ਹਰਸਿਮਰਤ ਕੌਰ ਬਾਦਲ ਦੇ ਕੈਬਨਿਟ ਮੰਤਰੀ ਬਣਨ ਨਾਲ ਪੰਜਾਬ ਨੂੰ ਮਿਲਿਆ ਵੱਡਾ ਮਾਣ: ਸੋਹਣ ਸਿੰਘ ਠੰਡਲ
ਚੰਡੀਗੜ੍ਹ/ਨਵੀਂ ਦਿੱਲੀ, 27 ਮਈ (ਪੀ.ਟੀ.)-ਭਾਰਤ ਦੇ 15ਵੇਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਬਣੀ ਐਨ.ਡੀ.ਏ. ਦੀ ਕੇਂਦਰ ਸਰਕਾਰ ਵਿੱਚ ਸ਼੍ਰੋਮਣੀ ਅਕਾਲੀ ਦੀ ਬਠਿੰਡਾ ਤੋਂ ਸੰਸਦ ਮੈਂਬਰ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੂੰ ਕੈਬਨਿਟ ਮੰਤਰੀ ਵਜੋਂ ਸ਼ਾਮਲ ਕੀਤੇ ਜਾਣ ’ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਸੰਸਦੀ ਸਕੱਤਰ ਸ. ਸੋਹਣ ਸਿੰਘ ਠੰਡਲ ਦੀ ਅਗਵਾਈ ਵਿੱਚ ਵਿਧਾਇਕਾਂ ਅਤੇ ਹੋਰਨਾਂ ਆਗੂਆਂ ਨੇ ਪਾਰਟੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਨਵੀਂ ਦਿੱਲੀ ਵਿਖੇ ਮਿਲ ਕੇ ਵਧਾਈ ਦਿੱਤੀ। ਸੁਖਬੀਰ ਸਿੰਘ ਬਾਦਲ ਨੇ 12, ਸਫਦਰਜ਼ੰਗ ਰੋਡ ਸਥਿਤ ਰਿਹਾਇਸ਼ ਵਿਖੇ ਇਨ੍ਹਾਂ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਐਨ.ਡੀ.ਏ. ਸਰਕਾਰ ਦੇ
ਗਠਨ ਲਈ ਸਮੁੱਚੀ ਪਾਰਟੀ ਲੀਡਰਸ਼ਿਪ ਅਤੇ ਵਰਕਰ ਵਧਾਈ ਦੇ ਹੱਕਦਾਰ ਹਨ। ਇਸ ਮੌਕੇ ਸ. ਸੋਹਣ ਸਿੰਘ ਠੰਡਲ ਨੇ ਜ਼ਿਕਰ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਐਨ.ਡੀ.ਏ. ਦਾ ਸਭ ਤੋਂ ਪੁਰਾਣਾ ਤੇ ਭਰੋਸੇਯੋਗ ਭਾਈਵਾਲ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਰਿਸ਼ਤਾ ਨਹੁੰ-ਮਾਸ ਦਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਕੈਬਨਿਟ ਵਿੱਚ ਜਗ੍ਹਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਅਣਥੱਕ ਸੇਵਾਵਾਂ ਅਤੇ ਲੰਬੇ ਸਾਥ ਦੀ ਕਦਰ ਪਾਈ ਹੈ।
ਇਸ ਮੌਕੇ ਸ. ਸੋਹਣ ਸਿੰਘ ਠੰਡਲ ਨਾਲ ਮੁੱਖ ਤੌਰ ’ਤੇ ਵਿਧਾਇਕ ਸ੍ਰੀ ਪ੍ਰੇਮ ਮਿੱਤਲ, ਵਿਧਾਇਕ ਸ. ਗਰਤੇਜ ਸਿੰਘ ਘੁੜਿਆਣਾ, ਸਾਬਕਾ ਵਿਧਾਇਕ ਸ੍ਰੀ ਮੰਗਤ ਰਾਏ ਬਾਂਸਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਸ. ਰਵਿੰਦਰ ਸਿੰਘ ਠੰਡਲ ਉਚੇਚੇ ਤੌਰ ’ਤੇ ਹਾਜ਼ਰ ਸਨ।



