀਂ ਟਰੱਸਟ ਦੇ ਸਰਪ੍ਰਸਤ ਡਾ: ਓਬਰਾਏ ਨਾਲ ਸੰਪਰਕ ਕਰਕੇ ਸੁਖਬੀਰ ਸਿੰਘ ਦੀ ਮਿ੍ਰਤਕ ਦੇਹ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ, ਜਿਸਤੇ ਕਾਰਵਾਈ ਕਰਦਿਆਂ ਡਾ: ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਅੱਜ ਮਿ੍ਰਤਕ ਦੇਹ ਨੂੰ ਵਤਨ ਭੇਜਿਆ।ਹਵਾਈ ਅੱਡੇ ਤੇ ਮਿ੍ਰਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਟਰੱਸਟ ਦੇ ਸੇਵਾਦਾਰ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸਿੰਘ ਸੰਧੂ,ਨਵਜੀਤ ਸਿੰਘ ਘਈ, ਸਿਸ਼ਪਾਲ ਸਿੰਘ ਲਾਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਮਿ੍ਰਤਕ ਲੜਕੇ ਸਮੇਤ ਟਰੱਸਟ ਵਲੋਂ ਹੁਣ ਤੱਕ 128 ਬਦਨਸੀਬ ਨੌਜੁਆਨ ਮੁੰਡੇ ਕੁੜੀਆਂ ਦੇ ਮਿ੍ਰਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਦੇ ਸਰਪ੍ਰਸਤ ਡਾ. ਓਬਰਾਏ ਵੱਲੋਂ ਮਿ੍ਰਤਕ ਨੌਜਵਾਨ ਦੇ ਪਰਿਵਾਰ ਦੀ ਆਰਥਿਕ ਹਾਲਤ ਨੂੰ ਵੇਖਦਿਆਂ ਹੋਇਆਂ ਮਿ੍ਰਤਕ ਦੇ ਬਜ਼ੁਰਗ ਮਾਪਿਆਂ ਨੂੰ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਫੈਸਲਾ ਲਿਆ ਹੈ। ਟਰੱਸਟ ਦੇ ਅਹੁਦੇਦਾਰਾਂ ਨੇ ਇਹ ਵੀ ਦੱਸਿਆ ਕਿ ਮਿ੍ਰਤਕ ਦੇ ਪਿੰਡ ਗੰਡੀਵਿੰਡ ਧੱਤਲ ਨਾਲ ਸਬੰਧਤ ਜਵਾਨ ਸੁਖਜਿੰਦਰ ਸਿੰਘ ਜੋ ਕਿ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸਹੀਦ ਹੋ ਗਿਆ ਸੀ, ਉਸ ਦੇ ਪਰਿਵਾਰ ਨੂੰ ਵੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 10,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ । ਜਿਕਰਯੋਗ ਹੈ ਕਿ ਸੁਖਬੀਰ ਸਿੰਘ ਦੀ ਮਿ੍ਰਤਕ ਦੇਹ ਨੂੰ ਭਾਰਤ ਭੇਜਣ ’ਚ ਭਾਰਤੀ ਦੂਤਾਵਾਸ ਤੋਂ ਇਲਾਵਾ ਸ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਜਿਕਰਯੋਗ ਭੂਮਿਕਾ ਨਿਭਾਈ ਹੈ।ਇਸੇ ਦੌਰਾਨ ਦੁਬਈ ਤੋਂ ਮਿ੍ਰਤਕ ਦੇਹ ਨਾਲ ਆਏ ਮਿ੍ਰਤਕ ਦੇ ਦੋਸਤ ਸ਼ਮਸ਼ੇਰ ਸਿੰਘ ਤੋਂ ਇਲਾਵਾ ਮਿ੍ਰਤਕ ਦੇ ਪਿਤਾ ਗੁਰਮੁਖ ਸਿੰਘ,ਚਾਚਾ ਸੁਖਰਾਜ ਸਿੰਘ,ਭਰਾ ਸੁਖਦੇਵ ਸਿੰਘ ਤੇ ਗੁਰਪ੍ਰੀਤ ਸਿੰਘ ਆਦਿ ਪਰਿਵਾਰਕ ਮੈਂਬਰਾਂ ਨੇ ਸ. ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਹਿਲੀ ਵਾਰ ਅਜਿਹਾ ਇਨਸਾਨ ਦੇਖਿਆ ਹੈ ਜੋ ਬਿਨ੍ਹਾਂ ਕਿਸੇ ਸਵਾਰਥ ਦੇ ਲੋੜਵੰਦਾਂ ਦੀ ਵੱਡੀ ਤੋਂ ਵੱਡੀ ਮਦਦ ਕਰਨ ਲਈ ਹਮੇਸ਼ਾਂ ਤਿਆਰ ਰਹਿੰਦੇ ਹਨ। ਉਨ੍ਹਾਂ ਨਮ ਅੱਖਾਂ ਨਾਲ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਡਾ: ਓਬਰਾਏ ਦੇ ਇਸ ਪਰਉਪਕਾਰ ਲਈ ਸਾਰੀ ਜਿੰਦਗੀ ਰਿਣੀ ਰਹੇਗਾ ਕਿਉਂਕਿ ਉਨ੍ਹਾਂ ਦੀ ਬਦੌਲਤ ਹੀ ਸੁਖਬੀਰ ਸਿੰਘ ਦੀਆਂ ਅੰਤਿਮ ਰਸਮਾਂ ਉਸ ਦੇ ਜੱਦੀ ਪਿੰਡ ਵਿਖੇ ਹੋਣੀਆਂ ਸੰਭਵ ਹੋ ਸਕੀਆਂ ਹਨ। ਮਿ੍ਰਤਕ ਦੇ ਪਿਤਾ ਗੁਰਮੁਖ ਸਿੰਘ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਆਪਣੀ ਕੋਈ ਔਲਾਦ ਨਾ ਹੋਣ ਕਾਰਨ ਉਸ ਨੇ ਆਪਣੀ ਭੈਣ ਦੇ ਪੁੱਤਰ (ਮਿ੍ਰਤਕ) ਸੁਖਬੀਰ ਸਿੰਘ ਨੂੰ ਬਚਪਨ ਤੋਂ ਹੀ ਗੋਦ ਲੈ ਕੇ ਪਾਲਿਆ ਹੋਇਆ ਸੀ ਪਰ ਸੁਖਬੀਰ ਦੀ ਹੋਈ ਅਚਨਚੇਤ ਮੌਤ ਨੇ ਉਸ ਨੂੰ ਤੇ ਉਸ ਦੀ ਬਿਮਾਰ ਪਤਨੀ ਨੂੰ ਬੁਢਾਪੇ ’ਚ ਮੁੜ ਬੇ-ਸਹਾਰਾ ਕਰ ਦਿੱਤਾ ਹੈ।

Send this to a friend