ਕਿਸੇ ਵੀ ਧਰਮ ਦੇ ਨਾਗਰਿਕ ਨੂੰ ਡਰਨ ਦੀ ਨਹੀਂ ਲੋੜ
ਚੰਡੀਗੜ੍ਹ, 20 ਨਵੰਬਰ- ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਆਖਿਆ ਹੈ ਕਿ ਨੈਸ਼ਨਲ ਰਜਿਸਟਰ ਆਫ ਸਿਟੀਜ਼ਨ (ਐਨਆਰਸੀ) ਪੂਰੇ ਦੇਸ਼ ਵਿੱਚ ਲਾਗੂ ਹੋ ਸਕਦਾ ਹੈ ਅਤੇ ਇਸ ਲਈ ਕਿਸੇ ਵੀ ਧਰਮ ਦੇ ਨਾਗਰਿਕ ਨੂੰ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਸੀ. ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਣ ਵਾਲੀ ਸਰਗਰਮੀ ਹੈ ਅਤੇ ਇਸ ਦੌਰਾਨ ਕਿਸੇ ਵੀ ਧਰਮ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਵੇਗਾ। ਕਾਂਗਰਸ ਆਗੂ ਸਈਅਦ ਨਾਸਿਰ ਹੁਸੈਨ ਵੱਲੋਂ ਇਹ ਪੁੱਛੇ ਜਾਣ ‘ਤੇ ਕਿ ਕੀ ਐਨ.ਆਰ.ਸੀ. 6 ਗੈਰ ਮੁਸਲਿਮ ਧਰਮਾਂ ਦੇ ਪ੍ਰਵਾਸੀਆਂ ਨੂੰ ਹੀ ਨਾਗਰਿਕਤਾ ਦੇਵੇਗਾ। ਇਸ ਦੇ ਜਵਾਬ ਵਿੱਚ ਸ਼੍ਰੀ ਸ਼ਾਹ ਨੇ ਕਿਹਾ ਕਿ ਸਿਟੀਜ਼ਨ ਸੋਧ ਬਿੱਲ 2016 ਅਤੇ ਐਨ.ਆਰ.ਸੀ. ਦੋ ਵੱਖ-ਵੱਖ ਮੁੱਦੇ ਹਨ। ਦੋਵਾਂ ਨੂੰ ਇੱਕ ਨਜ਼ਰ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਦੇ ਨਾਮ ਐਨ.ਆਰ.ਸੀ. ‘ਚ ਸ਼ਾਮਿਲ ਨਹੀਂ ਹੋਣਗੇ ਉਹ ਤਹਿਸੀਲ ਪੱਧਰ ‘ਤੇ ਬਣਾਏ ਜਾਣ ਵਾਲੇ ਟ੍ਰਿਬਿਊਨਲ ਤੱਕ ਪਹੁੰਚ ਕਰ ਸਕਦੇ ਹਨ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਜੰਮੂ ਕਸ਼ਮੀਰ ਦੀ ਸਥਿਤੀ ਬਾਰੇ ਗੱਲ ਕਰਦਿਆਂ ਦਾਅਵਾ ਕੀਤਾ ਕਿ 5 ਅਗਸਤ ਤੋਂ ਲੈ ਕੇ ਹੁਣ ਤੱਕ ਜੰਮੂ-ਕਸ਼ਮੀਰ ਵਿੱਚ ਹਿੰਸਾ ਦੀ ਕੋਈ ਵੱਡੀ ਵਾਰਦਾਤ ਨਹੀਂ ਹੋਈ।