ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਿਲਸਿਲੇ ਵਿੱਚ ਮੁੱਖ ਮੰਤਰੀ ਵੱਲੋਂ ਬੀਤੇ ਕੱਲ੍ਹ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਮੰਤਰੀ ਮੰਡਲ ਦੀ ਬੈਠਕ ਕੀਤੀ ਗਈ। ਸਰਕਾਰ ਦਾ ਇਹ ਇੱਕ ਚੰਗਾ ਫੈਸਲਾ ਸੀ। ਇਸ ਨਾਲ ਇਹ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਇਸ ਪੁਰਬ ਨੂੰ ਮਨਾਉਣ ਲਈ ਕਿੰਨੀ ਗੰਭੀਰ ਹੈ। ਇਹ ਚੰਗੀ ਗੱਲ ਹੈ ਕਿ ਮੰਤਰੀ ਮੰਡਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅਗਲੇ ਮਹੀਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਵੀ ਮਤਾ ਪਾਸ ਕੀਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਇਸ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਨ ਲਈ ਭਾਰਤ ਦੇ ਰਾਸ਼ਟਰਪਤੀ ਅਤੇ ਹੋਰ ਵੱਖ-ਵੱਖ ਉੱਘੀਆਂ ਸਿੱਖ ਸ਼ਖ਼ਸੀਅਤਾਂ ਨੂੰ ਬੁਲਾਇਆ ਜਾਵੇਗਾ। ਇਸੇ ਤਰਜ ਉੱਪਰ ਪੰਜਾਬ ਮੰਤਰੀ ਮੰਡਲ ਨੇ ਭਾਰਤ ਸਰਕਾਰ ਨੂੰ ਪਾਰਲੀਮੈਂਟ ਦਾ ਸਾਂਝਾ ਵਿਸ਼ੇਸ਼ ਇਜਲਾਸ ਸੱਦਣ ਦੀ ਬੇਨਤੀ ਵੀ ਕੀਤੀ ਗਈ ਹੈ। ਇਹ ਉਮੀਦ ਕਰਨੀ ਚਾਹੀਦੀ ਹੈ ਕਿ ਭਾਰਤ ਸਰਕਾਰ ਇਸ ਮੰਗ ਵੱਲ ਧਿਆਨ ਦੇਵੇਗੀ। ਪੰਜਾਬ ਸਰਕਾਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵਧੇਰੇ ਫੰਡ ਵੀ ਮੁਹੱਈਆ ਕਰਵਾਉਣੇ ਚਾਹੀਦੇ ਹਨ। ਸੁਲਤਾਨਪੁਰ ਲੋਧੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਸਾਰੇ ਅਸਥਾਨਾਂ ਦੇ ਵਿਕਾਸ ਕਾਰਜ ਵੀ ਹੋਣੇ ਚਾਹੀਦੇ ਹਨ। ਸੰਗਤ ਦੀ ਸਹੂਲਤ ਲਈ ਉਚੇਚੇ ਯਤਨ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ। ਸਾਰੇ ਪ੍ਰਬੰਧਾਂ ਦੀ ਨਿਗਰਾਨੀ ਮੁੱਖ ਮੰਤਰੀ ਨੂੰ ਸਿੱਧੇ ਤੌਰ ’ਤੇ ਆਪ ਕਰਨੀ ਚਾਹੀਦੀ ਹੈ। ਇਸ ਪ੍ਰਕਾਸ਼ ਪੁਰਬ ਸਬੰਧੀ ਸਾਰੇ ਸਮਾਗਮਾਂ ਦੀ ਰੂਪ ਰੇਖਾ ਦੀ ਰੂਪ ਰੇਖਾ ਦਾ ਖਾਕਾ ਜਨਤਕ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਵੀ ਵਿਸ਼ੇਸ਼ ਯਤਨ ਹੋਣੇ ਚਾਹੀਦੇ ਹਨ। ਪ੍ਰਮੁੱਖ ਅਸਥਾਨਾਂ ਲਈ ਸੰਪਰਕ ਨੂੰ ਬੇਹਤਰ ਬਣਾਉਣ ਵੱਲ ਉਚੇਚਾ ਧਿਆਨ ਦੇਣਾ ਹੋਵੇਗਾ। ਇਹ ਵੀ ਬਹੁਤ ਜ਼ਰੂਰੀ ਹੈ ਕਿ ਇਸ ਮੌਕੇ ’ਤੇ ਕਿਸੇ ਤਰ੍ਹਾਂ ਦੀ ਸਿਆਸਤ ਨਾ ਕੀਤੀ ਜਾਵੇ। ਸਗੋਂ ਸਾਰੇ ਸਿਆਸੀ ਦਲ ਰਲ-ਮਿਲ ਕੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਨੇਪਰੇ ਚਾੜ੍ਹਨ। ਇਸ ਸਬੰਧ ਵਿੱਚ ਸਭ ਤੋਂ ਵੱਡੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਦੀ ਹੈ।
– ਬਲਜੀਤ ਸਿੰਘ ਬਰਾੜ