Skip to content
Independent perspectives. Global stories.
BREAKING

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

Share this story

ਅੰਮ੍ਰਿਤਸਰ, 16 ਫ਼ਰਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਇਸ ਮੌਕੇ ਕਥਾਵਾਚਕ ਭਾਈ ਹਰਮਿਤਰ ਸਿੰਘ ਨੇ ਸੰਗਤ ਨੂੰ ਬੀਬੀ ਭਾਨੀ ਜੀ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਬੀਬੀ ਭਾਨੀ ਜੀ ਦਾ ਸਾਰਾ ਜੀਵਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਸੀ। ਉਨ੍ਹਾਂ ਦਾ ਜੀਵਨ ਸੇਵਾ, ਸਿਮਰਨ, ਸੰਜਮ ਆਦਿ ਗੁਣਾਂ ਨਾਲ ਭਰਪੂਰ ਸੀ। ਭਾਈ ਹਰਮਿਤਰ ਸਿੰਘ ਨੇ ਸਿੱਖ ਬੀਬੀਆਂ ਨੂੰ ਬੀਬੀ ਭਾਨੀ ਜੀ ਦੇ ਜੀਵਨ ਸੇਧਾਂ ਅਨੁਸਾਰ ਆਪਣੇ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਓ.ਐਸ.ਡੀ. ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਨਿਸ਼ਾਨ ਸਿੰਘ, ਸ. ਲਖਬੀਰ ਸਿੰਘ, ਸ. ਮਨਜੀਤ ਸਿੰਘ ਇੰਚਾਰਜ, ਸ. ਕਾਰਜ ਸਿੰਘ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਹਾਜ਼ਰ ਸੀ।

WRITTEN BY