ਮੰਡੀ ਗੋਬਿੰਦਗੜ੍ਹ, 30 ਸਤੰਬਰ (ਮਨੋਜ ਭੱਲਾ)- ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਨਵੀਆਂ ਸਰਕਾਰੀ ਬੱਸਾਂ ਚਲਾਏਗੀ ਅਤੇ ਗੁਰੂ ਨਾਨਕ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੀ ਨਵੰਬਰ ਤੋਂ ਫਤਹਿਗੜ੍ਹ ਸਾਹਿਬ ਤੋਂ ਡੇਰਾ ਬਾਬਾ ਨਾਨਕ ਲਈ ਸਿੱਧੀ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਇਹ ਐਲਾਨ ਟਰਾਂਸਪੋਰਟ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਪੰਜਾਬ, ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਅਨਾਜ ਮੰਡੀ ਸਰਹਿੰਦ ਨਜ਼ਦੀਕ ਡੇਢ ਏਕੜ ਵਿੱਚ 03.50 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਬਾਬਾ ਬੰਦਾ ਸਿੰਘ ਬਹਾਦਰ ਬੱਸ ਸਟੈਂਡ, ਸਰਹਿੰਦ-ਫਤਹਿਗੜ੍ਹ ਸਾਹਿਬ ਨੂੰ ਲੋਕਾਂ ਨੂੰ ਸਮਰਪਿਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਹਲਕਾ ਫਤਹਿਗੜ੍ਹ ਸਾਹਿਬ ਵਿਖੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ । ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਸਥਿਤ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਦੀਆਂ ਸਰਕਾਰੀ ਬੱਸਾਂ ਪੁੱਜਣੀਆਂ ਯਕੀਨੀ ਬਨਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਨਾਲ ਪੰਜਾਬ ਦੀਆਂ ਬੱਸਾਂ ਨੂੰ ਅਜਿਹੀ ਅਤਿ ਆਧੁਨਿਕ ਪ੍ਰਣਾਲੀ ਨਾਲ ਲੈਸ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਲੋਕੇਸ਼ਨ ਅਤੇ ਰਫਤਾਰ ਟਰੇਸ ਕੀਤੀ ਜਾ ਸਕੇ। ਇਸੇ ਪ੍ਰਣਾਲੀ ਤਹਿਤ ਬੱਸਾਂ ਦਾ ਬੱਸ ਅੱਡਿਆਂ ਵਿੱਚ ਦਾਖਲ ਹੋਣਾ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਨਵੇਂ ਬੱਸ ਸਟੈਂਡ ਤੋਂ ਬੱਸਾਂ ਚੱਲਣ ਦੀ ਸ਼ੁਰੂਆਤ ਚੰਡੀਗੜ੍ਹ ਜਾਣ ਵਾਲੀ ਪੀ.ਆਰ.ਟੀ.ਸੀ. ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤੀ। ਨਵੇਂ ਬੱਸ ਸਟੈਂਡ ਨੂੰ ਲੋਕਾਂ ਨੂੰ ਸਮਰਪਿਤ ਕਰਨ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਦੇ ਸਲਾਹਕਾਰ ਤੇ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਹਲਕੇ ਵਿੱਚ 400 ਕਰੋੜ ਤੋਂ ਵੱਧ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਇਸ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਵਿਚੋਂ ਅੱਵਲ ਹਲਕਾ ਬਣਾਇਆ ਜਾਵੇਗਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਕਾਸ ਲਈ 60 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਿਕ ਇਤਿਹਾਸਕ ਧਰਤੀ ਫਤਹਿਗੜ੍ਹ ਸਾਹਿਬ ਦੀ ਗੱਲ ਸੰਸਦ ਵਿੱਚ ਕੀਤੀ, ਜਿਸ ’ਤੇ ਕੇਂਦਰ ਸਰਕਾਰ ਵੱਲੋਂ ਇਸ ਇਤਿਹਾਸਕ ਧਰਤੀ ਨੂੰ ਵਿਸ਼ਵ ਪੱਧਰ ’ਤੇ ਉਭਾਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਉਹ ਆਪਣੇ ਯਤਨ ਲਗਾਤਾਰ ਜਾਰੀ ਰੱਖਣਗੇ ਤੇ ਸੰਸਦੀ ਹਲਕੇ ਦੀ ਆਵਾਜ਼ ਸੰਸਦ ਵਿੱਚ ਉਠਾਉਂਦੇ ਰਹਿਣਗੇ। ਇਸ ਮੌਕੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਚੇਅਰਮੈਨ ਸ਼੍ਰੀ ਕੇ.ਕੇ. ਸ਼ਰਮਾ ਨੇ ਕਿਹਾ ਕਿ ਪੀ.ਆਰ.ਟੀ.ਸੀ. ਵੱਲੋਂ ਬਣਾਇਆ ਗਿਆ ਇਹ ਬੱਸ ਸਟੈਂਡ ਰਿਕਾਰਡ ਸਮੇਂ ਵਿੱਚ ਪੂਰਾ ਕੀਤਾ ਗਿਆ ਹੈ।



