ਹਰਿਆਣਾ ਲਈ ਵਿਧਾਨ ਸਭਾ ਦੀ ਵੱਖਰੀ ਇਮਾਰਤ ਨੂੰ ਲੈ ਕੇ ਉਠੇ ਵਿਵਾਦ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਇਕਤਰਫਾ ਫੈਸਲਾ ਨਹੀਂ ਕੀਤਾ ਜਾਵੇਗਾ। ਵੀਰਵਾਰ ਨੂੰ ਪੁਰੋਹਿਤ ਨੇ ਕਿਹ.
ਚੰਡੀਗੜ੍ਹ (ਪੀਟੀਆਈ) : ਹਰਿਆਣਾ ਲਈ ਵਿਧਾਨ ਸਭਾ ਦੀ ਵੱਖਰੀ ਇਮਾਰਤ ਨੂੰ ਲੈ ਕੇ ਉਠੇ ਵਿਵਾਦ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਇਕਤਰਫਾ ਫੈਸਲਾ ਨਹੀਂ ਕੀਤਾ ਜਾਵੇਗਾ। ਵੀਰਵਾਰ ਨੂੰ ਪੁਰੋਹਿਤ ਨੇ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਨੂੰ ਭਰੋਸੇ ਵਿਚ ਲਿਆ ਜਾਵੇਗਾ। ਇਸ ਤੋਂ ਪਹਿਲਾਂ ਹਰਿਆਣਾ ਨੇ ਆਪਣੀ ਨਵੀਂ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿਚ 10 ਏਕੜ ਦਾ ਪਲਾਟ ਮੰਗਿਆ ਹੈ। ਹਰਿਆਣਾ ਨੇ ਇਸ ਦੇ ਲਈ ਮੱਧ ਮਾਰਗ ’ਤੇ ਟ੍ਰੈਫਿਕ ਲਾਈਟ ਦੇ ਨਾਲ ਲੱਗਦੀ ਜ਼ਮੀਨ ਦੀ ਪਛਾਣ ਕੀਤੀ ਹੈ ਅਤੇ ਬਦਲੇ ਵਿਚ ਪੰਚਕੁਲਾ ਵਿਚ 10 ਏਕੜ ਜਗ੍ਹਾ ਦੇਣ ਦੀ ਪੇਸ਼ਕਸ਼ ਕੀਤੀ ਹੈ।
ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਹੋਰਨਾਂ ਸਿਆਸੀ ਪਾਰਟੀਆਂ ਨੇ ਹਰਿਆਣਾ ਦੇ ਇਸ ਪ੍ਰਸਤਾਵ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਚੰਡੀਗੜ੍ਹ ’ਤੇ ਕੇਵਲ ਪੰਜਾਬ ਦਾ ਅਧਿਕਾਰ ਹੈ। ਇਹ ਵੀ ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਪੁਰੋਹਿਤ ਨਾਲ ਮੁਲਾਕਾਤ ਕੀਤੀ ਸੀ ਅਤੇ ਦੋਵਾਂ ਨੇ ਜ਼ਮੀਨ ਵੰਡ ਦੇ ਮੁੱਦੇ ’ਤੇ ਚਰਚਾ ਕੀਤੀ ਸੀ।
ਹਰਿਆਣਾ ਦੀ ਮੰਗ ਬਾਰੇ ਪੁੱਛੇ ਜਾਣ ’ਤੇ ਪੁਰੋਹਿਤ ਨੇ ਕਿਹਾ ਕਿ ਹਾਲੇ ਇਸ ਨੂੰ ਲੈ ਕੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ ਹੈ। ਜਦੋਂ ਇਸ ਮੁੱਦੇ ’ਤੇ ਗੱਲਬਾਤ ਹੋਵੇਗੀ ਤਾਂ ਇਹ ਦੋਵੇਂ ਰਾਜਾਂ ਦੇ ਨਾਲ ਹੋਵੇਗੀ। ਉਨ੍ਹਾਂ ਕਿਹਾ ਕਿ ਇਕਤਰਫਾ ਫ਼ੈਸਲਾ ਨਹੀਂ ਹੋਵੇਗਾ ਅਤੇ ਇਸ ਮਾਮਲੇ ਵਿਚ ਪੰਜਾਬ ਨੂੰ ਭਰੋਸੇ ਵਿਚ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਜੁਲਾਈ ’ਚ ਜੈਪੁਰ ’ਚ ਉੱਤਰੀ ਖੇਤਰ ਪ੍ਰੀਸ਼ਦ ਦੀ ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਸੀ। ਮੌਜੂਦਾ ਸਮੇਂ ਪੰਜਾਬ ਅਤੇ ਹਰਿਆਣਾ ਸਰਕਾਰਾਂ ਵਿਧਾਨ ਸਭਾ ਕੰਪਲੈਕਸ ਸਾਂਝਾ ਕਰਦੀਆਂ ਹਨ।
ਪਾਕਿ ਤੋਂ ਆ ਰਹੇ ਡ੍ਰੋਨ ਚਿੰਤਾ ਦਾ ਵਿਸ਼ਾ
ਪੁਰੋਹਿਤ ਨੇ ਪਾਕਿਸਤਾਨ ਵੱਲੋਂ ਭਾਰਤੀ ਖੇਤਰ ’ਚ ਡ੍ਰੋਨ ਭੇਜ ਕੇ ਕੀਤੀ ਜਾ ਰਹੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਚਿੰਤਾ ਦਾ ਵਿਸ਼ਾ ਦੱਸਿਆ। ਉਨ੍ਹਾਂ ਸਤੰਬਰ ’ਚ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕੀਤਾ ਸੀ ਅਤੇ ਪ੍ਰਸ਼ਾਸਨ, ਪੁਲਿਸ, ਬੀਐੱਸਐੱਫ, ਫੌਜ ਤੇ ਹੋਰਨਾਂ ਏਜੰਸੀਆਂ ਦੇ ਅਧਿਕਾਰੀਆਂ ਨਾਲ ਵਿਸਥਾਰਤ ਚਰਚਾ ਵੀ ਕੀਤੀ ਸੀ।