ਚੰਡੀਗੜ੍ਹ, 30 ਜੂਨ (ਪੀ.ਟੀ.)-ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਪਾਰਟੀ ਵੱਲੋਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜ਼ੋਰ ਕਰਨ ਲਈ ਹਰਿਆਣਾ ਵਿੱਚ ਵੱਖਰੀ ਕਮੇਟੀ ਬਣਾਉਣ ਦੀਆਂ ਕੋਸ਼ਿਸ਼ਾਂ ਦੀ ਸਖਤ ਆਲੋਚਨਾ ਕਰਦਿਆਂ ਇਸ ਨੂੰ ਸਿਆਸੀ ਸਟੰਟ ਕਰਾਰ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਤੇ ਬੁਲਾਰੇ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਆਖਿਆ ਕਿ ਕਾਂਗਰਸ ਪਾਰਟੀ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਨੂੰ ਸਾਹਮਣੇ ਰੱਖ ਕੇ ਵੱਖਰੀ ਗੁਰਦੁਆਰਾ ਕਮੇਟੀ ਦੀ ਗੱਲ ਕਰ ਕੇ ਸਿੱਖ ਧਰਮ ਵਿੱਚ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹੇ ਮਾਹੌਲ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਵਰਗੇ ਆਗੂ ਵੱਖਰੀ ਕਮੇਟੀ ਦੀ ਹਮਾਇਤ ਕਰ ਕੇ ਬਲਦੀ ’ਤੇ ਤੇਲ ਪਾਉਣ ਦਾ ਕੰਮ ਕਰ ਰਹੇ ਹਨ।ਡਾ. ਚੀਮਾ ਨੇ ਅੱਗੇ ਕਿਹਾ ਕਿ ਇਹ ਹਰਿਆਣਾ ਦੀ ਮੁੱਖ
ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਫਿਤਰਤ ਹੀ ਬਣ ਗਈ ਹੈ ਕਿ ਜਦੋਂ ਹਰਿਆਣਾ ਵਿੱਚ ਚੋਣਾਂ ਆਉਂਦੀਆਂ ਹਨ ਤਾਂ ਵੱਖਰੀ ਕਮੇਟੀ ਦੀ ਗੱਲ ਤੋਰ ਲੈਂਦੇ ਹਨ ਪਰ ਹਰ ਵਾਰ ਦੀ ਤਰ੍ਹਾਂ ਸ੍ਰੀ ਹੁੱਡਾ ਨੂੰ ਸਿੱਖਾਂ ਦੀ ਏਕਤਾ ਅੱਗੇ ਮੂੰਹ ਦੀ ਖਾਣੀ ਪਵੇਗੀ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਚੇਤੇ ਕਰਵਾਉਂਦੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਵੀ ਲੰਬੇ ਸਮੇਂ ਤੋਂ ਸਿੱਖਾਂ ਵਿੱਚ ਵੰਡੀਆਂ ਪਾਉਣ ਦੀਆਂ ਕੋਝੀਆਂ ਚਾਲਾਂ ਚੱਲਦੇ ਆ ਰਹੇ ਹਨ ਅਤੇ ਆਪਣੀ ਸੱਤਾ ਦੌਰਾਨ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ ਸੀ ਅਤੇ ਇਹੋ ਹਸ਼ਰ ਹੁਣ ਹਰਿਆਣਾ ਦੇ ਕਾਂਗਰਸੀ ਮੁੱਖ ਮੰਤਰੀ ਨਾਲ ਹੋਵੇਗਾ।
ਡਾ. ਚੀਮਾ ਨੇ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੇ ਲੰਬੇ ਸ਼ੰਘਰਸ਼ ਦੇ ਸਿੱਟੇ ਵਜੋਂ ਹੋਂਦ ਵਿੱਚ ਆਈ ਸੀ ਜਿਹੜੀ ਪਾਰਲੀਮੈਂਟ ਵੱਲੋਂ ਬਣਾਏ ਕਾਨੂੰਨ ਤਹਿਤ ਆਪਣਾ ਕੰਮ ਕਰ ਰਹੀ ਹੈ ਅਤੇ ਹਰਿਆਣਾ ਸਰਕਾਰ ਵੱਲੋਂ ਇਸ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਗੈਰ-ਕਾਨੂੰਨੀ ਅਤੇ ਅਸੰਵਿਧਾਨਕ ਹਨ। ਉਨ੍ਹਾਂ ਕਿਹਾ, ‘‘ਸ਼੍ਰੋਮਣੀ ਅਕਾਲੀ ਦਲ ਕਾਂਗਰਸ ਦੀਆਂ ਅਜਿਹੀਆਂ ਕੋਝੀਆਂ ਚਾਲਾਂ ਤੋਂ ਪੂਰੀ ਤਰ੍ਹਾਂ ਜਾਗਰੂਕ ਹੈ ਅਤੇ ਅਸੀਂ ਕਿਸੇ ਵੀ ਕੀਮਤ ’ਤੇ ਕਾਂਗਰਸ ਨੂੰ ਉਸ ਦੇ ਮਨਸੂਬਿਆਂ ਵਿੱਚ ਸਫਲ ਨਹੀਂ ਹੋਣ ਦਿਆਂਗੇ।