December 10, 2023 2:12 am

ਡੀਸੀ ਨੇ ਮਾਲ ਅਧਿਕਾਰੀਆਂ ਨੂੰ ਕਿਹਾ-ਜ਼ਮੀਨ ਦੀ ਤਕਸੀਮ ਸਬੰਧੀ ਕੇਸਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ

ਰਿਕਵਰੀ ਰਾਸ਼ੀ ਦਾ ਭੁਗਤਾਨ ਨਾ ਕਰਨ ਵਾਲਿਆਂ ਨੂੰ ਕੱਢੇ ਜਾਣਗੇ ਨੋਟਿਸ

ਜਲੰਧਰ, 10 ਦਸੰਬਰ – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮਾਲ ਅਧਿਕਾਰੀਆਂ ਨੂੰ ਜ਼ਮੀਨ ਦੀ ਤਕਸੀਮ ਸੰਬੰਧੀ ਬਕਾਇਆ ਪਏ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰ ਕੇ ਲੋਕਾਂ ਦੀ ਸਹੂਲਤ ਲਈ ਇੱਕ ਵਿਹਾਰਕ ਵਿਧੀ ਨੂੰ ਵਿਕਸਤ ਕਰਨ ਦੀਆਂ ਹਦਾਇਤਾਂ ਦਿੱਤੀਆਂ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਮਹੀਨਾਵਾਰ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲ ਅਧਿਕਾਰੀ ਲਾਜ਼ਮੀ ਤੌਰ ‘ਤੇ ਅਜਿਹੇ ਮਾਮਲਿਆਂ ਵਿੱਚ ਘੱਟੋ-ਘੱਟ ਪੈਂਡੈਂਸੀ ਨੂੰ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜਿਹੜੇ ਕੇਸਾਂ ਵਿੱਚ ਸਾਰੇ ਹਿੱਸੇਦਾਰ ਪਹਿਲਾਂ ਹੀ ਅਜਿਹੀਆਂ ਆਪਸੀ ਤਕਸੀਮਾਂ ਸਬੰਧੀ ਸਹਿਮਤੀ ਦੇ ਚੁੱਕੇ ਹਨ, ਉਨ੍ਹਾਂ ਦਾ ਨਿਪਟਾਰਾ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧ ਵਿੱਚ ਅਧਿਕਾਰੀਆਂ ਵੱਲੋਂ ਕਿਸੇ ਕਿਸਮ ਦੀ ਢਿੱਲਮੱਠ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਕ ਹੋਰ ਮੁੱਦੇ ‘ਤੇ ਵਿਚਾਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਉਨ੍ਹਾਂ ਕੋਲੋਂ ਮੰਗੀਆਂ ਗਈਆਂ ਰਿਪੋਰਟਾਂ ਸਮੇਂ ਸਿਰ ਜਮ੍ਹਾ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਕੋਈ ਵੀ ਮੰਗੀ ਗਈ ਰਿਪੋਰਟ ਨਿਰਧਾਰਿਤ ਪ੍ਰੋਫਾਰਮੇ ਵਿਚ ਮਿੱਥੀ ਗਈ ਸਮਾਂ ਸੀਮਾਂ ਵਿੱਚ ਉਨ੍ਹਾਂ ਦੇ ਦਫ਼ਤਰ ਵਿੱਚ ਭੇਜੀ ਜਾਵੇਗੀ ।ਥੋਰੀ ਨੇ ਅਧਿਕਾਰੀਆਂ ਨੂੰ ਡਿਫਾਲਟਰਾਂ ਤੋਂ ਉਗਰਾਹੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਰਿਕਵਰੀ ਰਾਸ਼ੀ ਦਾ ਭੁਗਤਾਨ ਨਾ ਕਰਨ ਵਾਲਿਆਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਫਾਲਟਰਾਂ ਤੋਂ ਰਿਕਵਰੀ ਰਾਸ਼ੀ ਦੀ ਉਗਰਾਹੀ ਜਲਦੀ ਤੋਂ ਜਲਦੀ ਕਰਨ ਲਈ ਠੋਸ ਯਤਨ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਨੂੰ ਜਲਦੀ ਤੋਂ ਜਲਦੀ ਆਸ਼ਰਿਤ ਸਰਟੀਫਿਕੇਟ ਜਾਰੀ ਕਰਨ ਲਈ ਮਾਨਵੀ ਦ੍ਰਿਸ਼ਟੀ ਅਪਣਾਉਣ ਲਈ ਵੀ ਕਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐਸ.ਡੀ.ਐਮਜ਼ ਰਾਹੁਲ ਸਿੰਧੂ, ਗੌਤਮ ਜੈਨ, ਡਾ. ਜੈ ਇੰਦਰ ਸਿੰਘ, ਡਾ. ਵਿਨੀਤ ਕੁਮਾਰ, ਸੰਜੀਵ ਕੁਮਾਰ ਸ਼ਰਮਾ ਅਤੇ ਮਾਲ ਵਿਭਾਗ ਦੇ ਅਧਿਕਾਰੀ ਮੌਜੂਦ ਸਨ ।

Send this to a friend