ਰਾਸ਼ਟਰੀ ਏਕਤਾ, ਆਖੰਡਤਾ ਅਤੇ ਸੁਰੱਖਿਆ ਬਰਕਰਾਰ ਰੱਖਣ ਦੀ ਚੁਕਾਈ ਸਹੁੰ
ਬਠਿੰਡਾ 31 ਅਕਤੂਬਰ (ਗੁਰਮੀਤ ਸੇਮਾ)- ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਉਂਦੇ ਹੋਏ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ‘ਚ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ਼੍ਰੀ ਵਰਿੰਦਰ ਸਿੰਘ ਵੱਲੋਂ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਾਸ਼ਟਰ ਦੀ ਏਕਤਾ, ਆਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਖੁਦ ਨੂੰ ਸਮਰਪਿਤ ਕਰਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਸ਼੍ਰੀ ਵਰਿੰਦਰ ਸਿੰਘ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੇ ਮਨਾਂ ਅੰਦਰ ਦੇਸ਼ ਦੀ ਏਕਤਾ ਦੀ ਭਾਵਨਾ ਪ੍ਰਪੱਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਨੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਦੇਸ਼ ਦੀ ਏਕਤਾ ਦੀ ਮਜ਼ਬੂਤੀ ਲਈ ਮਹਾਨ ਕਾਰਜ ਕੀਤਾ। ਉਨ੍ਹਾਂ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਸਮਾਜ ਵਿੱਚ ਏਕਤਾ ਬਰਕਰਾਰ ਰੱਖਣ ਲਈ ਇਕ-ਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਦੌਰਾਨ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਣ ਲਿਆ।



