ਨਸ਼ਾ ਤਸਕਰੀ ਦੇ ਕੇਸਾਂ ਦੇ ਜਲਦ ਨਿਪਟਾਰੇ ਲਈ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਜਲਦ
ਪਰਨੀਤ ਬਰਾੜ- ਕਾਰਜਕਾਰੀ ਸੰਪਾਦਕ ਚੰਡੀਗੜ੍ਹ, 18 ਜੂਨ (ਪੀ. ਟੀ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁਕੰਮਲ ਤੌਰ ’ਤੇ ਨਸ਼ਾ ਰਹਿਤ ਕਰਨ ਤੇ ਨਸ਼ਿਆਂ ਦੀ ਲਤ ਦਾ ਸ਼ਿਕਾਰ ਵਿਅਕਤੀਅ੍ਯਾਂ ਦਾ ਇਲਾਜ ਕਰਕੇ ਉਨ੍ਹਾਂ ਦਾ ਪੁਨਰ ਵਸੇਬਾ ਕਰਨ ਲਈ ਇਕ ਵਿਸਥਾਰਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਪੁਲਿਸ, ਸਿਹਤ ਵਿਭਾਗ, ਸਿਵਲ ਪ੍ਰਸ਼ਾਸ਼ਨ ਅਤੇ ਗੈਰ ਸਰਕਾਰੀ ਸੰਗਠਨ ਮਿਲਕੇ ਕੰਮ ਕਰਨਗੇ। ਜੰਗੀ ਪੱਧਰ ’ਤੇ ਚੱਲ ਰਹੇ ਇਸ ਮਿਸ਼ਨ ਦੀ ਨਿਗਰਾਨੀ ਲਈ ਪੰਜਾਬ ਸਟੇਟ ਨਾਰਕੋਟਿਕ ਬਿਊਰੋ ਦੀ ਵੀ ਸਥਾਪਨਾ ਕੀਤੀ ਗਈ ਹੈ। ਅੱਜ ਇੱਥੇ ਮੁੱਖ ਸਕੱਤਰ ਪੰਜਾਬ ਸ੍ਰੀ ਸਰਵੇਸ਼ ਕੌਸ਼ਲ ਤੇ ਬਿਓਰੋ ਦੇ ਆਈ.ਜੀ. ਸ੍ਰੀ ਈਸ਼ਵਰ ਸਿੰਘ ਨਾਲ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ੳੁੱਪ ਮੁੱਖ ਮੰਤਰੀ
ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਜੰਗ ਦੂਜੇ ਪੜਾਅ ਵਿਚ ਸ਼ਾਮਿਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ 27,000 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਵਿਚ ਲੱਗਭਗ 200 ਮੁੱਖ ਸਰਗਣੇ ਸ਼ਾਮਿਲ ਹਨ ਜਿਨ੍ਹਾਂ ਵਿਚੋ 140 ਕਾਬੂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਵਿਚ ਕੁਝ ਬੀ.ਐਸ.ਐਫ. ਦੇ ਜਵਾਨ ਤੇ ਪੰਜਾਬ ਪੁਲਿਸ ਦੇ 24 ਮੁਲਾਜਮ ਤੇ ਇਕ ਡੀ.ਐਸ.ਪੀ. ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਵੱਡੀ ਮਾਤਰਾ ਵਿਚ ਨਸ਼ਿਆਂ ਦੇ ਕੈਪਸੂਲ,ਦਵਾਈਆਂ ਅਤੇ ਟੀਕਿਆਂ ਤੋਂ ਇਲਾਵਾ ਭਾਰੀ ਮਾਤਰਾ ਵਿਚ ਨਸ਼ੀਲੀਆਂ ਵਸਤਾਂ ਕਾਬੂ ਕੀਤੀਆਂ ਗਈਆਂ ਹਨ ਜੋ ਕਿ ਦੇਸ਼ ਵਿਚ ਇਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁਧ ਮੁਹਿੰਮ ਦੀ ਨਿਗਰਾਨੀ ਲਈ ਸਥਾਪਿਤ ਕੀਤੀ ਗਈ ’ਪੰਜਾਬ ਸਟੇਟ ਨਾਰਕੋਟਿਕ ਬਿਊਰੋ’ ਆਈ.ਜੀ. ਸ੍ਰੀ ਈਸ਼ਵਰ ਸਿੰਘ ਦੀ ਨਿਗਰਾਨੀ ਹੇਠ ਅਜਾਦਾਨਾ ਤੌਰ ’ਤੇ ਕੰਮ ਕਰੇਗੀ, ਜਿਸ ਵਿਚ ਸਿਹਤ ਵਿਭਾਗ ਤੋਂ ਡਾ.ਅਵਸਥੀ ਤੇ ਪੰਜਾਬ ਪ੍ਰਸ਼ਾਸ਼ਕੀ ਸੁਧਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਪ੍ਰਮੋਦ ਕੁਮਾਰ ਵੀ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਾ ਤਸਕਰੀ ਲਈ ਅੰਤਰਰਾਸ਼ਟਰੀ ਰੂਟ ਵਜੋਂ ਵਰਤਿਆ ਜਾ ਰਿਹਾ ਹੈ, ਜਿਸ ਰਾਹੀਂ ਪਾਕਿਸਤਾਨ ਤੋਂ ਸਪਲਾਈ ਨਸ਼ੀਲੇ ਪਦਾਰਥ ਅੱਗੇ ਭੇਜੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬਿਊਰੋ ਨਾਰਕੋਟਿਕ ਕੰਟਰੋਲ ਬਿਊਰੋ ਆਫ ਇੰਡੀਆ, ਡਾਇਰੈਕਟੋਰੇਟ ਆਫ ਰੈਵੀਨਿਊ ਇੰਟੈਲੀਜੈਂਸ ਤੇ ਬੀ.ਐਸ.ਐਫ. ਨਾਲ ਤਾਲਮੇਲ ਕਰਕੇ ਕੰਮ ਕਰੇਗੀ। ਬਿਊਰੋ ਵਲੋਂ ਜਿੱਥੇ ਨਸ਼ਿਆਂ ਦੀ ਰੋਕਥਾਮ ਲਈ ਕੰਮ ਕੀਤਾ ਜਾਵੇਗਾ ਉੱਥੇ ਸਿਹਤ ਵਿਭਾਗ ਨਾਲ ਮਿਲਕੇ ਨਸ਼ਾ ਛੁਡਾਉਣ ਲਈ ਇਕ ਡੀ.ਆਈ.ਜੀ ਪੱਧਰ ਦਾ ਅਧਿਕਾਰੀ ਨਿਗਰਾਨੀ ਰੱਖੇਗਾ। ਸ. ਬਾਦਲ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਸਖਤੀ ਕਾਰਨ ਅਤੇ ਨਸ਼ਾ ਤਸਕਰਾਂ ਨੂੰ ਜੇਲਾਂ ਵਿਚ ਡੱਕਣ ਕਾਰਨ ਨਸ਼ਿਆਂ ਦੀ ਸਪਲਾਈ ਲਾਇਨ ਟੁੱਟ ਚੁੱਕੀ ਹੈ, ਜਿਸ ਕਰਕੇ ਹੁਣ ਪੰਜਾਬ ਸਰਕਾਰ ਵਲੋਂ ਨਸ਼ਾ ਛੁਡਾਉਣ ਵੱਲ ਵੀ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ, ਜਿਸਦੀ ਅਗਵਾਈ ਮੁੱਖ ਸਕੱਤਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ 141 ਮੁੱਢਲੇ ਸਿਹਤ ਕੇਂਦਰ੍ਯਾਂ ਵਿਚ ਨਸ਼ਾ ਛੁਡਾਉਣ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਾਰੇ ਨਸ਼ਾ ਛੁਡਾਊ ਕੇਂਦਰਾਂ ਨੂੰ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਵੀ ਮੁਫਤ ਦਿੱਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਜੋ ਨੌਜਵਾਨ ਨਸ਼ਾ ਛੱਡਣ ਜਾਣਗੇ ਉਨ੍ਹਾਂ ਦੇ ਮੁੜ ਵਸੇਬੇ ਲਈ 220 ਮੁੜ ਵਸੇਬਾ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ, ਅਤੇ ਇਸ ਸਾਰੀ ਪ੍ਰਕ੍ਰਿਆ ਦੀ ਦੇਖ-ਰੇਖ ਸੂਬੇ ਭਰ ਵਿਚ 11 ਆਈ.ਏ.ਐਸ. ਤੇ ਆਈ.ਪੀ.ਐਸ. ਅਧਿਕਾਰੀ ਕਰਨਗੇ।
