ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਖਿਡਾਰਨ ਨੂੰ ਇਕ ਲੱਖ ਰੁਪਏ ਦੀ ਸਨਮਾਨਿਤ ਰਾਸ਼ੀ ਦਾ ਚੈੱਕ ਦਿੱਤਾ
ਅੰਮ੍ਰਿਤਸਰ, 6 ਜਨਵਰੀ- ਸੀਨੀਅਰ ਕੌਮੀ ਖੇਡਾਂ ਦੌਰਾਨ ਤੀਰ ਅੰਦਾਜ਼ੀ ਵਿਚ ਸੋਨੇ ਦਾ ਤਮਗਾ ਜਿੱਤਣ ’ਤੇ ਪ੍ਰਭਜੋਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਖ਼ਾਲਸਾ ਕਾਲਜ ਪਟਿਆਲਾ ਨਾਲ ਸਬੰਧਤ ਇਸ ਖਿਡਾਰਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਨਮਾਨਿਤ ਰਾਸ਼ੀ ਦਾ ਚੈੱਕ ਸੌਂਪਦਿਆਂ ਉਸ ਦੀਆਂ ਖੇਡ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਨੌਜੁਆਨੀ ਨੂੰ ਅਜਿਹੇ ਹੋਣਹਾਰ ਖਿਡਾਰੀਆਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨੌਜੁਆਨ ਕੌਮ ਦਾ ਭਵਿੱਖ ਹਨ ਅਤੇ ਇਨ੍ਹਾਂ ਦੀ ਹੌਸਲਾ ਅਫ਼ਜਾਈ ਕਰਨਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦਾ ਫ਼ਰਜ਼ ਹੈ। ਉਨ੍ਹਾਂ ਆਖਿਆ ਕਿ ਵੱਖ-ਵੱਖ ਖੇਤਰਾਂ ਵਿਚ ਜ਼ਿਕਰਯੋਗ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ਸਨਮਾਨਿਤ ਰਾਸ਼ੀ ਦੇਣ ਦੇ ਫੈਸਲੇ ਤਹਿਤ ਪ੍ਰਭਜੋਤ ਕੌਰ ਨੂੰ ਇਕ ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ। ਉਨ੍ਹਾਂ ਪ੍ਰਭਜੋਤ ਕੌਰ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਪ੍ਰਭਜੋਤ ਕੌਰ ਤੋਂ ਭਵਿੱਖ ਵਿਚ ਅਜਿਹੀਆਂ ਹੋਰ ਪ੍ਰਾਪਤੀਆਂ ਦੀ ਆਸ ਪ੍ਰਗਟ ਕੀਤੀ। ਇਸ ਮੌਕੇ ਪ੍ਰਭਜੋਤ ਕੌਰ ਅਤੇ ਉਸ ਦੇ ਮਾਤਾ-ਪਿਤਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਮਹਾਨ ਸੰਸਥਾ ਹੈ ਅਤੇ ਇਸ ਵੱਲੋਂ ਖਿਡਾਰੀਆਂ ਨੂੰ ਉਤਸ਼ਾਹਤ ਕਰਨਾ ਨੌਜੁਆਨਾਂ ਨੂੰ ਖੇਡਾਂ ਦੇ ਖੇਤਰ ਵੱਲ ਪ੍ਰੇਰਿਤ ਕਰਨ ਲਈ ਅਹਿਮ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਅੰਤ੍ਰਿੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਨਵਤੇਜ ਸਿੰਘ ਕਾਉਣੀ, ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਭਜਨ ਸਿੰਘ ਮਸਾਣਾਂ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਮਿੱਠੂ ਸਿੰਘ ਕਾਹਨੇਕੇ, ਸ. ਅਮਰੀਕ ਸਿੰਘ ਸ਼ਾਹਪੁਰ, ਮੈਂਬਰ ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਹਰਪਾਲ ਸਿੰਘ ਜੱਲ੍ਹਾ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ ਆਦਿ ਹਾਜ਼ਰ ਸਨ।