ਤਲਵੰਡੀ ਸਾਬੋ, 15 ਮਾਰਚ (ਰਾਮ ਰੇਸ਼ਮ ਸ਼ਰਨ)- ਕੋਰੋਨਾਵਾਇਰਸ ਦੇ ਵਧ ਰਹੇ ਪ੍ਰਕੋਪ ਦੇ ਚਲਦਿਆਂ ਭਾਰਤ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਆਰਜ਼ੀ ਤੌਰ ‘ਤੇ ਬੰਦ ਕੀਤੇ ਜਾਣ ਦੇ ਫੈਸਲੇ ‘ਤੇ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਸਹਿਮਤੀ ਪ੍ਰਗਟਾਈ ਹੈ। ਜਥੇਦਾਰ ਨੇ ਸਿੱਖ ਸੰਗਤ ਨੂੰ ਵੀ ਕੋਰੋਨਾ ਵਾਇਰਸ ਦੇ ਚੱਲਦੇ ਵਿਸ਼ੇਸ਼ ਅਹਿਤਿਆਤ ਵਰਤਣ ਦੀ ਅਪੀਲ ਕੀਤੀ ਹੈ। ਦਮਦਮਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ‘ਚ ਕੋਰੋਨਾਵਾਇਰਸ ਨੂੰ ਮਹਾਂਮਾਰੀ ਐਲਾਨ ਦਿੱਤਾ ਗਿਆ ਹੈ। ਜਿਸ ਦੇ ਚੱਲਦੇ ਭਾਰਤ ਸਰਕਾਰ ਅਟਾਰੀ ਬਾਰਡਰ ਵੀ ਬੰਦ ਕਰ ਚੁੱਕੀ ਹੈ, ਲਿਹਾਜ਼ਾ ਅਹਿਤਿਆਤ ਵਜੋਂ ਭਾਰਤ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਆਰਜ਼ੀ ਤੌਰ ‘ਤੇ ਬੰਦ ਕਰਨਾ ਗੱਲਤ ਨਹੀ ਹੋਵੇਗਾ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤ ਨੂੰ ਵੀ ਕੋਰੋਨਾ ਵਾਇਰਸ ਦੇ ਚੱਲਦੇ ਵਿਸ਼ੇਸ਼ ਅਹਿਤਿਆਤ ਵਰਤਣ ਦੀ ਅਪੀਲ ਕੀਤੀ ਹੈ। ਜਥੇਦਾਰ ਨੇ ਆਖਿਆ ਹੈ ਕਿ ਸੰਗਤ ਹੱਥ ਮਿਲਾਉਣ ਦੀ ਜਗ੍ਹਾ ਫਤਿਹ ਬੁਲਾਉਣ ਨੂੰ ਤਰਜੀਹ ਦੇਣ।