December 9, 2024 9:33 pm

CM ਮਾਨ ਵੱਲੋਂ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦਾਇਰਾ ਯੂਨੀਵਰਸਿਟੀ ਪੱਧਰ ਤੱਕ ਵਧਾਉਣ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ ‘ਤੇ ਮਿਲਟਰੀ ਲਿਟਰੇਚਰ ਫੈਸਟੀਵਲ (ਐਮਐਲਐਫ) ਦੀ ਮੇਜ਼ਬਾਨੀ ਕਰਕੇ ਇਸ ਦੇ ਦਾਇਰੇ ਦਾ ਵਿਸਤਾਰ ਕਰਨ ਦਾ ਐਲਾਨ ਕੀਤਾ ਹੈ।

ਇੱਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਹਰ ਸਾਲ ਇਸ ਵੱਡੇ ਆਕਾਰੀ ਸਮਾਗਮ ਦੇ ਪ੍ਰਬੰਧ ਲਈ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਦੀ ਅਮੀਰ ਵਿਰਾਸਤ ਤੋਂ ਜਾਣੂੰ ਕਰਵਾਉਣ ਅਤੇ ਉਨ੍ਹਾਂ ਵਿੱਚ ਫੌਜ ਵਿੱਚ ਭਰਤੀ ਹੋਣ ਦੀ ਭਾਵਨਾ ਪੈਦਾ ਕਰਨ ਲਈ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ ’ਤੇ ਇਹ ਮੇਲਾ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਭਾਰਤ ਨੂੰ ਵਿਸ਼ਵ ਦਾ ਸਭ ਤੋਂ ਵੱਡਾ ਅਤੇ ਸਫ਼ਲ ਲੋਕਤੰਤਰ ਬਣਾਉਣ ਵਿੱਚ ਹਥਿਆਰਬੰਦ ਸੈਨਾਵਾਂ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਲੋਕਤੰਤਰ ਸਫ਼ਲਤਾਪੂਰਵਕ ਪ੍ਰਫੁੱਲਤ ਹੋਇਆ ਹੈ ਕਿਉਂਕਿ ਹਥਿਆਰਬੰਦ ਬਲਾਂ ਨੇ ਇਸ ਦੀ ਰਾਖੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਹਥਿਆਰਬੰਦ ਸੈਨਾਵਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਨਾਲ-ਨਾਲ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਵੀ ਬਰਕਰਾਰ ਰੱਖਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਨ ਹੀ ਭਾਰਤ ਅੱਜ ਦੁਨੀਆ ਭਰ ਵਿੱਚ ਸਭ ਤੋਂ ਸਫ਼ਲ ਲੋਕਤੰਤਰ ਵਜੋਂ ਉੱਭਰਿਆ ਹੈ।

ਪਾਕਿਸਤਾਨ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਥੇ ਲੋਕਤੰਤਰ ਕਦੇ ਵੀ ਕਾਇਮ ਨਹੀਂ ਰਿਹਾ ਕਿਉਂਕਿ ਫੌਜ ਨੇ ਇਸ ਗੁਆਂਢੀ ਮੁਲਕ ਵਿੱਚ ਕਈ ਵਾਰ ਚੁਣੀਆਂ ਹੋਈਆਂ ਸਰਕਾਰਾਂ ਨੂੰ ਭੰਗ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਭਾਰਤ ਵਿੱਚ ਹਥਿਆਰਬੰਦ ਬਲਾਂ ਦੀ ਸਰਗਰਮ ਭੂਮਿਕਾ ਕਾਰਨ ਲੋਕਤੰਤਰ ਇੱਕ ਸਫ਼ਲ ਵਰਤਾਰਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਅੱਜ ਉਨ੍ਹਾਂ ਵਰਗਾ ਆਮ ਆਦਮੀ ਸੂਬੇ ਦਾ ਮੁੱਖ ਮੰਤਰੀ ਬਣਿਆ ਹੈ।

ਮੁੱਖ ਮੰਤਰੀ ਨੇ ਭਾਰਤੀ ਫੌਜ ਦੇ ਸਮਰਪਣ, ਵਚਨਬੱਧਤਾ ਅਤੇ ਦੇਸ਼ ਭਗਤੀ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਦੀ ਬਹਾਦਰੀ ਦੀ ਦੁਨੀਆ ਭਰ ਵਿੱਚ ਕੋਈ ਵੀ ਮਿਸਾਲ ਨਹੀਂ ਮਿਲਦੀ। ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਨੇ ਆਪਣੇ ਹੌਸਲੇ ਤੇ ਬਹਾਦਰੀ ਨਾਲ ਕਈ ਪ੍ਰੇਰਨਾਦਾਇਕ ਇਬਾਰਤਾਂ ਲਿਖੀਆਂ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੇਸ਼ ਦੀ ਸੇਵਾ ਵਿੱਚ ਪਾਏ ਬੇਮਿਸਾਲ ਯੋਗਦਾਨ ਲਈ ਹਰ ਦੇਸ਼ ਵਾਸੀ ਭਾਰਤੀ ਹਥਿਆਰਬੰਦ ਬਲਾਂ ਦਾ ਰਿਣੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਡੇ ਵਿੱਚੋਂ ਹਰ ਕੋਈ ਆਪਣੇ ਪਰਿਵਾਰਾਂ ਨਾਲ ਆਰਾਮ ਦੀ ਨੀਂਦ ਸੌਂ ਰਿਹਾ ਹੁੰਦਾ ਹੈ, ਉਦੋਂ ਹਥਿਆਰਬੰਦ ਬਲ ਕੜਾਕੇ ਦੀ ਠੰਢ ਅਤੇ ਗਰਮੀ ਦੇ ਮੌਸਮ ਵਿੱਚ ਸਾਡੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਅਤੇ ਅਮਨ-ਕਾਨੂੰਨ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਨਿਮਰ ਸ਼ਰਧਾਂਜਲੀ ਵਜੋਂ ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣ ਵਾਲੇ ਮਾਣਭੱਤੇ ਨੂੰ ਵਧਾ ਕੇ ਇਕ ਕਰੋੜ ਰੁਪਏ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸੂਬਾ ਸਰਕਾਰ ਵੱਲੋਂ ਇਹ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਸ਼ਹੀਦ ਸੈਨਿਕਾਂ ਦੇ ਪੀੜਤ ਪਰਿਵਾਰਾਂ ਨੂੰ ਵੱਡੀ ਰਾਹਤ ਦੇਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ।ਇਸ ਮੌਕੇ ਮੁੱਖ ਮੰਤਰੀ ਨੇ ਕਈ ਪੁਸਤਕਾਂ ਵੀ ਰਿਲੀਜ਼ ਕੀਤੀਆਂ ਅਤੇ ਮੇਲੇ ਵਿੱਚ ਭਾਗ ਲੈਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਦੀ ਸਨਮਾਨ ਕੀਤਾ।

Send this to a friend