Skip to content
Independent perspectives. Global stories.
BREAKING

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦਾ ਅਕਾਲ ਚਲਾਣਾ

Share this story

ਭਾਈ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਅਫ਼ਸੋਸ ਪ੍ਰਗਟ

ਅੰਮ੍ਰਿਤਸਰ, 7 ਅਕਤੂਬਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਅੱਜ ਅਕਾਲ ਚਲਾਣਾ ਕਰ ਗਏ। ਉਹ ਬੀਤੇ ਕੁਝ ਦਿਨਾਂ ਤੋਂ ਸਿਹਤ ਨਾਸਾਜ਼ ਹੋਣ ਕਾਰਨ ਸਥਾਨਕ ਇਕ ਹਸਪਤਾਲ ਵਿਚ ਜ਼ੇਰੇ-ਇਲਾਜ਼ ਸਨ। ਉਨ੍ਹਾਂ ਦੇ ਅੱਜ ਸਵੇਰੇ ਕਰੀਬ 7 ਵਜੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਨਾਲ ਸਿੱਖ ਸੰਗਤਾਂ ਅੰਦਰ ਸੋਗ ਦੀ ਲਹਿਰ ਫੈਲ ਗਈ। ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਸਿੱਖ ਪੰਥ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਭਾਈ ਲੌਂਗੋਵਾਲ ਨੇ ਆਖਿਆ ਕਿ ਗਿਆਨੀ ਸੁਖਜਿੰਦਰ ਸਿੰਘ ਦਾ ਚਲਾਣਾ ਸਿੱਖ ਹਲਕਿਆਂ ਵਿਚ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਸਿੰਘ ਸਾਹਿਬ ਦੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਸਿੰਘ ਸਾਹਿਬ ਗਿਆਨੀ ਮਾਨ ਸਿੰਘ ਸਮੇਤ ਹੋਰ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਅੰਤਿ੍ਰੰਗ ਮੈਂਬਰਾਨ ਨੇ ਚਲਾਣੇ ’ਤੇ ਹਮਦਰਦੀ ਪ੍ਰਗਟਾਈ। ਅਫ਼ਸੋਸ ਪ੍ਰਗਟ ਕਰਨ ਵਾਲਿਆਂ ਵਿਚ ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ ਆਦਿ ਸ਼ਾਮਲ ਸਨ।

WRITTEN BY