ਕੇਂਦਰ ਸਰਕਾਰ ਵੱਲੋਂ ਆਰਥਿਕ ਮੰਦੀ ਨੂੰ ਦੂਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਰਕਾਰ ਇਸ ਗੱਲ ਨੂੰ ਪੂਰੀ ਤਰ੍ਹਾਂ ਯਤਨਸ਼ੀਲ ਹੈ ਕਿ ਦੇਸ਼ ਦੀ ਅਰਥ ਵਿਵਸਥਾ ਨੂੰ ਪੰਜ ਹਜ਼ਾਰ ਅਰਬ ਡਾਲਰ ਤੱਕ ਪਹੁੰਚਾਇਆ ਜਾਵੇ। ਇਸ ਸੰਦਰਭ ਵਿੱਚ ਸਰਕਾਰ ਵੱਲੋਂ 102 ਲੱਖ ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਸਬੰਧੀ ਪ੍ਰਾਜਕੈਟਾਂ ਦੀ ਪਛਾਣ ਕੀਤੀ ਹੈ ਜਿਨ੍ਹਾਂ ‘ਤੇ ਅਗਲੇ ਪੰਜ ਸਾਲ ਦੌਰਾਨ ਅਮਲ ਕੀਤਾ ਜਾਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਬੁਨਿਆਦੀ ਢਾਂਚੇ ‘ਚ ਨਿਵੇਸ਼ ਸਬੰਧੀ ਦੇ ਸਰਕਾਰ ਦੇ ਸੰਕਲਪ ‘ਤੇ ਜ਼ੋਰ ਦਿੰਦਿਆਂ ਅਜਿਹੇ ਪ੍ਰਾਜੈਕਟਾਂ ਦਾ ਇੱਕ ਖਾਕਾ ਪੇਸ਼ ਕੀਤਾ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਹਾੜੇ ਮੌਕੇ ਦਿੱਤੇ ਭਾਸ਼ਣ ‘ਚ ਬੁਨਿਆਦੀ ਖੇਤਰ ਦੇ ਪ੍ਰਾਜੈਕਟਾਂ ‘ਚ 100 ਲੱਖ ਕਰੋੜ ਰੁਪਏ ਦੇ ਨਿਵੇਸ਼ ਦਾ ਵਾਅਦਾ ਕੀਤਾ ਸੀ। ਇਹ ਪ੍ਰਾਜੈਕਟ ਬਿਜਲੀ, ਰੇਲਵੇ, ਸ਼ਹਿਰੀ ਵਿਕਾਸ, ਸਿੰਜਾਈ, ਆਵਾਜਾਈ, ਸਿੱਖਿਆ ਅਤੇ ਸਿਹਤ ਖੇਤਰ ਨਾਲ ਸਬੰਧਤ ਹਨ। ਕੇਂਦਰੀ ਵਿੱਤ ਮੰਤਰਾਲੇ ਵੱਲੋਂ ਕਾਇਮ ਇੱਕ ਟੀਮ ਨੇ 102 ਲੱਖ ਕਰੋੜ ਰੁਪਏ ਦੇ ਬੁਨਿਆਦੀ ਪ੍ਰਾਜੈਕਟਾਂ ਦੀ ਪਛਾਣ ਕੀਤੀ ਹੈ। ਇਹ ਬੇਹੱਦ ਸ਼ਲਾਘਾਯੋਗ ਹੈ ਕਿ ਇਸ ਟੀਮ ਨੇ ਚਾਰ ਮਹੀਨੇ ਤੋਂ ਘੱਟ ਸਮੇਂ ਅੰਦਰ 70 ਵੱਖ ਵੱਖ ਧਿਰਾਂ ਨਾਲ ਗੱਲਬਾਤ ਤੇ ਵਿਚਾਰ ਚਰਚਾ ਮਗਰੋਂ ਇਹ ਕੰਮ ਪੂਰਾ ਕੀਤਾ ਹੈ। ਇਨ੍ਹਾਂ ਪ੍ਰਾਜੈਕਟਾਂ ਦੀ ਲੜੀ ‘ਚ ਤਿੰਨ ਲੱਖ ਕਰੋੜ ਰੁਪਏ ਦੇ ਹੋਰ ਪ੍ਰਾਜੈਕਟ ਵੀ ਜੋੜੇ ਜਾ ਸਕਦੇ ਹਨ। ਕਰੀਬ 25 ਲੱਖ ਕਰੋੜ ਰੁਪਏ ਦੇ ਪ੍ਰਾਜੈਕਟ ਬਿਜਲੀ ਖੇਤਰ ਨਾਲ ਸਬੰਧਤ ਹਨ ਜਦਕਿ 20 ਲੱਖ ਕਰੋੜ ਰੁਪਏ ਦੇ ਪ੍ਰਾਜੈਕਟ ਸੜਕ ਨਿਰਮਾਣ ਤੇ 14 ਲੱਖ ਕਰੋੜ ਰੁਪਏ ਦੇ ਰੇਲ ਪ੍ਰਾਜੈਕਟ ਹਨ। ਇਹ ਪ੍ਰਾਜੈਕਟ ਜਲਦੀ ਸ਼ੁਰੂ ਕੀਤੇ ਜਾਣ ਦੀ ਤਿਆਰੀ ਹੈ। ਬਿਜਲੀ ਖੇਤਰ ਦੇ ਪ੍ਰਾਜੈਕਟਾਂ ‘ਚ ਅਕਸ਼ੈ ਊਰਜਾ ਪ੍ਰਾਜੈਕਟ ਵੀ ਸ਼ਾਮਲ ਹਨ। ਇਹ ਪ੍ਰਾਜੈਕਟ ਪਿਛਲੇ ਛੇ ਸਾਲ ਦੌਰਾਨ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਅਮਲ ‘ਚ ਲਿਆਂਦੇ ਗਏ 51 ਲੱਖ ਕਰੋੜ ਰੁਪਏ ਦੇ ਪ੍ਰਾਜੈਕਟਾਂ ਤੋਂ ਵੱਖਰੇ ਹਨ। ਕਈ ਨਵੇਂ ਪ੍ਰਾਜੈਕਟਾਂ ‘ਚ ਕੇਂਦਰ ਤੇ ਸੂਬਾ ਸਰਕਾਰਾਂ ਦਾ ਹਿੱਸਾ 39-39 ਫੀਸਦ ਹੋਵੇਗਾ, ਬਾਕੀ 22 ਫੀਸਦ ਨਿਵੇਸ਼ ਨਿੱਜੀ ਖੇਤਰ ਤੋਂ ਆਵੇਗਾ। ਕੇਂਦਰ ਸਰਕਾਰ ਅਤੇ ਕੇਂਦਰੀ ਵਿੱਤ ਮੰਤਰਾਲੇ ਦੇ ਇਹ ਯਤਨ ਬਹੁਤ ਹੀ ਸ਼ਲਾਘਾਯੋਗ ਹਨ। ਇਨ੍ਹਾਂ ਯਤਨਾਂ ਦੀ ਪੂਰਤੀ ਨਾਲ ਵਧੇਰੇ ਰੁਜ਼ਗਾਰ ਵੀ ਪੈਦਾ ਹੋਵੇਗਾ ਅਤੇ ਇਹ ਪ੍ਰੋਜੈਕਟ ਦੇਸ਼ ਦੀ ਪੰਜ ਹਜ਼ਾਰ ਅਰਬ ਡਾਲਰ ਦੀ ਅਰਥ ਵਿਵਸਥਾ ਬਣਾਉਣ ਵਿੱਚ ਸਹਾਈ ਹੋਣਗੇ। ਇਸ ਦਿਸ਼ਾ ਵਿੱਚ ਕਦਮ ਚੁੱਕੇ ਜਾਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਿੱਜੀ ਤੌਰ ‘ਤੇ ਸ਼ਲਾਘਾ ਦੇ ਪਾਤਰ ਹਨ।
– ਬਲਜੀਤ ਸਿੰਘ ਬਰਾੜ
ਬੁਨਿਦਆਦੀ ਢਾਂਚੇ ਲਈ ਰਾਹਤ



