ਅੰਮ੍ਰਿਤਸਰ ਤੇ ਬਠਿੰਡਾ ਵਿਖੇ ਨਵੀਆਂ ਮੱਛੀ ਮੰਡੀਆਂ ਸਥਾਪਤ ਹੋਣਗੀਆਂ
ਚੰਡੀਗੜ੍ਹ, 28 ਮਈ (ਪੀ.ਟੀ. ਬਿਊਰੋ)-ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਲੁਧਿਆਣਾ ਜ਼ਿਲ੍ਹੇ ਵਿੱਚ ਲਾਡੋਵਾਲ ਵਿਖੇ 100 ਏਕੜ ਰਕਬੇ ਵਿੱਚ ਮੈਗਾ ਫੂਡ ਪਾਰਕ ਸਥਾਪਤ ਕਰਨ ਲਈ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਪ੍ਰਸਤਾਵ ਨੂੰ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਇੱਥੇ ਆਪਣੇ ਨਿਵਾਸ ’ਤੇ ਲੰਘੀ ਸ਼ਾਮ ਇਕ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਐਗਰੋ ਦੇ ਐਮ.ਡੀ. ਨੂੰ ਇਸ ਸਬੰਧ ਵਿੱਚ ਵਿਸਥਾਰਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ) ਨੂੰ ਅੰਤਮ ਰੂਪ ਦੇਣ ਤਾਂ ਕਿ ਇਹ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ
ਮੰਤਰਾਲੇ ਕੋਲ ਸੌਂਪੀ ਜਾ ਸਕੇ। ਸੂਬਾ ਸਰਕਾਰ ਵੱਲੋਂ ਇਸ ਪ੍ਰਾਜੈਕਟ ’ਤੇ 150 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਅਹਿਮ ਪ੍ਰਾਜੈਕਟ ਬਾਰੇ ਵਿਸਥਾਰ ਵਿੱਚ ਵਿਚਾਰ-ਚਰਚਾ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਤਿੰਨ ਮਹੀਨਿਆਂ ਦੇ ਵਿੱਚ ਸਮੁੱਚੀ ਯੋਜਨਾ ਤੇ ਨਾਲੋ-ਨਾਲ ਲੋੜੀਂਦੀਆਂ ਪ੍ਰਵਾਨਗੀਆਂ ਮੁਕੰਮਲ ਕਰ ਲਈਆਂ ਜਾਣ। ਉਨ੍ਹਾਂ ਨੇ ਇਹ ਵੀ ਹਦਾਇਤ ਦਿੱਤੀ ਕਿ ਇਸ ਮੈਗਾ ਫੂਡ ਪਾਰਕ ਲਈ ਨਾਮੀਂ ਕੰਪਨੀਆਂ ਨੂੰ ਜ਼ਮੀਨ ਅਲਾਟ ਕਰਨ ਦੇ ਸਬੰਧ ਵਿੱਚ ਨੀਤੀ ਨੂੰ ਅੰਤਮ ਰੂਪ ਦਿੱਤਾ ਜਾਵੇ ਜੋ ਸਮਾਂਬੱਧ ਸੀਮਾ ਵਿੱਚ ਵੱਡੀ ਪੱਧਰ ’ਤੇ ਨਿਵੇਸ਼ ਕਰਨ ਲਈ ਦ੍ਰਿੜ ਹੋਣ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੱਛੀ ਪਾਲਣ ਦੀ ਵੱਡੀ ਸਮਰਥਾ ਨੂੰ ਅਮਲ ਵਿੱਚ ਲਿਆਉਣ ਲਈ ਮੁੱਖ ਮੰਤਰੀ ਨੇ ਅੰਮ੍ਰਿਤਸਰ ਤੇ ਬਠਿੰਡਾ ਵਿੱਚ ਦੋ ਨਵੇਂ ਅਤਿ ਆਧੁਨਿਕ ਮੱਛੀ ਮੰਡੀਆਂ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜੋ ਪਹਿਲਾਂ ਹੀ ਲੁਧਿਆਣਾ ਲਈ ਪ੍ਰਵਾਨ ਕੀਤੀ ਮੰਡੀ ਦੀ ਤਰਜ਼ ’ਤੇ ਬਣਾਈਆਂ ਜਾਣਗੀਆਂ। ਸੂਬੇ ਦੇ ਮੱਛੀ ਪਾਲਕਾਂ ਨੂੰ ਚੇਨਈ ਅਤੇ ਭੁਬਨੇਸ਼ਵਰ ਵਿਖੇ ਸਥਿਤ ਕੌਮੀ ਮੱਛੀ ਸਿਖਲਾਈ ਸੰਸਥਾਵਾਂ ਵਿਖੇ ਭੇਜਿਆ ਜਾਵੇਗਾ।
ਇਸ ਮੌਕੇ ਵਿੱਤ ਕਮਿਸ਼ਨਰ ਵਿਕਾਸ ਸ੍ਰੀ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ, ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜੀ. ਵਜਰਾਲਿੰਗਮ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ, ਸਕੱਤਰ ਫੂਡ ਪ੍ਰੋਸੈਸਿੰਗ ਸ੍ਰੀ ਡੀ.ਐਸ. ਗਰੇਵਾਲ ਅਤੇ ਸਕੱਤਰ ਖੇਤੀਬਾੜੀ ਸ੍ਰੀ ਕਾਹਨ ਸਿੰਘ ਪੰਨੂੰ ਤੋਂ ਇਲਾਵਾ ਪਸ਼ੂ ਪਾਲਣ ਤੇ ਮੱਛੀ ਪਾਲਣ ਵਿਭਾਗਾਂ ਦੇ ਡਾਇਰੈਕਟਰ ਵੀ ਹਾਜ਼ਰ ਸਨ।