ਇਸ ਮੌਕੇ ਸ. ਬਾਦਲ ਨੇ ਨਸ਼ਿਆਂ ਦੀ ਸਪਲਾਈ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਲਈ ਹੈਲਪਲਾਇਨ 181 ਤੋਂ ਇਲਾਵਾ, ਫੋਨ ਨੰ: 76961-81181 ’ਤੇ ਐਸ.ਐਮ.ਐਸ., 0172-6626181 ਫੈਕਸ, ਸਨਚਬਪੁਨਜੳਬ0ਗਮੳਲਿ.ਚੋਮ, ਾ.ਡੳਚੲਬੋਕ.ਚੋਮ/ਪੳਗੲਸ/ਸਟੳਟੲ-ਂੳਰਚੋਟਚਿਸ-3ੋਨਟਰੋਲ-2ੁਰੲਉ-ਫੁਨਜੳਬ-9ਨਦੳਿ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਅਜਿਹੀ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਨਸ਼ਾ ਤਸਕਰਾਂ ਨੂੰ ਸਿਆਸੀ ਸਰਪ੍ਰਸਤੀ ਬਾਰੇ ਇਕ ਸਵਾਲ ਦੇ ਜਵਾਬ ਵਿਚ ਸ. ਬਾਦਲ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨਾਲ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ , ਉਹ ਭਾਵੇਂ ਕੋਈ ਵੀ ਰੁਤਬਾ ਰਖਦਾ ਹੋਵੇ । ਉਨ੍ਹਾਂ ਕਿਹਾ ਕਿ ਸੂਬੇ ਦਾ ਗ੍ਰਹਿ ਮੰਤਰੀ ਹੋਣ ਦੇ ਨਾਤੇ ਉਹ ਕਹਿ ਸਕਦੇ ਹਨ ਕਿ ਸੂਬੇ ਵਿਚ ਨਸ਼ਾ ਤਸਕਰਾਂ ਨੂੰ ਸਿਆਸੀ ਸ਼ਹਿ ਬਿਲਕੁਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੈਡੀਕਲ ਨਸ਼ਿਆਂ ਨੂੰ ਰੋਕਣ ਲਈ ਪਿਛਲੇ 3 ਸਾਲ ਤੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਸੀ, ਜਿਸ ਤਹਿਤ ਸਾਲ 2011 ਦੌਰਾਨ 61 ਲੱਖ ਨਸ਼ੀਲੇ ਕੈਪਸੂਲ, 2012 ਦੌਰਾਨ 1 ਕਰੋੜ 14 ਲੱਖ ਤੇ 2013 ਦੌਰਾਨ 3 ਕਰੋੜ 50 ਲੱਖ ਕੈਪਸੂਲ ਤੇ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਰਾਕ ਵਿਚ ਅਗਵਾ ਕੀਤੇ ਗਏ ਪੰਜਾਬੀਆਂ ਬਾਰੇ ਸਵਾਲ ਦੇ ਉੱਤਰ ਵਿਚ ਸ. ਬਾਦਲ ਨੇ ਕਿਹਾ ਕਿ ਅੱਜ ਸਵੇਰ ਹੀ ਉਨ੍ਹਾਂ ਨੂੰ ਕੇਂਦਰੀ ਵਿਦੇਸ਼ ਮੰਤਰੀ ਸ੍ਰੀਮਤੀ ਸ਼ੁਸ਼ਮਾ ਸਵਰਾਜ ਵਲੋਂ ਫੋਨ ਕੀਤਾ ਗਿਆ ਸੀ, ਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਇਸ ਮਾਮਲੇ ’ਤੇ ਕੇਂਦਰ ਸਰਕਾਰ ਨਾਲ ਸਿੱਧਾ ਸੰਪਰਕ ਬਣਾਇਆ ਹੋਇਆ ਹੈ। ਇਸ ਮੌਕੇ ਉਪ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਜੰਗਵੀਰ ਸਿੰਘ, ਪ੍ਰਮੁੱਖ ਸਕੱਤਰ ਪੀ.ਐਸ.ਔਜਲਾ, ਏ.ਡੀ.ਜੀ.ਪੀ ਇੰਟੈਲੀਜੈਂਸ ਸ਼੍ਰੀ ਹਰਦੀਪ ਸਿੰਘ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀ ਅਸ਼ਵਨੀ ਸ਼ਰਮਾ ਵੀ ਹਾਜ਼ਰ ਸਨ।