Skip to content
Independent perspectives. Global stories.
BREAKING

8 ਨੂੰ ਭਾਰਤ ਬੰਦ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

Share this story

ਮਾਨਸਾ 3 ਜਨਵਰੀ (ਜਗਦੀਸ਼ ਬਾਂਸਲ)- ਅੱਜ ਜਿਲ੍ਹੇ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਅਗਵਾਈ ਵਿੱਚ ਜਿਲ੍ਹਾ ਕਚਹਿਰੀਆਂ ਵਿੱਚ ਰੋਸ ਮੁਜ਼ਾਹਰਾ ਕਰਕੇ 8 ਜਨਵਰੀ ਨੂੰ ਪੇਂਡੂ ਭਾਰਤ ਬੰਦ ਕਰਨ ਸਬੰਧੀ ਜਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ। ਪ੍ਰੈਸ ਨੋਟ ਜਾਰੀ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਪੰਜਾਬ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ), ਜਮਹੂਰੀ ਕਿਸਾਨ ਸਭਾ ਅਤੇ ਕੁੱਲ ਹਿੰਦ ਕਿਸਾਨ ਮਹਾਂਸਭਾ ਦੇ ਆਗੂਆਂ ਵੱਲੋਂ ਅੱਜ ਰਾਸ਼ਟਰਪਤੀ ਭਾਰਤ ਸਰਕਾਰ ਨੂੰ ਸੰਬੋਧਤ ਮੰਗ ਪੱਤਰ ਜਿਲ੍ਹਾ ਪ੍ਰਸ਼ਾਸਨ ਰਾਹੀਂ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਲੰਮੇ ਸਮੇਂ ਤੋਂ ਨਾਂ ਮੰਨੀਆਂ ਜਾਣ ਦੇ ਰੋਸ ਵਜੋਂ ਜੋ 8 ਜਨਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਇਹ ਮੰਗ ਪੱਤਰ ਉਸ ਸਬੰਧ ਵਿੱਚ ਦਿੱਤਾ ਗਿਆ ਹੈ ਅਤੇ ਸਰਕਾਰ ਨੂੰ ਭਲੀ ਭਾਂਤ ਦੱਸ ਦਿੱਤਾ ਗਿਆ ਹੈ ਕਿ ਕਿਸਾਨ ਰੋਸ ਵਜੋਂ 8 ਜਨਵਰੀ ਨੂੰ ਰੇਲਾਂ ਅਤੇ ਸੜਕੀ ਆਵਾਜਾਈ ਨੂੰ ਰੋਕਣ ਲਈ ਮਜ਼ਬੂਰ ਹੋ ਚੁੱਕੇ ਹਨ। ਉਨ੍ਹਾਂ ਸਮੁੱਚੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਪੀਲ ਵੀ ਕੀਤੀ ਕਿ ਆਉਣ ਵਾਲੀ 8 ਜਨਵਰੀ ਨੂੰ ਮੁਕੰਮਲ ਪੇਂਡੂ ਭਾਰਤ ਬੰਦ ਰੱਖਿਆ ਜਾਵੇ ਅਤੇ ਕੋਈ ਵੀ ਕਿਸਾਨ / ਮਜ਼ਦੂਰ ਪਿੰਡਾਂ ਵਿਚੋਂ ਸਬਜ਼ੀਆਂ, ਫਲ ਅਤੇ ਦੁੱਧ ਆਦਿ ਸ਼ਹਿਰ ਵਿੱਚ ਨਾ ਲੈ ਕੇ ਆਵੇ। ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਰਨੈਲ ਸਿੰਘ ਮਾਨਸਾ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਮਹਿੰਦਰ ਸਿੰਘ ਭੈਣੀ ਬਾਘਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਉÎੱਗਰ ਸਿੰਘ ਮੀਰਪੁਰੀਆ, ਹਰਭਜਨ ਸਿੰਘ ਘੁੰਮਣ, ਜਮਹੂਰੀ ਕਿਸਾਨ ਸਭਾ ਦੇ ਅਮਰੀਕ ਸਿੰਘ ਫਫੜੇ ਭਾਈਕੇ, ਕੁੱਲ ਹਿੰਦ ਕਿਸਾਨ ਸਭਾ ਦੇ ਰੂਪ ਸਿੰਘ ਭੀਖੀ ਆਦਿ ਆਗੂਆਂ ਨੇ ਸੰਬੋਧਨ ਕੀਤਾ। ਅੱਜ ਦੀ ਇਸ ਰੋਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਅਤੇ ਕਿਸਾਨਾਂ / ਮਜ਼ਦੂਰਾਂ ਨੇ ਭਾਗ ਲਿਆ।

WRITTEN BY