April 23, 2026 5:18 am

ਪੰਜਾਬ ਸਰਕਾਰ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ : ਕੈਬਨਿਟ ਮੰਤਰੀ ਅਰੋੜਾ

ਸਿਵਲ ਹਸਪਤਾਲ ‘ਚ ਵਨ ਸਟਾਪ ਸੈਂਟਰ ਦੀ ਇਮਾਰਤ ਦਾ ਰੱਖਿਆ ਨੀਂਹ ਪੱਥਰ

ਹੁਸ਼ਿਆਰਪੁਰ, 25 ਨਵੰਬਰ (ਤਰਸੇਮ ਦੀਵਨਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਯਤਨਸ਼ੀਲ ਹੈ ਅਤੇ ਮਹਿਲਾਵਾਂ ਦੇ ਵਿਰੁੱਧ ਹਿੰਸਾ ਦੇ ਮੁਕੰਮਲ ਖਾਤਮੇ ਲਈ ਵਚਨਬੱਧ ਹੈ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਸਿਵਲ ਹਸਪਤਾਲ ਵਿੱਚ ਬਣਨ ਵਾਲੇ ਵਨ ਸਟਾਪ ਸੈਂਟਰ ਦੀ ਇਮਾਰਤ ਦਾ ਨੀਂਹ ਪੱਥਰ ਰੱਖਦਿਆਂ ਪ੍ਰਗਟ ਕੀਤੇ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਤੇ ਐਸ.ਐਸ.ਪੀ. ਸ਼੍ਰੀ ਗੌਰਵ ਗਰਗ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਤੇ ਬੱਚੀਆਂ ਦੀ ਭਲਾਈ ਲਈ ਚਲਾਇਆ ਜਾ ਰਿਹਾ ਵਨ ਸਟਾਪ ਸੈਂਟਰ ਸਰਕਾਰ ਦਾ ਇਕ ਨਿਵੇਕਲਾ ਉਪਰਾਲਾ ਹੈ, ਜਿਸ ਵਿੱਚ ਮਹਿਲਾਵਾਂ ਤੇ ਲੜਕੀਆਂ ਨੂੰ ਜ਼ਰੂਰਤ ਪੈਣ ‘ਤੇ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ, ਸਮਾਜਿਕ ਤੇ ਮਾਨਸਿਕ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ 37 ਲੱਖ 70 ਹਜ਼ਾਰ ਰੁਪਏ ਦੀ ਲਾਗਤ ਨਾਲ ਇਹ ਇਮਾਰਤ ਸਿਵਲ ਸਰਜਨ ਦੀ ਰਿਹਾਇਸ਼ ਦੇ ਨਜ਼ਦੀਕ ਬਣਾਈ ਜਾ ਰਹੀ ਹੈ, ਜੋ ਕਿ 31 ਮਾਰਚ 2020 ਤੱਕ ਬਣ ਕੇ ਤਿਆਰ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਅਸਥਾਈ ਤੌਰ ‘ਤੇ ਇਹ ਸੈਂਟਰ ਸਾਲ 2018 ਤੋਂ ਸਿਵਲ ਹਸਪਤਾਲ ਦੇ ਅੰਦਰ ਪ੍ਰਾਈਵੇਟ ਸਰਜੀਕਲ ਵਾਰਡ ਵਿੱਚ ਚੱਲ ਰਿਹਾ ਹੈ, ਜਿਸ ਵਿੱਚ ਹੁਣ ਤੱਕ 231 ਜ਼ਰੂਰਤਮੰਦ ਮਹਿਲਾਵਾਂ ਤੇ ਲੜਕੀਆਂ ਨੂੰ ਕਾਨੂੰਨੀ, ਮੈਡੀਕਲ, ਪੁਲਿਸ ਆਦਿ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਸ ਸੈਂਟਰ ਵਿੱਚ ਸਹਾਇਤਾ ਪ੍ਰਾਪਤ ਕਰਨ ਵਾਲੀਆਂ ਮਹਿਲਾਵਾਂ ਤੇ ਲੜਕੀਆਂ ਦੀ ਕੌਂਸਲਿੰਗ ਤੇ ਉਨ੍ਹਾਂ ਦੇ ਮੁੜ ਵਸੇਬਾ ਲਈ ਯਤਨ ਕੀਤੇ ਜਾਂਦੇ ਹਨ। ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਸਰਕਾਰ ਵਲੋਂ ਮਹਿਲਾਵਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 181 ਸ਼ੁਰੂ ਕੀਤਾ ਗਿਆ ਹੈ, ਜੋ ਕਿ 24 ਘੰਟੇ ਸੇਵਾਵਾਂ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਦੁਆਰਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਸੈਂਟਰ ਦੇ ਉਦੇਸ਼ ਅਤੇ ਇਸ ਸੈਂਟਰ ਵਿੱਚ ਮੁਹੱਈਆ ਕੀਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ, ਜੋ ਕਿ ਵਿਭਾਗ ਦਾ ਸ਼ਲਾਘਾਯੋਗ ਯਤਨ ਹੈ। ਉਨ੍ਹਾਂ ਕਿਹਾ ਕਿ ਨਵੀਂ ਇਮਾਰਤ ਬਣਨ ਤੋਂ ਬਾਅਦ ਇਹ ਸੈਂਟਰ ਸ਼ਿਫਟ ਹੋ ਜਾਵੇਗਾ ਅਤੇ ਪੱਕੇ ਤੌਰ ‘ਤੇ ਸਥਾਪਿਤ ਹੋਣ ਤੋਂ ਬਾਅਦ ਜ਼ਿਲ੍ਹੇ ਦੀਆਂ ਜ਼ਰੂਰਤਮੰਦ ਮਹਿਲਾਵਾਂ ਤੇ ਲੜਕੀਆਂ ਨੂੰ ਇਥੇ ਮੁਫਤ ਸਹਾਇਤਾ ਪ੍ਰਾਪਤ ਹੋ ਸਕੇਗੀ, ਜੋ ਇਸ ਵਰਗ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਇਸ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਹਿਲਾਵਾਂ ਦੀਆਂ ਸਮੱਸਿਆਵਾਂ ਨਾਲ ਜੁੜੇ ਮੁੱਦੇ ‘ਤੇ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ ਅਤੇ ਪਹਿਲ ਦੇ ਅਧਾਰ ‘ਤੇ ਇਨ੍ਹਾਂ ਮਸਲਿਆਂ ਨੂੰ ਹੱਲ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਲਵੀਰ ਰਾਜ ਸਿੰਘ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼੍ਰੀ ਕੁਲਦੀਪ ਨੰਦਾ, ਸਿਵਲ ਸਰਜਨ ਡਾ. ਜਸਵੀਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ, ਡਾ. ਸੈਲੇਸ਼, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਮੁਕੇਸ਼ ਡਾਬਰ, ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮਵੀਰ ਬਾਲੀ ਤੋਂ ਇਲਾਵਾ ਕੌਂਸਲਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Send this to a friend