ਪੰਜਾਬ ਵਿੱਚ ਸਰਕਾਰੀ ਦਾਅਵਿਆਂ ਦੇ ਬਾਵਜੂਦ ਨਸ਼ਿਆਂ ਦੀ ਲਾਅਨਤ ਨੂੰ ਹਾਲੇ ਤੱਕ ਪੂਰੀ ਤਰ੍ਹਾਂ ਠੱਲ੍ਹ ਨਹੀਂ ਪਾਈ ਜਾ ਸਕੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਸ ਸਬੰਧੀ ਇਹ ਕਹਿਣਾ ਵੱਡੀ ਅਹਿਮੀਅਤ ਰੱਖਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨਾਲ ਸਿੱਝਣ ਲਈ ਕੀਤੀ ਪੇਸ਼ਕਦਮੀ ਸਹੀ ਦਿਸ਼ਾ ‘ਚ ਅੱਗੇ ਵੱਧ ਰਹੀ ਹੈ। ਮੁੱਖ ਮੰਤਰੀ ਸਾਹਿਬ ਲਗਾਤਾਰ ਇਸ ਮੁੱਦੇ ‘ਤੇ ਸਰਗਰਮੀ ਦਿਖਾ ਰਹੇ ਹਨ। ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦਾ ਚੋਣ ਵਾਅਦਾ ਕੀਤਾ ਸੀ। ਆਪਣੇ ਚੋਣ ਵਾਅਦੇ ਮੁਤਾਬਿਕ ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਆਉਣ ਪਿੱਛੋਂ ਇਕ ਹਫਤੇ ਦੇ ਅੰਦਰ ਹੀ ਕੈਪਟਨ ਸਾਹਿਬ ਦੀਆਂ ਹਿਦਾਇਤਾਂ ਮੁਤਾਬਿਕ ਨਸ਼ਾ ਤਸਕਰਾਂ ਦਾ ਲੱਕ ਤੋੜਨ ਲਈ ਕਾਰਵਾਈ ਆਰੰਭ ਦਿੱਤੀ ਗਈ ਸੀ। ਸਰਕਾਰੀ ਅੰਕੜੇ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਹੁਣ ਤੱਕ ਨਸ਼ਾ ਤਸਕਰਾਂ ਖ਼ਿਲਾਫ਼ 31 ਹਜ਼ਾਰ ਤੋਂ ਵੱਧ ਕੇਸ ਦਰਜ ਕੀਤੇ ਜਾ ਚੁੱਕੇ ਹਨ। ਨਸ਼ਿਆਂ ਦੀ ਤਸਕਰੀ ਅਤੇ ਕਾਲੇ ਕਾਰੋਬਾਰ ਨਾਲ ਜੁੜੇ 38,117 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਅੰਕੜਾ ਆਪਣੇ ਆਪ ਵਿੱਚ ਬਹੁਤ ਵੱਡਾ ਅਤੇ ਅਰਧ ਭਰਪੂਰ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਪਿਛਲੇ ਢਾਈ ਸਾਲਾਂ ਤੋਂ ਪੂਰੀ ਤਾਕਤ ਨਾਲ ਕਾਰਵਾਈ ਕਰ ਰਹੀ ਹੈ। ਇਸ ਦਾ ਡੂੰਘਾ ਅਸਰ ਵੀ ਹੋਇਆ ਹੈ। ਪੰਜਾਬ ਵਿੱਚ ਨਸ਼ਿਆਂ ਦਾ ਪ੍ਰਕੋਪ ਕੁਝ ਹੱਦ ਤੱਕ ਘਟਿਆ ਹੈ। ਨਸ਼ਾ ਤਸਕਰਾਂ ਦੀ ਖੁੱਲ੍ਹੇ ਰੂਪ ਵਿੱਚ ਸਰਗਰਮੀ ਲਗਭਗ ਬੰਦ ਹੋ ਗਈ ਹੈ। ਸਭ ਤੋਂ ਅਹਿਮ ਗੱਲ ਇਹ ਹੈ ਕਿ ਹੁਣ ਨਸ਼ਾ ਤਸਕਰਾਂ ਦੀ ਸਿਆਸੀ ਨੇਤਾਵਾਂ ਨਾਲ ਮਿਲੀਭੁਗਤ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ। ਕੁਝ ਕੌਮੀ ਅਤੇ ਕੌਮਾਂਤਰੀ ਕਾਰਨਾਂ ਕਰਕੇ ਪੰਜਾਬ ਵਿੱਚ ਹਾਲੇ ਵੀ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ। ਇਸ ਨੂੰ ਠੱਲ੍ਹ ਪਾਉਣ ਲਈ ਵੱਡੇ ਯਤਨ ਹੋਣੇ ਚਾਹੀਦੇ ਹਨ। ਭਾਰਤ ਸਰਕਾਰ ਦੀ ਮਦਦ ਅਤੇ ਸਹਿਯੋਗ ਤੋਂ ਬਿਨਾਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਠੱਲ੍ਹਿਆ ਨਹੀਂ ਜਾ ਸਕਦਾ। ਪੰਜਾਬ ਸਰਕਾਰ ਵੱਲੋਂ ਉੱਤਰੀ ਜ਼ੋਨਲ ਕੌਂਸਲ ਦੀ ਹਾਲੀਆ ਮੀਟਿੰਗ ਮੌਕੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੂੰ ਸੁਝਾਅ ਦਿੱਤਾ ਗਿਆ ਸੀ ਕਿ ਨਸ਼ਿਆਂ ਖਿਲਾਫ ਸਖਤ ਕਾਰਵਾਈ ਲਈ ਫੌਰੀ ਤੌਰ ‘ਤੇ ਕੌਮੀ ਡਰੱਗ ਨੀਤੀ ਬਣਾਈ ਜਾਵੇ। ਨਵੀਂ ਨੀਤੀ ਨਾਲ ਨਸ਼ਿਆਂ ਖਿਲਾਫ ਵਧੇਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਨਜਿਠਿਆ ਜਾ ਸਕਦਾ ਹੈ।
– ਬਲਜੀਤ ਸਿੰਘ ਬਰਾੜ



