ਬਠਿੰਡਾ, 9 ਜਨਵਰੀ (ਗੁਰਮੀਤ ਸੇਮਾ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ 19, 20 ਅਤੇ 21 ਜਨਵਰੀ ਨੂੰ ਹੋਣ ਵਾਲੀ ਕੌਮੀ ਪਲਸ ਪੋਲਿਓ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚੜਾਉਣ ਲਈ ਅੱਜ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਡੀ ਸੀ ਮੀਟਿੰਗ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ । ਮੀਟਿੰਗ ਦੀ ਪ੍ਰਧਾਨਗੀ ਕਰਦਿਆ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ 0 ਤੋਂ 5 ਸਾਲ ਤੱਕ ਦੀ ਉਮਰ ਦਾ ਕੋਈ ਵੀ ਬੱਚਾ ਪੋਲਿਓ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਨੇ ਕੌਮੀ ਪਲਸ ਪੋਲੀਓ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਵੇਂ ਬੱਚਾ ਬਿਮਾਰ ਹੋਵੇ, ਭਾਵੇ ਦਸਤ ਲੱਗੇ ਹੋਣ ਭਾਵੇ ਰੁਟੀਨ ਦੀਆਂ ਖੁਰਾਕਾਂ ਲਈਆਂ ਹੋਣ ਤਾਂ ਵੀ ਇਸ ਮੁਹਿੰਮ ਦੌਰਾਨ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਈਆਂ ਯਕੀਨੀ ਬਣਾਈਆਂ ਜਾਣ। ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕੁੰਦਨ ਕੁਮਾਰ ਪਾਲ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ 0 ਤੋਂ 5 ਸਾਲ ਦੇ ਤੱਕ ਦੀ ਉਮਰ ਦੇ ਕੁੱਲ 1 ਲੱਖ 52 ਹਜ਼ਾਰ ਦੇ ਲਗਭਗ ਬੱਚਿਆਂ ਨੂੰ ਕਵਰ ਕਰਨ ਲਈ 698 ਪੋਲਿਓ ਬੂਥ, 33 ਟਰਾਂਜਿਟ ਪੋਲਿਓ ਬੂਥ, 29 ਮੋਬਾਇਲ ਟੀਮਾਂ, 1247 ਘਰ ਤੋਂ ਘਰ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ 2765 ਵਰਕਰ ਲਗਾਏ ਗਏ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
5 ਸਾਲ ਤੱਕ ਦੇ ਬੱਚਿਆਂ ਨੂੰ ਲਾਜ਼ਮੀ ਪਿਲਾਈਆਂ ਜਾਣ ਪੋਲਿਓ ਬੂੰਦਾਂ : ਵਧੀਕ ਡਿਪਟੀ ਕਮਿਸ਼ਨਰ



