ਵਿੱਤ ਵਿਭਾਗ ਵੱਲੋਂ ਬਿਜਲੀ ਸਬਸਿਡੀ ਅਤੇ ਵੱਖ-ਵੱਖ ਭਲਾਈ ਸਕੀਮਾਂ ਲਈ 577 ਕਰੋੜ ਰੁਪਏ ਜਾਰੀ

ਚੰਡੀਗੜ, 19 ਫਰਵਰੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਵਿੱਤ ਵਿਭਾਗ ਨੇ ਪੰਜਾਬ ਰਾਜ ਬਿਜਲੀ ਨਿਗਮ, ਸਰਬੱਤ ਸਿਹਤ ਬੀਮਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਤੇ ਜਲ ਸਪਲਾਈ ਦੇ ਵੱਖ-ਵੱਖ ਪ੍ਰਾਜੈਕਟਾਂ ਲਈ 577 ਕਰੋੜ ਰੁਪਏ ਜਾਰੀ ਕੀਤੇ ਹਨ।ਕਿਸਾਨਾਂ ਨੂੰ ਖੇਤੀ ਟਿਊਬਵੈਲਾਂ ‘ਤੇ ਦਿੱਤੀ ਜਾਂਦੀ ਸਬਸਿਡੀ ਦੇ ਇਵਜ਼ ਵਿੱਚ ਪਾਵਰਕਾਮ ਨੂੰ 400 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰਾਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 135 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਜਿਸ ਨਾਲ ਬੀਮਾ ਕੰਪਨੀ ਨੂੰ ਦੂਜੀ ਕਿਸ਼ਤ ਦੀ ਅਦਾਇਗੀ ਕੀਤੀ ਜਾਣੀ ਹੈ। ਜ਼ਿਕਰਯੋਗ ਹੈ ਕਿ ਇਸ ਸਕੀਮ ਅਧੀਨ 45.89 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਸੂਬੇ ਦੀ ਲਗਪਗ 75 ਫੀਸਦੀ ਆਬਾਦੀ ਦੇ ਬਰਾਬਰ ਹੈ। ਇਸ ਸਕੀਮ ਹੇਠ ਪ੍ਰਤੀ ਪਰਿਵਾਰ 5 ਲੱਖ ਰੁਪਏ ਸਾਲਾਨਾ ਨਗਦ ਰਹਿਤ ਬੀਮੇ ਦਾ ਉਪਬੰਧ ਹੈ ਅਤੇ ਹੁਣ ਤੱਕ ਸਕੀਮ ਅਧੀਨ 181.55 ਕਰੋੜ ਰੁਪਏ ਦੀ ਲਾਗਤ ਨਾਲ 1.57 ਲੱਖ ਲਾਭਪਾਤਰੀਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਲਈ 27 ਕਰੋੜ ਰੁਪਏ ਅਤੇ ਸੂਬੇ ਵਿੱਚ ਜਲ ਸਪਲਾਈ ਦੇ ਵੱਖ-ਵੱਖ ਪ੍ਰਾਜੈਕਟਾਂ ਲਈ 15 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤਾਂ ਕਿ ਲੋਕਾਂ ਲਈ ਪੀਣ ਯੋਗ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।

Send this to a friend