ਚੰਡੀਗੜ੍ਹ, 12 ਜਨਵਰੀ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਲੋਕਾਂ ਨੂੰ ਲੋਹੜੀ ਦੇ ਸ਼ੁਭ ਮੌਕੇ ’ਤੇ ਨਿੱਘੀ ਮੁਬਾਰਕਬਾਦ ਦਿੱਤੀ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਤੋਂ ਇਲਾਵਾ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਇਨ੍ਹਾਂ ਕਾਨੂੰਨਾਂ ਬਾਬਤ ਖ਼ਦਸ਼ਿਆਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕੀਤਾ ਜਾਵੇ।ਆਪਣੇ ਵਧਾਈ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਤਿਉਹਾਰ ਸਾਡੀ ਸਮੁੱਚੀ ਸੱਭਿਆਚਾਰਕ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ ਜੋ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਮਿਲਵਰਤਣ ਅਤੇ ਭਾਈਚਾਰੇ ਨੂੰ ਉਤਸ਼ਾਹਿਤ ਕਰਦੇ ਹਨ।ਸੂਬੇ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਪ੍ਰਾਰਥਨਾ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਤਿਉਹਾਰਾਂ ਦੇ ਜਸ਼ਨ ਸਾਡੇ ਸਮਾਜ ਦੇ ਸਮੂਹ ਵਰਗਾਂ ਨੂੰ ਆਪਸੀ ਪਿਆਰ ਅਤੇ ਹਮਦਰਦੀ ਦੀ ਭਾਵਨਾ ਨਾਲ ਜੋੜਦੇ ਹਨ।