April 23, 2026 12:27 am

ਪੰਜਾਬ ਸਰਕਾਰ ਐਸ. ਸੀ./ਐਸ.ਟੀ. ਐਕਟ ਤਹਿਤ ਪੀੜ੍ਹਤ ਪਰਿਵਾਰ ਨੂੰ ਦੇਵੇਗੀ ਮੁਆਵਜ਼ਾ

ਚੰਡੀਗੜ, 17 ਨਵੰਬਰ- ਜਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਵਿਖੇ ਕੁਝ ਵਿਅਕਤੀਆਂ ਵਲੋਂ ਦਲਿਤ ਨੌਜਵਾਨ ਦੀ ਕੁੱਟ-ਮਾਰ ਮਗਰੋਂ ਹੋਈ ਮੌਤ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਸ਼ਾਮ ਪੀ ਜੀ ਆਈ ਚੰਡੀਗੜ੍ਹ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਦੀ ਤਰਫੋਂ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਘਟਨਾ ਤੇ ਡੂੰਘਾ ਦੁੱਖ ਜਾਹਰ ਕਰਦਿਆਂ ਉਚ ਅਧਿਕਾਰੀਆਂ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਸ੍ਰੀ ਧਰਮਸੋਤ ਨੇ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਤਰਫੋਂ ਹਰ ਸੰਭਵ ਮਦਦ ਦੇਣ ਦਾ ਵਿਸਵਾਸ ਦਿਵਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਐਸ.ਸੀ/ਐਸ.ਟੀ ਐਕਟ ਤਹਿਤ ਪੀੜਤ ਪਰਿਵਾਰ ਨੂੰ 8.15 ਲੱਖ ਰੁਪਏ ਦੀ ਰਾਸ਼ੀ ਮੁਆਵਜੇ ਵਜੋਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇੱਕ ਪਰਿਵਾਰਕ ਮੈਂਬਰ ਨੂੰ 5 ਹਜਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਪ੍ਰਦਾਨ ਕੀਤੀ ਜਾਵੇਗੀ। ਸ. ਧਰਮਸੋਤ ਨੇ ਆਖਿਆ ਕਿ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਲਈ ਜਲਦੀ ਹੀ ਢੁਕਵੇਂ ਕਦਮ ਚੁੱਕੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਬੇਹੱਦ ਘਿਨੌਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਲਹਿਰਾਗਾਗਾ, ਜਿਲ੍ਹਾ ਸੰਗਰੂਰ ਦੇ ਐਸ.ਡੀ.ਐਮ. ਤੋਂ ਇਲਾਵਾ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

Send this to a friend