Skip to content
Independent perspectives. Global stories.
BREAKING

ਮੁੱਖ ਮੰਤਰੀ ਦਾ ਸ਼ਲਾਘਾਯੋਗ ਫੈਸਲਾ

Share this story

ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ਹੈਰੀਟੇਜ਼ ਸਟਰੀਟ ਵਿਖੇ ਅਕਾਲੀ-ਭਾਜਪਾ ਸਰਕਾਰ ਵੱਲੋਂ ਲਗਾਏ ਗਏ ਗਿੱਧੇ-ਭੰਗੜੇ ਦੇ ਬੁੱਤ ਵੱਡੇ ਵਿਵਾਦ ਦਾ ਕਾਰਨ ਬਣੇ ਹੋਏ ਸਨ। ਸਿੱਖ ਪੰਥ ਦਾ ਵੱਡਾ ਹਿੱਸਾ ਇਨ੍ਹਾਂ ਵਿਦਾਦਤ ਬੁੱਤਾਂ ਨੂੰ ਹਟਾਉਣ ਦੀ ਮੰਗ ਕਰ ਰਿਹਾ ਸੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਬੁੱਤਾਂ ਨੂੰ ਹਟਾਏ ਜਾਣ ਦੇ ਹੱਕ ਵਿੱਚ ਸਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਇਨ੍ਹਾਂ ਵਿਵਾਦਤ ਬੁੱਤਾਂ ਨੂੰ ਹਟਾਉਣ ਦਾ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਵੱਲੋਂ ਇਸ ਸਬੰਧੀ ਕੀਤੀ ਗਈ ਤੁਰੰਤ ਪਹਿਲ ਕਦਮੀ ਨਾਲ ਸਿੱਖ ਭਾਈਚਾਰੇ ਨੂੰ ਵੱਡੀ ਰਾਹਤ ਮਿਲੀ ਹੈ। ਇਹ ਵੀ ਚੰਗੀ ਗੱਲ ਹੈ ਕਿ ਮੁੱਖ ਮੰਤਰੀ ਵੱਲੋਂ ਵਿਵਾਦਿਤ ਬੁੱਤਾਂ ਨੂੰ ਕਥਿਤ ਨੁਕਸਾਨ ਪਹੁੰਚਾਉਣ ਦੇ ਦੋਸ਼ ਵਿੱਚ ਫੜੇ ਗਏ ਸਿੱਖ ਨੌਜਵਾਨਾਂ ਦੇ ਕੇਸਾਂ ‘ਤੇ ਮੁੜ ਵਿਚਾਰ ਦਾ ਫੈਸਲਾ ਲਿਆ ਗਿਆ ਹੈ। ਸਰਕਾਰ ਵੱਲੋਂ ਇਹ ਵਿਵਾਦਿਤ ਬੁੱਤ ਕਿਸੇ ਹੋਰ ਥਾਂ ‘ਤੇ ਸਥਾਪਿਤ ਕੀਤੇ ਜਾਣਗੇ। ਸੂਬਾ ਸਰਕਾਰ ਦੇ ਇਸ ਫੈਸਲੇ ਨਾਲ ਇਸ ਮੁੱਦੇ ‘ਤੇ ਪੈਦਾ ਹੋਇਆ ਤਣਾਅ ਅਤੇ ਵਿਵਾਦ ਖਤਮ ਕਰਨ ਵਿੱਚ ਮਦਦ ਮਿਲੇਗੀ। ਇਹ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਅਤੇ ਮੁੱਖ ਮੰਤਰੀ ਨੇ ਇਸ ਮੁੱਦੇ ਨੂੰ ਕੋਈ ਵਕਾਰ ਦਾ ਸਵਾਲ ਨਹੀਂ ਬਣਾਇਆ, ਨਾ ਹੀ ਉਨ੍ਹਾਂ ਨੇ ਇਸ ਮੁੱਦੇ ਨੂੰ ਲਟਕਾਉਣ ਦੀ ਕੋਸ਼ਿਸ਼ ਕੀਤੀ ਹੈ। ਮੁੱਖ ਮੰਤਰੀ ਵੱਲੋਂ ਇਸ ਸਬੰਧ ਵਿੱਚ ਲਿਆ ਗਿਆ ਤੁਰਤ-ਫੁਰਤ ਫੈਸਲਾ ਬੈਹੱਦ ਸ਼ਲਾਘਾਯੋਗ ਹੈ। ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ਦਿਸ਼ਾ ਵਿੱਚ ਸਰਗਰਮੀ ਸ਼ੁਰੂ ਕੀਤੀ ਗਈ ਸੀ। ਇਸ ਗੱਲ ਵਿੱਚ ਕੋਈ ਦੋ ਰਾਵਾਂ ਨਹੀਂ ਹਨ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਾਹ ‘ਤੇ ਰੂਹਾਨੀਅਤ ਅਤੇ ਅਧਿਆਤਮਿਕਤਾ ਦੇ ਅਨੂਕੂਲ ਹੀ ਬੁੱਤ ਆਦਿ ਹੋਣੇ ਚਾਹੀਦੇ ਹਨ। ਕਿਸੇ ਵੀ ਧਿਰ ਨੂੰ ਇਸ ਗੱਲ ਦਾ ਹੱਕ ਨਹੀਂ ਹੈ ਕਿ ਉਹ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦੇ ਉਲਟ ਕੋਈ ਕਦਮ ਚੁੱਕੇ। ਅਸਲ ਵਿੱਚ ਹੈਰੀਟੇਜ ਸਟਰੀਟ ਬਣਾਉਣ ਸਮੇਂ ਉਸ ਵੇਲੇ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਿੱਖ ਸੰਸਥਾਵਾਂ ਨਾਲ ਕੋਈ ਰਾਬਤਾ ਕਾਇਮ ਨਹੀਂ ਕੀਤਾ ਗਿਆ। ਜੇਕਰ ਹੈਰੀਟੇਜ ਸਟਰੀਟ ਬਣਾਉਣ ਸਮੇਂ ਦਰੁਸਤ ਪਹੁੰਚ ਅਤੇ ਦ੍ਰਿਸ਼ਟੀ ਅਪਣਾਈ ਜਾਂਦੀ ਤਾਂ ਬਹੁਤ ਬੇਹਤਰ ਨਤੀਜੇ ਨਿਕਲਣੇ ਸਨ। ਉਸ ਵੇਲੇ ਸਰਕਾਰ ਦੀ ਮਨਮਾਨੀ ਕਾਰਨ ਹੀ ਬੁੱਤਾਂ ਸਬੰਧੀ ਵੱਡਾ ਵਿਵਾਦ ਪੈਦਾ ਹੋਇਆ। ਹੋਰ ਤਾਂ ਹੋਰ ਸਿੱਖ ਜਥੇਬੰਦੀਆਂ ਅਤੇ ਨੌਜਵਾਨਾਂ ਨੂੰ ਆਪਣੀ ਗੱਲ ਮਨਵਾਉਣ ਲਈ ਲੰਬਾ ਸੰਘਰਸ਼ ਕਰਨਾ ਪਿਆ।
– ਬਲਜੀਤ ਸਿੰਘ ਬਰਾੜ

WRITTEN BY