ਮੰਤਰੀ ਮੰਡਲ ਵੱਲੋਂ ਹੋਰ ਕਈ ਅਹਿਮ ਫ਼ੈਸਲੇ
ਚੰਡੀਗੜ੍ਹ, 1 ਨਵੰਬਰ-ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ 15ਵੀਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਸਭ ਰਸਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਹੜਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਨਵੰਬਰ ਨੂੰ ਬੁਲਾਇਆ ਜਾ ਰਿਹਾ ਹੈ। ਇਸ ਸੈਸ਼ਨ ਦੀ ਪ੍ਰਧਾਨਗੀ ਦੇਸ਼ ਦੇ ਉੱਪ ਰਾਸ਼ਟਰਪਤੀ ਵੈਂਕੱਈਆ ਨਾਇਡੂ ਵੱਲੋਂ ਕੀਤੀ ਜਾਵੇਗੀ। ਇਹ ਵਿਸ਼ੇਸ਼ ਸੈਸ਼ਨ ਪਹਿਲੇ ਸਿੱਖ ਗੁਰੂ ਜੀ ਦੇ ਫਲਸਫੇ ਅਤੇ ਸਿੱਖਿਆਵਾਂ ਦੇ ਪ੍ਰਚਾਰ ਤੇ ਪਸਾਰ ਕਰਨ ਲਈ ਬੁਲਾਇਆ ਗਿਆ ਹੈ। 6 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਇਹ ਸੈਸ਼ਨ ਬੁਲਾਇਆ ਗਿਆ ਹੈ, ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਵੀ ਸ਼ਾਮਿਲ ਹੋਣਗੇ। ਇਸ ਦੌਰਾਨ ਪੰਜਾਬ ਵਜ਼ਾਰਤ ਨੇ ਸਰਵ ਸੰਮਤੀ ਨਾਲ ਮਤਾ ਪਾਸ ਕਰਦਿਆਂ ਸ਼ਾਂਤੀ ਤੇ ਅੰਤਰ ਧਰਮ ਸਹਿ ਹੋਂਦ ਨੂੰ ਉਤਸ਼ਾਹਤ ਕਰਨ ਲਈ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਦੇ ਹਿੱਸੇ ਵਜੋਂ ‘ਸ੍ਰੀ ਗੁਰੂ ਨਾਨਕ ਦੇਵ ਜੀ ਐਵਾਰਡ’ ਸ਼ੁਰੂ ਕਰਨ ਦਾ ਫੈਸਲਾ ਕੀਤਾ। ਇਸ ਐਵਾਰਡ ਵਿੱਚ ਇਕ ਸਨਮਾਨ ਪੱਤਰ ਤੇ 11 ਲੱਖ ਰੁਪਏ ਦਾ ਨਗਦ ਇਨਾਮ ਸ਼ਾਮਿਲ ਹੋਵੇਗਾ। ਇਹ ਐਵਾਰਡ ਹਰ ਸਾਲ ਦਿੱਤਾ ਜਾਵੇਗਾ ਅਤੇ ਇਸ ਐਵਾਰਡ ਲਈ ਚੋਣ ਜਿਊਰੀ ਵੱਲੋਂ ਕੀਤੀ ਜਾਵੇਗੀ ਜੋ ਕਿ ਸੂਬਾ ਸਰਕਾਰ ਵੱਲੋਂ ਬਣਾਈ ਜਾਵੇਗੀ।ਸੀ.ਐਸ.ਆਰ. ਅਥਾਰਟੀ ਦੇ ਗਠਨ ਨੂੰ ਹਰੀ ਝੰਡੀ- ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਦੀਆਂ ਗਤੀਵਿਧੀਆਂ ਨੂੰ ਨਵੀਆਂ ਲੀਹਾਂ ‘ਤੇ ਪਾਉਣ ਅਤੇ ਸਾਰੇ ਭਾਈਵਾਲਾਂ ਦੀ ਸ਼ਮੂਲੀਅਤ ਲਈ ਇੱਕ ਨਿਰਪੱਖ ਮੰਚ ਸਿਰਜਣ ਦੇ ਯਤਨ ਵਜੋਂ ਪੰਜਾਬ ਮੰਤਰੀ ਮੰਡਲ ਨੇ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਲਾਹਕਾਰੀ ਬੋਰਡ ਅਤੇ ਮੁੱਖ ਸਕੱਤਰ ਦੀ ਅਗਵਾਈ ਵਿੱਚ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਅਥਾਰਟੀ ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਬੋਰਡ ਅਤੇ ਅਥਾਰਟੀ ਸੀ.ਐਸ.ਆਰ. ਦੇ ਫੰਡਾਂ ਨੂੰ ਸਰਕਾਰ ਦੀਆਂ ਵਿਕਾਸ ਮੁਖੀ ਤਰਜੀਹਾਂ ਮੁਤਾਬਿਕ ਅਤਿ ਲੋੜੀਂਦੇ ਸੈਕਟਰਾਂ ਅਤੇ ਪ੍ਰੋਜੈਕਟਾਂ ਵਿੱਚ ਵਿਧੀਬੱਧ ਰੂਪ ਵਿੱਚ ਵਰਤਣ ਨੂੰ ਯਕੀਨੀ ਬਣਾਉਣਗੇ। ਇੱਕ ਹੋਰ ਫ਼ੈਸਲਾ ਲੈਂਦਿਆਂ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਸਟੇਟ ਲੈਜਿਸਲੇਚਰ (ਪ੍ਰੀਵੈਨਸ਼ਨ ਆਫ ਡਿਸਕੁਆਲੀਫਿਕੇਸ਼ਨ) ਐਕਟ 1952 ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਮੁੱਖ ਮੰਤਰੀ ਦੇ ਯੋਜਨਾ ਅਤੇ ਸਿਆਸੀ ਮਸਲਿਆਂ ਦੇ ਸਲਾਹਕਾਰਾਂ ਨੂੰ ਲਾਭ ਦੇ ਅਹੁਦੇ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਹਰ ਰੱਖਿਆ ਜਾ ਸਕੇਗਾ। ਐਕਟ ਦੀ ਧਾਰਾ 2 ਵਿੱਚ ਸੋਧ ਦਾ ਬਿੱਲ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ।ਇਕ ਹੋਰ ਫੈਸਲੇ ਵਿੱਚ, ਮੰਤਰੀ ਮੰਡਲ ਨੇ ਪੰਜਾਬ ਰਾਜ ਅਨੂਸੁਚਿਤ ਜਾਤੀਆਂ ਕਮਿਸ਼ਨ (ਸੋਧ) ਆਰਡੀਨੈਂਸ 2019 ਨੂੰ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿੱਚ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਾਨੂੰਨ ਨਾਲ ਕਮਿਸ਼ਨ ਦੇ ਚੇਅਰਪਰਸਨ ਦੀ ਨਿਯੁਕਤੀ ਲਈ ਉਮਰ ਹੱਦ ਮੌਜੂਦਾ 70 ਸਾਲ ਤੋਂ 72 ਸਾਲ ਹੋ ਜਾਵੇਗੀ।



