ਕੈਬਨਿਟ ਮੰਤਰੀ ਨੇ ਚਾਰ ਜ਼ਿਲ੍ਹਿਆਂ ਦੇ ਐਨ.ਆਰ.ਆਈ. ਦੀਆਂ ਸ਼ਿਕਾਇਤਾਂ ਸੁਣੀਆਂ, ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਨਿਪਟਾਰਾ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ / ਲੁਧਿਆਣਾ: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨੂੰ ਉਨ੍ਹਾਂ ਦੇ ਮਸਲਿਆਂ ਨੂੰ ਥੋੜ੍ਹੇ ਸਮੇਂ ਵਿੱਚ ਹੱਲ ਕਰਨ ਦੀ ਸਹੂਲਤ ਦੇਣ ਲਈ ਸੂਬੇ ਵਿੱਚ ਜਲਦ ਹੀ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ।
ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਆਯੋਜਿਤ ਤੀਜੇ ਪੰਜਾਬੀ ਪ੍ਰਵਾਸੀ ਭਾਰਤੀ ਮਿਲਨੀ਼ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਮਿਲਣੀਆਂ ਦੀ ਪਹਿਲਕਦਮੀ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਇਸ ਉਪਰਾਲੇ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।
ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਅਦਾਲਤਾਂ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈ.) ਦੇ ਸਿਵਲ ਕੇਸਾਂ ਨਾਲ ਸਬੰਧਤ ਮੁੱਦਿਆਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਸਮਰਪਿਤ ਹੋ ਕੇ ਕੰਮ ਕਰਨਗੀਆਂ। ਸ. ਧਾਲੀਵਾਲ ਨੇ ਕਿਹਾ, ”ਮੈਂ ਇਸ ਸਬੰਧ ਵਿੱਚ ਪਹਿਲਾਂ ਹੀ ਮੁੱਖ ਮੰਤਰੀ ਨਾਲ ਗੱਲ ਕਰ ਚੁੱਕਾ ਹਾਂਂ ਅਤੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੇ ਸਿਵਲ ਕੇਸਾਂ ਦੇ ਨਿਪਟਾਰੇ ਲਈ ਅਦਾਲਤਾਂ ਦੀ ਸਥਾਪਨਾ ਲਈ ਜਲਦ ਹੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਕੀਮਤੀ ਊਰਜ਼ਾ, ਸਮਾਂ ਅਤੇ ਪੈਸਾ ਬਚਾਇਆ ਜਾ ਸਕੇ।