Skip to content
Independent perspectives. Global stories.
BREAKING

ਸਾਰੇ ਸਿੱਖ ਨਜ਼ਰਬੰਦ ਰਿਹਾਅ ਹੋਣ

Share this story

ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਧਰਮਯੁੱਧ ਮੋਰਚੇ ਵਿੱਚ ਹਿੱਸਾ ਲੈਣ ਵਾਲੇ ਅੱਠ ਸਿੱਖ ਨਜ਼ਰਬੰਦਾਂ ਨੂੰ ਰਿਹਾਅ ਕਰਨ ਦਾ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਇਕ ਸਿੱਖ ਨਜ਼ਰਬੰਦ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਬਦਲੀ ਜਾ ਰਹੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਜ਼ਰੂਰੀ ਹਦਾਇਤਾਂ ਭੇਜ ਦਿੱਤੀਆਂ ਹਨ। ਕੇਂਦਰ ਸਰਕਾਰ ਦਾ ਇਹ ਵੱਡਾ ਅਤੇ ਸ਼ਲਾਘਾਯੋਗ ਫੈਸਲਾ ਹੈ। ਬੇਸ਼ਕ ਇਸ ਫੈਸਲੇ ਨਾਲ ਭਾਜਪਾ ਦੇ ਸਿਆਸੀ ਹਿੱਤ ਵੀ ਜੁੜੇ ਹੋਏ ਹਨ ਪ੍ਰੰਤੂ ਫਿਰ ਵੀ ਇਸ ਦੀ ਪ੍ਰਸੰਸਾ ਹੋਣੀ ਚਾਹੀਦੀ ਹੈ। ਰਿਹਾਅ ਕੀਤੇ ਜਾਣ ਵਾਲੇ ਇਹ ਸਾਰੇ ਸਿੱਖ ਨਜ਼ਰਬੰਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਦਹਾਕਿਆਂ ਤੋਂ ਬੰਦ ਹਨ ਅਤੇ ਸਾਰੇ ਨਜ਼ਰਬੰਦ ਜ਼ਿੰਦਗੀ ਦੇ ਆਖਰੀ ਪੜਾਅ ਵਿੱਚੋਂ ਗੁਜ਼ਰ ਰਹੇ ਹਨ। ਇਨ੍ਹਾਂ ਸਿੱਖ ਨਜ਼ਰਬੰਦਾਂ ਨੂੰ ਨਿਰਧਾਰਿਤ ਸਜ਼ਾ ਤੋਂ ਵੱਧ ਸਮਾਂ ਜੇਲ੍ਹ ਵਿੱਚ ਸੜਨਾ ਪਿਆ ਹੈ। ਇਸ ਮਾਮਲੇ ਨੂੰ ਲੈ ਕੇ ਸਿੱਖ ਪੰਥ ਵਿੱਚ ਭਾਰੀ ਰੋਸ ਹੈ। ਅਕਾਲੀ-ਭਾਜਪਾ ਸਰਕਾਰ ਸਮੇਂ ਸਿੱਖ ਭਾਈਚਾਰੇ ਵੱਲੋਂ ਇਸ ਸਬੰਧੀ ਆਪਣੀ ਜਦੋ-ਜਹਿਦ ਸ਼ੁਰੂ ਕੀਤੀ ਗਈ ਸੀ। ਇਸ ਜਦੋ-ਜਹਿਦ ਭਾਈ ਗੁਰਬਖਸ਼ ਸਿੰਘ ਅਤੇ ਜਥੇਦਾਰ ਸੂਰਤ ਸਿੰਘ ਖਾਲਸਾ ਵੱਲੋਂ ਵੀ ਯੋਗਦਾਨ ਪਾਇਆ ਗਿਆ। ਸਜ਼ਾ ਪੂਰੀ ਕਰ ਚੁੱਕੇ ਸਿੱਖ ਨਜ਼ਰਬੰਦਾਂ ਨੂੰ ਰਿਹਾਅ ਕਰਵਾਉਣ ਲਈ ਦੇਸ਼-ਵਿਦੇਸ਼ ‘ਚ ਸਿੱਖ ਪੰਥ ਲੰਬੇ ਸਮੇਂ ਤੋਂ ਆਵਾਜ਼ ਉਠਾਅ ਰਿਹਾ ਹੈ। ਇਹ ਮਾਨਵੀ ਅਧਿਕਾਰਾਂ ਦਾ ਵੀ ਮਾਮਲਾ ਹੈ। ਕੇਂਦਰ ਸਰਕਾਰ ਨੇ ਸਾਰੇ ਸਿੱਖ ਨਜ਼ਰਬੰਦਾਂ ਨੂੰ ਰਿਹਾਅ ਕਰਨ ਦੀ ਥਾਂ ਸਿਰਫ ਅੱਠ ਨਜ਼ਰਬੰਦਾਂ ਨੂੰ ਰਿਹਾਅ ਕਰਕੇ ਮਾਮਲੇ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਬੇਸ਼ਕ ਇਹ ਇਕ ਚੰਗੀ ਸ਼ੁਰੂਆਤ ਹੈ ਪ੍ਰੰਤੂ ਇਹ ਅਧੂਰਾ ਇਨਸਾਫ ਹੈ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜੇਲ੍ਹਾਂ ਵਿੱਚ ਬੰਦ ਸਾਰੇ ਸਿੱਖ ਨਜ਼ਰਬੰਦਾਂ ਨੂੰ ਤੁਰੰਤ ਰਿਹਾਅ ਕਰੇ। ਇਹ ਗੱਲ ਸਭ ਨੂੰ ਭਲੀ-ਭਾਂਤ ਪਤਾ ਹੈ ਕਿ ਸਿੱਖ ਧਰਮ ਯੁੱਧ ਮੋਰਚੇ ਵਿੱਚ ਹਿੱਸਾ ਲੈਣ ਵਾਲੇ ਗੁਰਸਿੱਖਾਂ ਉੱਪਰ ਉਸ ਵੇਲੇ ਸਰਕਾਰ ਵੱਲੋਂ ਝੂਠੇ ਅਤੇ ਮਨਘੜਤ ਕੇਸ ਦਰਜ ਕੀਤੇ ਗਏ ਸਨ। ਸਿਆਸੀ ਰੰਜਸ਼ ਕਾਰਨ ਇਨ੍ਹਾਂ ਝੂਠੇ ਕੇਸਾਂ ਵਿੱਚ ਹੀ ਸੈਂਕੜੇ ਸਿੱਖਾਂ ਨੂੰ ਜੇਲ੍ਹਾਂ ਵਿੱਚ ਸੜਨਾ ਪਿਆ। ਇਨਸਾਫ ਦਾ ਤਕਾਜ਼ਾ ਇਸ ਗੱਲ ਦੀ ਮੰਗ ਕਰਦਾ ਹੈ ਕਿ ਕੇਂਦਰ ਸਰਕਾਰ ਸਿੱਖ ਭਾਈਚਾਰੇ ਨੂੰ ਪੂਰਾ ਇਨਸਾਫ ਦੇਵੇ ਅਤੇ ਸਾਰੇ ਨਜ਼ਰਬੰਦ ਸਿੱਖਾਂ ਨੂੰ ਬਿਨਾਂ ਕਿਸੇ ਵਿਤਕਰੇ ਅਤੇ ਸ਼ਰਤ ਰਿਹਾਅ ਕੀਤਾ ਜਾਵੇ। ਇਸ ਦੇ ਨਾਲ ਹੀ ਨਜ਼ਰਬੰਦ ਸਿੱਖਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਯਤਨ ਕੀਤੇ ਜਾਣ। ਸਾਰੀਆਂ ਸਿੱਖ ਜਥੇਬੰਦੀਆਂ ਨੂੰ ਇਸ ਸਬੰਧੀ ਆਵਾਜ਼ ਉਠਾਉਣੀ ਚਾਹੀਦੀ ਹੈ ਤਾਂ ਜੋ ਕੌਮ ਲਈ ਦਹਾਕਿਆਂ ਤੱਕ ਜੇਲ੍ਹਾਂ ਕੱਟਣ ਵਾਲੇ ਸਿੱਖ ਨਜ਼ਰਬੰਦਾਂ ਨੂੰ ਕੁਝ ਰਾਹਤ ਮਿਲ ਸਕੇ।
– ਬਲਜੀਤ ਸਿੰਘ ਬਰਾੜ

WRITTEN BY