ਤਲਵੰਡੀ ਸਾਬੋ, 4 ਸਤੰਬਰ (ਰਾਮ ਰੇਸ਼ਮ ਨਥੇਹਾ)- ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ੍ਹਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਧਿਆਨ ਵਿੱਚ ਰੱਖ ਕੇ ਪਾਕਿਸਤਾਨ ਸਰਕਾਰ ਵੱਲੋਂ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨਾਂ ਦੀਆਂ ਚਾਹਵਾਨ ਸਿੱਖ ਸੰਗਤਾਂ ਲਈ ਆਨ ਅਰਾਈਵਲ ਵੀਜੇ ਦੇਣ ਦੇ ਕੀਤੇ ਐਲਾਨ ਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਵਾਗਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 1947 ਦੇ ਬਾਅਦ ਤੋਂ ਹੀ ਹਰ ਨਾਨਕ ਨਾਮ ਲੇਵਾ ਸਿੱਖ,ਪੰਥ ਤੋਂ ਵਿਛੋੜੇ ਗਏ ਗੁਰਧਾਮਾਂ ਦੇ ਖੁੱਲੇ ਦਰਸ਼ਨ ਦੀਦਾਰਿਆਂ ਸਬੰਧੀ ਅਰਦਾਸ ਕਰਦਾ ਰਿਹਾ ਹੈ ਤੇ ਸਿੱਖ ਸੰਗਤਾਂ ਦੀ ਅਰਦਾਸ ਹੁਣ ਸਫਲ ਹੁੰਦੀ ਦਿਖਾਈ ਦੇ ਰਹੀ ਹੈ।ਕਿਉਂਕਿ ਜਿੱਥੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦੇ ਸਾਂਝੇ ਉੱਦਮ ਸਦਕਾਂ ਸ੍ਰੀ ਕਰਤਾਪੁਰ ਸਾਹਿਬ ਦੇ ਲਾਂਘੇ ਦੇ ਮੁਕੰਮਲ ਹੋ ਜਾਣ ਉਪਰੰਤ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਬਿਨਾਂ ਕਿਸੇ ਰੁਕਾਵਟ ਦੇ ਦਰਸ਼ਨ ਕਰ ਸਕਣਗੀਆਂ ਉੱਥੇ ਪਾਕਿ ਵੱਲੋਂ ਆਨ ਅਰਾਈਵਲ ਵੀਜੇ ਦੇਣ ਦੇ ਐਲਾਨ ਸਦਕਾਂ ਵੀ ਸੰਗਤਾਂ ਆਪਣੇ ਗੁਰਧਾਮਾਂ ਦੇ ਖੁੱਲੇ ਦਰਸ਼ਨ ਦੀਦਾਰੇ ਕਰ ਸਕਣਗੀਆਂ।ਉਨਾਂ ਇਸ ਐਲਾਨ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧੰਨਵਾਦ ਵੀ ਕੀਤਾ ਹੈ।