ਅੰਮ੍ਰਿਤਸਰ, 18 ਮਈ (ਪੀ.ਟੀ.)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਸ.ਰਜਿੰਦਰ ਸਿੰਘ ਮਹਿਤਾ, ਸ.ਮੋਹਨ ਸਿੰਘ ਬੰਗੀ ਤੇ ਸ.ਨਿਰਮੈਲ ਸਿੰਘ ਜੌਲਾਂਕਲਾਂ ਅੰਤ੍ਰਿੰਗ ਮੈਂਬਰ, ਸ.ਸੰਤਾ ਸਿੰਘ ਮੁਖਮੈਲਪੁਰੀ ਤੇ ਸ.ਇੰਦਰ ਇਕਬਾਲ ਸਿੰਘ ਅਟਵਾਲ, ਸ.ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ, ਸ.ਰਜਿੰਦਰ ਸਿੰਘ ਮੈਨੇਜਰ ਗੁਰਦੁਆਰਾ ਸਤਲਾਣੀ ਸਾਹਿਬ ਸਮੇਤ 8 ਮੈਂਬਰੀ ਵਫਦ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਤੇ ਧਾਰਮਿਕ ਮਸਲਿਆਂ ਸਬੰਧੀ ਪਾਕਿਸਤਾਨ ਨਾਲ ਗੱਲਬਾਤ ਸ਼ੁਰੂ ਹੋ ਚੁਕੀ ਹੈ ਜਿਸ ਦੇ ਚੰਗੇ ਨਤੀਜੇ ਨਿਕਲਣ ਦੇ ਆਸਾਰ ਹਨ। ਇਸ ਜੱਥੇ ਦਾ ਪਾਕਿਸਤਾਨ ਪਹੁੰਚਣ ’ਤੇ ਬਹੁਤ ਨਿਘਾ ਸਵਾਗਤ ਹੋਇਆ ਹੈ। ਇਸ ਤੋਂ ਪਹਿਲਾਂ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈ¤ਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਅਰਦਾਸ ਕੀਤੀ ਤੇ ਵਫਦ ਦੇ ਮੈਂਬਰਾਂ ਨੂੰ ਸਿਰੋਪਾਓ ਦੇ ਕੇ
ਰਵਾਨਾ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੀਆਂ ਸ਼ਹਿਬਾਜ ਸਰੀਫ ਵੱਲੋਂ ਦਿੱਤੇ ਸੱਦੇ ਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਅਤੇ ਧਾਰਮਿਕ ਮਸਲਿਆਂ ਸਬੰਧੀ ਲਹਿੰਦੇ ਪੰਜਾਬ ਦੀ ਸਰਕਾਰ ਤੇ ਪਾਕਿਸਤਾਨ ਸਿੱਖ ਗੁਰਦੁਆਰਾ
ਪ੍ਰਬੰਧਕ ਕਮੇਟੀ ਨਾਲ ਗੱਲਬਾਤ ਕਰਨ ਲਈ ਉਹ ਵਫਦ ਸਮੇਤ ਪਾਕਿਸਤਾਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੱਲਬਾਤ ਦਾ ਮੁੱਖ ਵਿਸ਼ਾ ਗੁਰਦੁਆਰਿਆਂ ਦੀ ਸੇਵਾ ਸੰਭਾਲ, ਸ਼੍ਰੋਮਣੀ ਕਮੇਟੀ ਦੇ ਗ੍ਰੰਥੀ, ਰਾਗੀ ਤੇ ਪ੍ਰਚਾਰਕ ਸਿੰਘਾਂ ਨੂੰ ਮਲਟੀਪਰਪਜ਼ ਵੀਜ਼ਾ ਦੇਣ, ਸ਼੍ਰੋਮਣੀ ਕਮੇਟੀ ਦੇ ਜਥਿਆਂ ਲਈ ਬਣਦਾ ਵੀਜਾ ਕੋਟਾ 60 ਫੀਸਦੀ ਬਹਾਲ ਕਰਨ, ਗੁਰਦੁਆਰਾ ਸਾਹਿਬਾਨ ਦੀ ਕਾਰਸੇਵਾ ਸ਼੍ਰੋਮਣੀ ਕਮੇਟੀ ਨੂੰ ਦੇਣ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼੍ਰੋਮਣੀ ਕਮੇਟੀ ਨੂੰ ਯਾਤਰੀ ਸਰਾਂ ਲਈ ਥਾਂ ਦੇਣ, ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੀ ਜ਼ਮੀਨ ਨਾ ਵੇਚਣ ਤੇ ਨਜਾਇਜ਼ ਕਾਬਜਕਾਰਾਂ ਪਾਸੋਂ ਜਮੀਨ ਛਡਵਾਉਣ ਅਤੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਪੁਰਬ ਮਨਾਉਣ, ਵੀਜ਼ਾ ਪ੍ਰਣਾਲੀ ਨੂੰ ਸਰਲ ਕਰਨ ਲਈ ਲਾਹੌਰ ਤੇ ਅੰਮ੍ਰਿਤਸਰ ਵਿਖੇ ਵੀਜਾ ਸੈਂਟਰ ਖੋਲ੍ਹਣ ਤੇ ਘੱਟ ਗਿੱਣਤੀ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਨਾਉਣ ਆਦਿ ਵਿਸਿਆਂ ਤੇ ਗੰਭੀਰਤਾ ਨਾਲ ਗੱਲਬਾਤ ਕੀਤੀ ਜਾਵੇਗੀ।
ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਹੈ ਅਤੇ 1920 ਵਿਚ ਜਦੋਂ ਤੋਂ ਹੋਂਦ ਵਿੱਚ ਆਈ ਹੈ ਉਦੋਂ ਤੋਂ ਸਿੱਖਾਂ ਦੇ ਕੌਮੀ ਮਸਲੇ ਹੱਲ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ’ਚ ਹੁਣ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਵੀ ਪਹਿਲ ਦੇ ਆਧਾਰ ਤੇ ਲਾਗੂ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀ ਪਾਲਣਾ ਕਰਨੀ ਹਰ ਸਿੱਖ ਦਾ ਮੁਢਲਾ ਫਰਜ਼ ਹੈ ਅਤੇ ਇਸ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਉਧਰ ਵਾਹਗਾ ਬਾਰਡਰ ਜੀਰੋ ਲਾਈਨ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਾਲ ਗਏ ਵਫਦ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ.ਮਨਜੀਤ ਸਿੰਘ, ਵਧੀਕ ਸਕੱਤਰ ਸ.ਦਿਲਜੀਤ ਸਿੰਘ ਬੇਦੀ, ਸ.ਮਹਿੰਦਰ ਸਿੰਘ ਆਹਲੀ ਤੇ ਸ.ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ.ਸੁਖਦੇਵ ਸਿੰਘ ਭੂਰਾਕੋਹਨਾ ਤੇ ਸ.ਜਸਪਾਲ ਸਿੰਘ, ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ.ਕੁਲਵਿੰਦਰ ਸਿੰਘ ਰਮਦਾਸ ਤੇ ਸ.ਪਰਵਿੰਦਰ ਸਿੰਘ, ਸੁਪ੍ਰਿੰਟੈਂਡੈਂਟ ਸ.ਹਰਮਿੰਦਰ ਸਿੰਘ ਮੂਧਲ ਵੱਲੋਂ ਸਤਿਕਾਰ ਸਹਿਤ ਰਵਾਨਾ ਕੀਤਾ ਗਿਆ। ਜੀਰੋ ਲਾਈਨ ਪਾਰ ਕਰਨ ਤੇ ਪਾਕਿਸਤਾਨ ਵਾਲੇ ਪਾਸੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਾਲ ਗਏ ਵਫਦ ਦਾ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ.ਰਮੇਸ਼ ਸਿੰਘ ਅਰੋੜਾ ਅਸੈਂਬਲੀ ਮੈਂਬਰ, ਸ.ਗੋਪਾਲ ਸਿੰਘ ਚਾਵਲਾ, ਸ.ਸ਼ਾਮ ਸਿੰਘ ਸਾਬਕਾ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਗ੍ਰੰਥੀ ਭਾਈ ਦਇਆ ਸਿੰਘ ਤੇ ਭਾਈ ਹਰਭਜਨ ਸਿੰਘ, ਪਾਕਿਸਤਾਨ ਓਕਾਫ਼ ਬੋਰਡ ਦੇ ਚੇਅਰਮੈਨ ਸ੍ਰੀ ਫਰਾਜ਼ ਅਬਾਸ ਨੇ ਫੁੱਲਾਂ ਦੇ ਹਾਰ ਪਾ ਕੇ ਅਤੇ ਜੈਕਾਰੇ ਲਗਾ ਕੇ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ।