ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ’ਤੇ ਗੁਰਦੁਆਰਾ ਗੁਰੂਸਾਗਰ ਵਿਖੇ ਮੱਥਾ ਟੇਕਿਆ। ਇਸ ਮਗਰੋਂ ਗੱਲਬਾਤ ਦ.
ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ’ਤੇ ਗੁਰਦੁਆਰਾ ਗੁਰੂਸਾਗਰ ਵਿਖੇ ਮੱਥਾ ਟੇਕਿਆ। ਇਸ ਮਗਰੋਂ ਗੱਲਬਾਤ ਦੌਰਾਨ ਢੀਂਡਸਾ ਨੇ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਬਾਰੇ ਕਿਹਾ, ‘‘ਅਸੀਂ ਚਾਹੁੰਦੇ ਹਾਂ ਕਿ ਇਹ ਕਾਲਜ ਬਣੇ। ਉਨ੍ਹਾਂ ਨੇ ਟਰੱਸਟ ਵੱਲੋਂ ਸਰਕਾਰ ਨੂੰ ਮੈਡੀਕਲ ਕਾਲਜ ਲਈ ਇਸ ਸਾਲ ਦੇ ਸੈਸ਼ਨ ਸ਼ੁਰੂ ਕਰਨ ਲਈ ਇਮਾਰਤ ਮੁਹੱਈਆ ਕਰਵਾਉਣ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਇਸ ਕਾਲਜ ਲਈ ਸੰਤ ਬਾਬਾ ਅਤਰ ਸਿੰਘ ਟਰੱਸਟ ਹੋਰ ਜ਼ਮੀਨ ਦੇਣ ਲਈ ਤਿਆਰ ਹੈ, ਜਿਸ ਸਬੰਧੀ ਅਹੁਦੇਦਾਰਾਂ ਨੇ ਡਿਪਟੀ ਕਮਿਸ਼ਨਰ ਰਾਹੀਂ ਸਰਕਾਰ ਨੂੰ ਇਹ ਪ੍ਰਸਤਾਵ ਭੇਜਿਆ ਹੈ’’।
ਮੈਡੀਕਲ ਕਾਲਜ ਦੀ ਜ਼ਮੀਨ ਦੇ ਵਿਵਾਦ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਜ਼ਮੀਨ ਦੀ ਰਜਿਸਟਰੀ ਗ਼ੈਰ-ਕਾਨੂੰਨੀ ਤੇ ਗੈਰ ਸੰਵਿਧਾਨਕ ਹੈ, ਸਬੰਧਤ ਲੋਕਾਂ ’ਤੇ ਕਾਨੂੰਨੀ ਕਾਰਵਾਈ ਹੋਵੇ ਕਿਉਂਕਿ ਪਹਿਲਾਂ ਤੋਂ ਜ਼ਮੀਨ ਦਾ ਝਗੜਾ ਚੱਲ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਨੂੰ ਸਭ ਪਤਾ ਹੋਣ ਦੇ ਬਾਵਜੂਦ ਉਨ੍ਹਾਂ ਨੇ ਇਹ ਜ਼ਮੀਨ ਚੁਣੀ ਕਿਉਂਕਿ ਉਨ੍ਹਾਂ ਦੀ ਨੀਅਤ ਮੈਡੀਕਲ ਕਾਲਜ ਬਣਾਉਣ ਦੀ ਨਹੀਂ ਸੀ।
ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਾਲੀ ਵਿਖੇ ਚੱਲ ਰਹੇ ਮੋਰਚੇ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ 15 ਫਰਵਰੀ ਨੂੰ ਉਨ੍ਹਾਂ ਦੀ ਪਾਰਟੀ ਦੇ ਆਗੂ ਬੰਦੀ ਸਿੱਖਾਂ ਦੇ ਹੱਕ ਵਿਚ ਚੱਲ ਰਹੇ ਮੋਰਚੇ ਦੇ ਆਗੂਆਂ ਕੋਲ ਜਾਣਗੇ। ਇਸ ਮੌਕੇ ਕੁਲਦੀਪ ਸਿੰਘ ਸਿੱਧੂ ਲੁਧਿਆਣਾ, ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕੌਂਸਲ ਆਦਿ ਆਗੂ ਹਾਜ਼ਰ ਸਨ।