Skip to content
Independent perspectives. Global stories.
BREAKING

ਟਿੱਡੀ ਦਲ ਦੇ ਹਮਲੇ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ : ਡੀ.ਸੀ. ਬਠਿੰਡਾ

Share this story

ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲਿਆ ਫ਼ਸਲਾਂ ਦਾ ਜਾਇਜ਼ਾ

ਬਠਿੰਡਾ, 28 ਜਨਵਰੀ (ਗੁਰਮੀਤ ਸੇਮਾ)- ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਟਿੱਡੀ ਦਲ ਦੇ ਫ਼ਸਲਾਂ ‘ਤੇ ਹੋਣ ਵਾਲੇ ਸੰਭਾਵੀ ਹਮਲੇ ਤੋਂ ਰੋਕਥਾਮ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਅੱਜ ਬਾਅਦ ਦੁਪਿਹਰ ਦੌਰਾ ਕਰਕੇ ਫ਼ਸਲਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਟਿੱਡੀ ਦਲ ਦੇ ਹਮਲੇ ਤੋਂ ਘਬਰਾਉਣ ਦੀ ਕੋਈ ਵੀ ਲੋੜ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਫ਼ਸਲਾਂ ‘ਤੇ ਹੋਣ ਵਾਲੇ ਇਸ ਹਮਲੇ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਹੈਲਪ ਲਾਇਨ ਨੰਬਰ 97687-00006 ਜਾਰੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹੇ ਦੇ ਪਿੰਡ ਪੱਕਾ, ਸੇਖ਼ੋ, ਮਛਾਣਾ, ਪਥਰਾਲਾ ਆਦਿ ਪਿੰਡਾਂ ਦੇ ਦੌਰੇ ਦੌਰਾਨ ਕਿਸਾਨਾਂ ਨੂੰ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਦੇ ਅਗਾਊਂ ਪ੍ਰਬੰਧਾਂ ਲਈ ਪੂਰੀ ਤਰ੍ਹਾਂ ਲਾਮਬੰਧ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ‘ਤੇ ਕਿਸੇ ਤਰ੍ਹਾਂ ਦੇ ਟਿੱਡੀ ਦਲ ਵਲੋਂ ਕੀਤੇ ਜਾਣ ਵਾਲੇ ਕਿਸੇ ਤਰ੍ਹਾਂ ਦੇ ਹਮਲੇ ਨੂੰ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ 8 ਟੀਮਾਂ ਦਾ ਗਠਨ ਕੀਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਵਿਚੋਂ 7 ਟੀਮਾਂ ਬਲਾਕ ਪੱਧਰ ‘ਤੇ, ਇਕ ਟੀਮ ਜ਼ਿਲ੍ਹਾ ਪੱਧਰ ‘ਤੇ ਬਣਾਈ ਗਈ। ਹਰੇਕ ਟੀਮ ਵਿੱਚ ਤਿੰਨ ਮੈਂਬਰ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਟੀਮਾਂ ਵਿਚ ਤਾਇਨਾਤ ਕੀਤੇ ਨੁਮਾਇੰਦੇ ਪਿੰਡਾਂ ਵਿੱਚ ਜਾ ਕੇ ਗੁਰਦੁਆਰਾ ਸਾਹਿਬ ਵਿੱਚ ਅਨਾਊਸਮੈਂਟ ਰਾਹੀਂ ਕਿਸਾਨਾਂ ਨੂੰ ਜਾਗਰੂਕ ਕਰਨਗੇ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਸੁਚੇਤ ਕਰਦੇ ਹੋਏ ਦੱਸਿਆ ਕਿ ਬਾਲਗ ਟਿੱਡਿਆਂ ਦੀ ਪਹਿਚਾਣ ਪੀਲੇ ਰੰਗ ਦੇ ਸਰੀਰ ਉਪਰ ਕਾਲੇ ਰੰਗ ਦੇ ਨਿਸ਼ਾਨ ਤੇ ਜਬਾੜੇ ਗੂੜੇ ਜਾਮਣੀ ਕਾਲੇ ਰੰਗ ਤੋਂ ਹੁੰਦੀ ਹੈ। ਜੇਕਰ ਟਿੱਡਿਆਂ ਦਾ ਸੰਭਾਵੀ ਹਮਲਾ ਹੁੰਦਾ ਹੈ ਤਾਂ ਕਿਸਾਨਾਂ ਵੱਲੋਂ ਖਾਲੀ ਪੀਪੇ ਖੜਕਾ ਕੇ, ਅੱਗ ਦੀਆਂ ਮਸ਼ਾਲਾਂ ਆਦਿ ਰਾਹੀਂ ਉਸ ਨੂੰ ਹੇਠਾਂ ਜ਼ਮੀਨ ਤੋਂ ਉਤਰਣ ਤੋਂ ਰੋਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਟਿੱਡੀ ਦਲ ਝਾੜੀਆਂ ਆਦਿ ‘ਤੇ ਉਤਰਦਾ ਹੈ ਤਾਂ ਉਸ ਨੂੰ ਅੱਗ ਲਗਾ ਕੇ ਖ਼ਤਮ ਕਰ ਦੇਣਾ ਚਾਹੀਦਾ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਗੁਰਾਦਿੱਤਾ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਗੁਰਦੀਪ ਸਿੰਘ ਮਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਉਨ੍ਹਾਂ ਦੇ ਨੁਮਾਇੰਦੇ ਅਤੇ ਪਿੰਡਾਂ ਦੇ ਕਿਸਾਨ ਹਾਜ਼ਰ ਸਨ।

WRITTEN BY