April 22, 2026 6:21 pm

ਸ਼ਹੀਦੀ ਸਭਾ ਦੌਰਾਨ ਮਾਹੌਲ ਖਰਾਬ ਕਰਨ ਵਾਲੇ ਲੋਕਾਂ ਖਿਲਾਫ਼ ਪੁਲਿਸ ਪ੍ਰਸ਼ਾਸਨ ਕਾਰਵਾਈ ਕਰੇ- ਬੀਬੀ ਜਗੀਰ ਕੌਰ

ਅੰਮ੍ਰਿਤਸਰ, 30 ਦਸੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਨਾਅਰੇਬਾਜ਼ੀ ਕਰਕੇ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਿਨ੍ਹਾਂ ਲੋਕਾਂ ਨੇ ਇਹ ਹਰਕਤ ਕੀਤੀ ਹੈ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਸ਼ਰਧਾ ਨਾਲ ਪੁੱਜੀ ਸੰਗਤ ਦੀ ਸ਼ਰਧਾ ਨੂੰ ਸੱਟ ਮਾਰਨਾ ਸ਼ਹੀਦੀ ਸਭਾ ਦੀ ਭਾਵਨਾ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸੰਗਤ ਦੀ ਭਾਵੁਕਤਾ ਨਾਲ ਜੁੜਿਆ ਹੋਇਆ ਹੈ ਅਤੇ ਇਸ ਮੌਕੇ ਸੰਗਤਾਂ ਵੈਰਾਗ ਦੀ ਭਾਵਨਾ ਵਿਚ ਹੁੰਦੀਆਂ ਹਨ। ਇਸ ਦੌਰਾਨ ਨਾਅਰੇਬਾਜ਼ੀ ਕਰਕੇ ਰਾਜਸੀ ਹਿੱਤਾਂ ਦੀ ਪੂਰਤੀ ਕਰਨ ਵਾਲੇ ਲੋਕਾਂ ਨੂੰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸਤਿਕਾਰ ਦਾ ਖਿਆਲ ਕਰਨਾ ਚਾਹੀਦਾ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਰਾਹੀਂ ਸਥਾਨਕ ਪੁਲਿਸ ਥਾਣੇ ਅੰਦਰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਸਬੰਧਤ ਲੋਕਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਖਿਲਾਫ਼ ਕਰੜੀ ਕਰਵਾਈ ਕਰੇ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਅੰਦਰ ਕਿਸੇ ਨੂੰ ਵੀ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

Send this to a friend