ਪਾਕਿਸਤਾਨ ‘ਚ ਸ੍ਰੀ ਨਨਕਾਣਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਜਨਮ ਅਸਥਾਨ ਸਾਹਿਬ ‘ਤੇ ਕੁੱਝ ਫਿਰਕੂ ਅਨਸਰਾਂ ਵੱਲੋਂ ਕੀਤੇ ਗਏ ਹਿੰਸਕ ਹਮਲੇ ਦੇ ਮੁੱਖ ਦੋਸ਼ੀ ਇਮਰਾਨ ਚਿਸ਼ਤੀ ਨੂੰ ਆਖ਼ਰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਖਿਲਾਫ ਗੰਭੀਰ ਧਾਰਾਵਾਂ ਹੇਠ ਮੁਕੱਦਮਾਂ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਜਨਾਬ ਇਮਰਾਨ ਖ਼ਾਨ ਵੱਲੋਂ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਗਈ ਸੀ। ਉਨ੍ਹਾਂ ਨੇ ਆਪਣੇ ਟਵੀਟ ਰਾਹੀਂ ਇਹ ਸਪੱਸ਼ਟ ਕੀਤਾ ਕਿ ਸ੍ਰੀ ਨਨਕਾਣਾ ਸਾਹਿਬ ਦੀ ਘਟਨਾ ਉਨ੍ਹਾਂ ਦੀ ਫਿਲਾਸਫ਼ੀ ਦੇ ਖ਼ਿਲਾਫ਼ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਨਾ ਹੀ ਅਜਿਹੇ ਅਨਸਰਾਂ ਨੂੰ ਸਰਕਾਰ, ਪੁਲਿਸ ਅਤੇ ਅਦਾਲਤ ਵੱਲੋਂ ਕੋਈ ਸ਼ਹਿ ਮਿਲੇਗੀ। ਉਨ੍ਹਾਂ ਇਹ ਵੀ ਲਿਖਿਆ ਹੈ ਕਿ “ਸ੍ਰੀ ਨਨਕਾਣਾ ਸਾਹਿਬ ਦੀ ਨਿੰਦਣਯੋਗ ਘਟਨਾ ਤੇ ਮੁਸਲਮਾਨਾਂ ਤੇ ਹੋਰ ਘੱਟ ਗਿਣਤੀਆਂ ‘ਤੇ ਹੋ ਰਹੇ ਹਮਲਿਆਂ ਵਿੱਚ ਵੱਡਾ ਫ਼ਰਕ ਹੈ। ਪਾਕਿਸਤਾਨ ਅਤੇ ਭਾਰਤ ਦੀ ਘੱਟ ਗਿਣਤੀਆਂ ਪ੍ਰਤੀ ਸੋਚ ਅਤੇ ਨੀਤੀ ਵਿੱਚ ਵੱਡਾ ਫਰਕ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਮੋਦੀ ਦੀ ਆਰਐੱਸਐੱਸ ਫਿਲਾਸਫ਼ੀ ਘੱਟ ਗਿਣਤੀਆਂ ਦੇ ਦਮਨ ਦੀ ਹਮਾਇਤ ਕਰਦੀ ਹੈ ਤੇ ਮੁਸਲਮਾਨਾਂ ‘ਤੇ ਕੀਤੇ ਜਾ ਰਹੇ ਹਮਲੇ ਇਸ ਏਜੰਡੇ ਦਾ ਹਿੱਸਾ ਹਨ। ਆਰਐੱਸਐੱਸ ਦੇ ਗੁੰਡੇ ਜਨਤਕ ਤੌਰ ‘ਤੇ ਲੋਕਾਂ ਨੂੰ ਮਾਰ ਰਹੇ ਹਨ। ਭਾਰਤੀ ਪੁਲਿਸ ਮੁਸਲਿਮ ਵਿਰੋਧੀ ਹਮਲਿਆਂ ਦੀ ਅਗਵਾਈ ਕਰ ਰਹੀ ਹੈ। ਜਨਾਬ ਇਮਰਾਨ ਖਾਨ ਵੱਲੋਂ ਬੇਸ਼ਕ ਇਹ ਬਿਆਨ ਕੁੱਝ ਪਛੜ ਕੇ ਦਿੱਤਾ ਗਿਆ ਹੈ ਪ੍ਰੰਤੂ ਉਨ੍ਹਾਂ ਵੱਲੋਂ ਪਾਕਿਸਤਾਨ ਦੀ ਸਰਕਾਰ ਦੇ ਪੱਖ ਨੂੰ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਹੀ ਪੁਲਿਸ ਵੱਲੋਂ ਫੌਰੀ ਤੌਰ ‘ਤੇ ਮੁੱਖ ਦੋਸ਼ੀ ਖਿਲਾਫ ਕੇਸ ਦਰਜ ਕੀਤਾ ਗਿਆ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪਾਕਿਸਤਾਨ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕਰਨੀ ਚਾਹੀਦੀ ਹੈ। ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਜਨਾਬ ਇਮਰਾਨ ਖਾਨ ਦਾ ਇਹ ਵਤੀਰਾ ਬਹੁਤ ਹੀ ਕਾਬਲੇ ਤਾਰੀਫ ਹੈ। ਪਹਿਲਾਂ ਉਨ੍ਹਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ ਅਹਿਮ ਭੂਮਿਕਾ ਨਿਭਾਈ ਹੈ। ਹੁਣ ਸ੍ਰੀ ਨਨਕਾਣਾ ਸਾਹਿਬ ‘ਤੇ ਹਮਲੇ ਖਿਲਾਫ ਕਰੜਾ ਰੁਖ ਅਪਨਾ ਕੇ ਉਨ੍ਹਾਂ ਨੇ ਇਕ ਵਾਰ ਫਿਰ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਬੇਸ਼ਕ ਉਹ ਇਕ ਮੁਸਲਿਮ ਦੇਸ਼ ਦੇ ਮੁਖੀ ਹਨ, ਪ੍ਰੰਤੂ ਫਿਰ ਵੀ ਉਨ੍ਹਾਂ ਦੇ ਮਨ ਵਿੱਚ ਘੱਟ ਗਿਣਤੀਆਂ ਖਾਸ ਕਰਕੇ ਸਿੱਖ ਭਾਈਚਾਰੇ ਲਈ ਵੱਡਾ ਮਾਣ-ਸਤਿਕਾਰ ਹੈ। ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਪਾਕਿਸਤਾਨ ਵਿੱਚ ਕੁਝ ਅਜਿਹੇ ਅਨਸਰ ਸਰਗਰਮ ਹਨ ਜੋ ਸਿੱਖਾਂ ਅਤੇ ਘੱਟ ਗਿਣਤੀਆਂ ਪ੍ਰਤੀ ਸਮੇਂ -ਸਮੇਂ ਨਫਰਤ ਦਾ ਪ੍ਰਗਟਾਵਾ ਕਰਦੇ ਰਹਿੰਦੇ ਹਨ। ਤਸੱਲੀ ਵਾਲੀ ਗੱਲ ਇਹ ਹੈ ਕਿ ਜਨਾਬ ਇਮਰਾਨ ਖਾਨ ਦੀ ਅਗਵਾਈ ਹੇਠ ਪਾਕਿਸਤਾਨ ਦੀ ਸਰਕਾਰ ਅਜਿਹੇ ਅਨਸਰਾਂ ਨੂੰ ਨੱਥ ਪਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਵੀ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਦੇ ਮੁਕਾਬਲੇ ਭਾਰਤ ਵਿੱਚ ਸਿੱਖਾਂ ਅਤੇ ਹੋਰ ਘੱਟ ਗਿਣਤੀਆਂ ਨੂੰ ਵਹਿਸ਼ੀ ਤਰੀਕੇ ਨਾਲ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੰਜਾਬ ਤੋਂ ਬਾਹਰ ਵਸੇ ਸਿੱਖਾਂ ਨੂੰ ਉਜਾੜਿਆ ਜਾ ਰਿਹਾ ਹੈ। ਬਹਾਨੇ ਬਣਾ ਕੇ ਸਿੱਖ ਗੁਰਧਾਮਾਂ ਨੂੰ ਢਾਹਿਆ ਜਾ ਰਿਹਾ ਹੈ। ਇਨ੍ਹਾਂ ਜ਼ੁਲਮਾਂ ਅਤੇ ਵਿਤਕਰਿਆਂ ਖਿਲਾਫ਼ ਸਿੱਖ ਭਾਈਚਾਰਾ ਖੂਨ ਦੇ ਅਥਰੂ ਰੋ ਰਿਹਾ ਹੈ ਪ੍ਰੰਤੂ ਭਾਜਪਾ ਦਾ ਕੋਈ ਵੀ ਆਗੂ ਜਾਂ ਸਰਕਾਰ ਦਾ ਕੋਈ ਵੀ ਨੁਮਾਇੰਦਾ ਉਨ੍ਹਾਂ ਦੇ ਹੱਕ ਵਿੱਚ ਹਾਅ ਦਾ ਨਾਹਰਾ ਤੱਕ ਨਹੀਂ ਮਾਰ ਰਿਹਾ।
– ਬਲਜੀਤ ਸਿੰਘ ਬਰਾੜ
ਪਾਕਿਸਤਾਨ ਸਰਕਾਰ ਦਾ ਸ਼ਲਾਘਾਯੋਗ ਰਵੱਈਆ



