April 22, 2026 12:03 am

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮ੍ਰਿਤਕ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 6 ਲੱਖ ਰੁਪਏ ਦਾ ਚੈੱਕ ਸੌਪਿਆ

ਲਹਿਰਾਗਾਗਾ/ਸੰਗਰੂਰ, 19 ਨਵੰਬਰ (ਪਰਮਜੀਤ ਸਿੰਘ ਲੱਡਾ)- ਪੰਜਾਬ ਸਰਕਾਰ ਵੱਲੋਂ ਪਿੰਡ ਚੰਗਾਲੀਵਾਲਾ ਦੇ ਮ੍ਰਿਤਕ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਬੀਤੀ ਸ਼ਾਮ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਇਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਅਤੇ ਜ਼ਿਲ੍ਹੇ ਦੇ ਉੱਚ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਪਿੰਡ ਚੰਗਾਲੀਵਾਲਾ ਵਿਖੇ ਪਹੁੰਚ ਕੇ ਮ੍ਰਿਤਕ ਜਗਮੇਲ ਸਿੰਘ ਦੇ ਮਾਤਾ ਭਗਵਾਨ ਕੌਰ, ਪਤਨੀ ਮਨਜੀਤ ਕੌਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ 6 ਲੱਖ ਰੁਪਏ ਦਾ ਚੈਕ ਸੌਂਪਿਆ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਰਕਾਰ ਦੀ ਤਰਫੋਂ ਬਕਾਇਆ 14 ਲੱਖ ਰੁਪਏ ਮ੍ਰਿਤਕ ਦੇ ਭੋਗ ਵਾਲੇ ਦਿਨ ਪੀੜਤ ਪਰਿਵਾਰ ਨੂੰ ਦਿੱਤੇ ਜਾਣਗੇ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਪੀੜਤ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਪੀੜ੍ਹਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦੇਣ ਦੇ ਨਾਲ-ਨਾਲ ਕੀਤੇ ਗਏ ਹੋਰ ਵਾਅਦੇ ਵੀ ਸਮੇਂ ਸਿਰ ਪੂਰੇ ਕੀਤੇ ਜਾਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਸੱਤ ਦਿਨਾਂ ਦੇ ਅੰਦਰ-ਅੰਦਰ ਚਲਾਨ ਪੇਸ਼ ਕਰਕੇ ਇਸ ਦੁਖਾਂਤਕ ਘਟਨਾ ਲਈ ਜਿੰਮੇਵਾਰ ਦੋਸ਼ੀਆਂ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬਣਦੀ ਸਜ਼ਾ ਦਿਵਾਉਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਮ੍ਰਿਤਕ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਬੱਚਿਆ ਦੀ ਪੜ੍ਹਾਈ ਦਾ ਖਰਚਾ ਵੀ ਸਰਕਾਰ ਵੱਲੋਂ ਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਸਵਾ ਲੱਖ ਰੁਪਏ ਮਕਾਨ ਦੀ ਮੁਰੰਮਤ ਲਈ ਵੀ ਦਿੱਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਹੀ ਇਸ ਮੰਦਭਾਗੀ ਘਟਨਾ ਦਾ ਮਾਮਲਾ ਪੁਲਿਸ ਅਤੇ ਪ੍ਰਸ਼ਾਸਨ ਦੇ ਧਿਆਨ ‘ਚ ਆਇਆ ਤਾਂ ਫੌਰੀ ਕਾਰਵਾਈ ਅਮਲ ‘ਚ ਲਿਆਉਂਦੇ ਹੋਏ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਮਾਮਲੇ ਵਿੱਚ ਪੂਰੀ ਸਖ਼ਤੀ ਵਰਤੀ ਜਾਵੇ ਅਤੇ ਕਿਸੇ ਵੀ ਪੱਧਰ ‘ਤੇ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਇਹ ਇੱਕ ਅਣਮਨੁੱਖੀ ਅਤੇ ਜ਼ਾਲਮਾਨਾ ਘਟਨਾ ਹੈ ਅਤੇ ਪੀੜ੍ਹ੍ਹਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ਵਚਨਬੱਧ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ.ਪੀ ਸੰਦੀਪ ਗਰਗ, ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਰਜਿੰਦਰ ਸਿੰਘ ਰਾਜਾ, ਐਸ.ਡੀ.ਐਮ ਕਾਲਾਰਾਮ ਕਾਂਸਲ, ਐਸ.ਪੀ ਗੁਰਮੀਤ ਸਿੰਘ, ਡੀ.ਐਸ.ਪੀ ਬੂਟਾ ਸਿੰਘ, ਅਤੇ ਵਿਲੀਅਮਜੀਤ ਸਿੰਘ ਜੇਜੀ ਸਮੇਤ ਹੋਰ ਅਧਿਕਾਰੀ ਅਤੇ ਆਗੂ ਮੌਜੂਦ ਸਨ।

Send this to a friend