April 21, 2024 5:32 pm

ਡੀਸੀ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ-55 ਮਾਡਲ ਖੇਡ ਮੈਦਾਨਾਂ, 55 ਛੱਪੜਾਂ ਅਤੇ 128 ਸਕੂਲਾਂ ਦੇ ਪ੍ਰਾਜੈਕਟ ਸਮੇਂ ‘ਤੇ ਮੁਕੰਮਲ ਜਾਣ

ਜਲੰਧਰ ਵਿੱਚ ਸਾਢੇ 9 ਕਰੋੜ ਰੁਪਏ ਦੀ ਲਾਗਤ ਨਾਲ ਮਗਨਰੇਗਾ ਪ੍ਰੋਗਰਾਮ ਤਹਿਤ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ

ਜਲੰਧਰ, 10 ਦਸੰਬਰ – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੀਰਵਾਰ ਨੂੰ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ 55 ਮਾਡਲ ਖੇਡ ਦੇ ਮੈਦਾਨ, 55 ਮਾਡਲ ਛੱਪੜਾਂ ਅਤੇ 128 ਸਕੂਲਾਂ ਵਿੱਚ ਦੀਵਾਰਾਂ ਦੀ ਮੁਰੰਮਤ ਜਾਂ ਨਿਰਮਾਣ ਦੇ ਚੱਲ ਰਹੇ ਪ੍ਰਾਜੈਕਟ ਸਮਾਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਰੰਟੀ ਐਕਟ (ਮਗਨਰੇਗਾ) ਅਤੇ ਕਨਵਰਜੈਂਸ ਅਧੀਨ ਚੱਲ ਰਹੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੀ ਮੌਜੂਦ ਸਨ।ਉਨ੍ਹਾਂ ਦੱਸਿਆ ਕਿ ਜਲੰਧਰ ਵਿੱਚ ਮਗਨਰੇਗਾ ਸਕੀਮ ਅਧੀਨ ਚਾਰਦੀਵਾਰੀ ਦੀ ਮੁਰੰਮਤ ਅਤੇ ਉਸਾਰੀ ਸਮੇਤ 128 ਕਾਰਜਾਂ ਲਈ 2.79 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਅਤੇ 50 ਕਾਰਜ ਪਹਿਲਾਂ ਹੀ ਆਰੰਭ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਕਿਹਾ ਕਿ 2.43 ਕਰੋੜ ਰੁਪਏ ਦੀ ਲਾਗਤ ਨਾਲ 60 ਮਾਡਲ ਖੇਡ ਮੈਦਾਨਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ 34 ਥਾਵਾਂ ‘ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਇਸੇ ਤਰ੍ਹਾਂ 55 ਮਾਡਲ ਛੱਪੜਾਂ ਦਾ ਪ੍ਰਾਜੈਕਟ ਵੀ ਚੱਲ ਰਿਹਾ ਹੈ ਅਤੇ 4.29 ਕਰੋੜ ਦੀ ਲਾਗਤ ਨਾਲ 33 ਥਾਵਾਂ ‘ਤੇ ਨਿਰਮਾਣ ਵੀ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਛੱਪੜ ਵਾਤਾਵਰਣ ਅਨੁਕੂਲ ਢੰਗ ਨਾਲ ਸਿੰਜਾਈ ਲਈ ਸੋਧੇ ਹੋਏ ਗੰਦੇ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਉਣਗੇ।ਅਧਿਕਾਰੀਆਂ ਨੇ ਦੱਸਿਆ ਕਿ ਬਾਕੀ ਕੰਮਾਂ ਲਈ ਟੈਂਡਰ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ ਅਤੇ ਇਹ ਅਗਲੇ ਹਫਤੇ ਦੇ ਅੰਦਰ ਸ਼ੁਰੂ ਹੋ ਜਾਣਗੇ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇਣ ਨੂੰ ਕਿਹਾ ਤਾਂ ਜੋ ਰਾਜ ਸਰਕਾਰ ਦੀਆਂ ਲੋਕ ਭਲਾਈ ਅਤੇ ਵਿਕਾਸ ਪੱਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਨੂੰ ਦਿੱਤਾ ਜਾ ਸਕੇ।ਉਨ੍ਹਾਂ ਕਿਹਾ ਕਿ ਇਸ ਦੇ ਲਈ ਅਧਿਕਾਰੀ/ਕਰਮਚਾਰੀ ਪੂਰੀ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਸਮਾਜ ਦਾ ਗਰੀਬ ਅਤੇ ਕਮਜ਼ੋਰ ਵਰਗ ਰਾਜ ਸਰਕਾਰ ਦੀਆਂ ਨੀਤੀਆਂ ਦਾ ਲਾਭ ਪ੍ਰਾਪਤ ਕਰ ਸਕੇ।ਸਰਕਾਰੀ ਯੋਜਨਾਵਾਂ ਤਹਿਤ ਫੰਡਾਂ ਦੀ ਸਰਬੋਤਮ ਵਰਤੋਂ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਯਕੀਨੀ ਹੋਵੇਗਾ ਕਿ ਪੈਸਾ ਸਹੀ ਦਿਸ਼ਾ ਵਿਚ ਖਰਚ ਕੀਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸਡੀਐਮ ਰਾਹੁਲ ਸਿੰਧੂ, ਗੌਤਮ ਜੈਨ, ਡਾ. ਜੈ ਇੰਦਰ ਸਿੰਘ, ਵਿਨੀਤ ਕੁਮਾਰ, ਸੰਜੀਵ ਕੁਮਾਰ ਸ਼ਰਮਾ ਅਤੇ ਕਈ ਵਿਭਾਗਾਂ ਦੇ ਮੁਖੀ ਮੌਜੂਦ ਸਨ ।

Send this to a friend