Skip to content
Independent perspectives. Global stories.
BREAKING

ਪਾਣੀਆਂ ਦੇ ਮੁੱਦੇ ‘ਤੇ ਸਿਆਸੀ ਇਕਸੁਰਤਾ

Share this story

ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਨੂੰ ਰੋਕਣ ਲਈ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦਾ ਇਕਮੱਤ ਹੋਣਾ ਬਹੁਤ ਸ਼ਲਾਘਾਯੋਗ ਕਦਮ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਕਦਮੀ ਦੇ ਨਾਲ ਚੰਡੀਗੜ੍ਹ ਵਿਖੇ ਹੋਈ ਸਰਬ ਪਾਰਟੀ ਮੀਟਿੰਗ ਵਿੱਚ ਬਹੁਤ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ ਨੇ ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਸੂਬੇ ਦੇ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕੀਤੀ ਹੈ। ਸਮੂਹ ਪਾਰਟੀਆਂ ਨੇ ਸਰਬਸੰਮਤੀ ਨਾਲ ਸੰਕਲਪ ਲਿਆ ਕਿ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਤਿੰਨ ਦਰਿਆਵਾਂ ਦਾ ਪਾਣੀ ਕਿਸੇ ਵੀ ਹਾਲਤ ਵਿੱਚ ਬੇਸਿਨ ਤੋਂ ਨਾਨ-ਬੇਸਿਨ ਇਲਾਕਿਆਂ ਵਿੱਚ ਤਬਦੀਲ ਨਾ ਕੀਤਾ ਜਾਵੇ। ਸਰਬਸੰਮਤੀ ਨਾਲ ਨਵੇਂ ਟ੍ਰਿਬਿਊਨਲ ਦੀ ਸਥਾਪਨਾ ਲਈ ਪ੍ਰਸਤਾਵਿਤ ਅੰਤਰ-ਰਾਜੀ ਦਰਿਆਈ ਵਿਵਾਦ ਐਕਟ ਵਿੱਚ ਲੋੜੀਂਦੀਆਂ ਸੋਧਾਂ ਕਰਨ ਦੀ ਮੰਗ ਕੀਤੀ ਗਈ ਹੈ। ਇਨਸਾਫ ਅਤੇ ਇਕਸਾਰਤਾ ਅਨੁਸਾਰ ਪੰਜਾਬ ਨੂੰ ਇਸ ਦੀ ਕੁੱਲ ਮੰਗ ਅਤੇ ਭਵਿੱਖੀ ਪੀੜ੍ਹੀਆਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ ਵਾਧੂ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਪਾਣੀ ਦੀ ਯੋਗ ਉਪਲਬੱਧਤਾ ਨਾ ਹੋਣ ਕਾਰਨ ਪੰਜਾਬ ਇਸ ਸਮੇਂ ਡੂੰਘੇ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਖੇਤੀ ਲਈ ਧਰਤੀ ਹੇਠਲੇ ਪਾਣੀ ਦੀ ਵਰਤੋਂ ਹੋ ਰਹੀ ਹੈ ਜਿਸ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਖਤਰਨਾਕ ਹੱਦ ਤੱਕ ਹੇਠਾਂ ਚਲਾ ਗਿਆ ਹੈ। ਪਿਛਲੇ ਸਮੇਂ ਵਿੱਚ ਕੀਤੇ ਗਏ ਗੈਰ ਸੰਵਿਧਾਨਿਕ ਸਮਝੌਤਿਆਂ ਕਾਰਨ ਪੰਜਾਬ ਦਾ ਪਾਣੀ ਮੁਫਤ ਵਿੱਚ ਲੁੱਟਿਆ ਜਾ ਰਿਹਾ ਹੈ। ਕਾਨੂੰਨੀ ਦਾਅ-ਪੇਚ ਖੇਡ ਕੇ ਗੁਆਂਢੀ ਰਾਜ ਪੰਜਾਬ ਦਾ ਹੋਰ ਪਾਣੀ ਲੁੱਟਣ ਵਿੱਚ ਲੱਗੇ ਹੋਏ ਹਨ। ਪੰਜਾਬ ਕੋਲ ਇਸ ਸਮੇਂ ਕੋਈ ਵਾਧੂ ਪਾਣੀ ਨਹੀਂ ਹੈ। ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟਣ ਕਰਕੇ ਅਤੇ ਦਰਿਆਈ ਪਾਣੀਆਂ ਦੀ ਕਮੀ ਕਾਰਨ ਪੰਜਾਬ ਮਾਰੂਥਲ ਬਣਨ ਵੱਲ ਵੱਧ ਰਿਹਾ ਹੈ। ਪੰਜਾਬ ‘ਚ ਧਰਤੀ ਹੇਠਲਾ ਪਾਣੀ ਸੂਬੇ ਦੀਆਂ 73 ਪ੍ਰਤੀਸ਼ਤ ਸਿੰਚਾਈ ਲੋੜਾਂ ਪੂਰੀਆਂ ਕਰਦਾ ਹੈ। ਆਉਣ ਵਾਲੇ ਸਮੇਂ ਵਿੱਚ ਧਰਤੀ ਹੇਠਲੇ ਪਾਣੀ ਦੀ ਉਪਲੱਭਤਾ ਹੋਰ ਘਟੇਗੀ। ਇਸ ਨਾਲ ਖੇਤੀ ਖੇਤਰ ਲਈ ਵੱਡਾ ਸੰਕਟ ਪੈਦਾ ਹੋਣ ਦਾ ਖਦਸ਼ਾ ਹੈ। ਸਮੇਂ ਦੀ ਲੋੜ ਹੈ ਕਿ ਪੰਜਾਬ ਨੂੰ ਇਸ ਦੇ ਤਿੰਨ ਦਰਿਆਵਾਂ ਰਾਵੀ, ਸਤਲੁਜ ਅਤੇ ਬਿਆਸ ਤੋਂ ਵੱਧ ਤੋਂ ਵੱਧ ਪਾਣੀ ਮਿਲੇ। ਪੰਜਾਬ ਦੀ ਲੋੜ ਪੂਰੀ ਹੋਣ ਤੋਂ ਬਾਅਦ ਹੀ ਬਾਕੀ ਬਚਦਾ ਪਾਣੀ ਗੁਆਂਢੀ ਸੂਬਿਆਂ ਨੂੰ ਦਿੱਤਾ ਜਾਵੇ। ਰਿਪੇਅਰੀਅਨ ਸਿਧਾਂਤ ਦਰਿਆਈ ਪਾਣੀਆਂ ਉੱਪਰ ਪੰਜਾਬ ਦੇ ਹੱਕ ਦੀ ਪੁਸ਼ਟੀ ਕਰਦਾ ਹੈ। ਜੇਕਰ ਸਰਬ ਪਾਰਟੀ ਮੀਟਿੰਗ ਦੇ ਸੁਝਾਅ ਮੁਤਾਬਿਕ ਦਰਿਆਈ ਪਾਣੀਆਂ ਦੀ ਉਪਲਬਧਤਾ ਦਾ ਮੁੜ ਤੋਂ ਮੁਲੰਕਣ ਕੀਤਾ ਜਾਵੇ ਤਾਂ ਲਾਜ਼ਮੀ ਤੌਰ ‘ਤੇ ਪੰਜਾਬ ਨੂੰ ਕੁਝ ਇਨਸਾਫ ਮਿਲ ਸਕਦਾ ਹੈ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਦਿਸ਼ਾ ਵਿੱਚੋਂ ਹੋਰ ਵੱਡੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਪੰਜਾਬ ਨੂੰ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਇਨਸਾਫ ਮਿਲ ਸਕੇ।
– ਬਲਜੀਤ ਸਿੰਘ ਬਰਾੜ

WRITTEN BY