ਮੰਤਰੀ ਮੰਡਲ ਵੱਲੋਂ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਰਾਹਤ
ਨਵੀਂ ਦਿੱਲੀ, 13 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਸੰਸਦ ਦੀ ਅਨੇਕਸੀ ਵਿੱਚ ਹੋਈ ਕੈਬਨਿਟ ਦੀ ਬੈਠਕ ਵਿੱਚ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿੱਚ 4 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕੈਬਨਿਟ ਦੀ ਬੈਠਕ ਵਿੱਚ ਇਹ ਵੀ ਫ਼ੈਸਲਾ ਲਿਆ ਹੈ ਕਿ ਵਿਦੇਸ਼, ਸਿਹਤ, ਸ਼ਹਿਰੀ ਹਵਾਬਾਜ਼ੀ, ਵਿੱਤ ਅਤੇ ਵਣਜ ਮੰਤਰਾਲੇ ਸਮੇਤ ਪੰਜਾਂ ਮੰਤਰਾਲਿਆਂ ਦੇ ਸੰਯੁਕਤ ਸਕੱਤਰ ਪ੍ਰੈੱਸ ਕਾਨਫਰੰਸ ਵਿੱਚ ਹਰ ਰੋਜ਼ ਕੋਰੋਨਾ ਵਾਇਰਸ ਬਾਰੇ ਜਾਣਕਾਰੀ ਦੇਣਗੇ। ਕੇਂਦਰੀ ਕਰਮਚਾਰੀਆਂ ਦੇ ਡੀ.ਏ. ਵਿੱਚ 4 ਫ਼ੀਸਦੀ ਵਾਧੇ ਦਾ ਮਤਲਬ ਹੈ ਕਿ ਮਾਸਿਕ ਤਨਖਾਹ ਵਿੱਚ 720 ਰੁਪਏ ਤੋਂ 10,000 ਰੁਪਏ ਪ੍ਰਤੀ ਮਹੀਨੇ ਦਾ ਵਾਧਾ ਹੋਵੇਗਾ। ਕੇਂਦਰ ਸਰਕਾਰ ਨੇ ਪਹਿਲਾਂ ਕਿਹਾ ਸੀ ਕਿ ਮਹਿੰਗਾਈ ਭੱਤਾ (ਡੀ.ਏ.) ਅਤੇ ਮਹਿੰਗਾਈ ਰਾਹਤ (ਡੀ.ਆਰ.) 1 ਜਨਵਰੀ 2020 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਭੁਗਤਾਨਯੋਗ ਸੀ। ਭੁਗਤਾਨਯੋਗ ਡੀ.ਏ/ਡੀ.ਆਰ. ਇਸ ਮਹੀਨੇ ਅਦਾ ਕੀਤੇ ਜਾਣਗੇ ਕਿਉਂਕਿ ਇਹ ਆਮ ਤੌਰ ਉੱਤੇ ਕੀਤਾ ਜਾਂਦਾ ਹੈ। ਇਸ ਤੋਂ ਪਹਿਲਾਂ 10 ਅਕਤੂਬਰ 2019 ਨੂੰ ਕੇਂਦਰੀ ਕਰਮਚਾਰੀਆਂ ਨੂੰ ਇਹ ਰਾਹਤ ਦਿੱਤੀ ਗਈ ਸੀ। ਉਦੋਂ ਮੋਦੀ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 5 ਫ਼ੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਸੀ। ਇਸ ਫ਼ੈਸਲੇ ਤੋਂ ਬਾਅਦ ਮਹਿੰਗਾਈ ਭੱਤਾ ਹੁਣ 12 ਤੋਂ ਵਧਾ ਕੇ 17 ਫ਼ੀਸਦੀ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਤਕਰੀਬਨ 50 ਲੱਖ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਇਆ ਹੈ।