April 17, 2026 8:45 pm

ਸਿਵਲ ਹਸਪਤਾਲ ਜਲੰਧਰ ਬਣੇਗਾ ਸੁਪਰ ਸਪੈਸ਼ਲਿਟੀ ਹਸਪਤਾਲ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰਾਜੈਕਟ ਲਈ ਮੰਗਿਆ ਪ੍ਰਸਤਾਵਿਤ ਖਰੜਾ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਨੂੰ ਆਉਂਦੇ ਕੁਝ ਮਹੀਨਿਆਂ ’ਚ ਸੁਪਰ ਸਪੈਸ਼ਲਿਟੀ ਹਸਪਤਾਲ ਵਜੋਂ ਸਥਾਪਤ ਕ.

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਨੂੰ ਆਉਂਦੇ ਕੁਝ ਮਹੀਨਿਆਂ ’ਚ ਸੁਪਰ ਸਪੈਸ਼ਲਿਟੀ ਹਸਪਤਾਲ ਵਜੋਂ ਸਥਾਪਤ ਕੀਤਾ ਜਾਵੇਗਾ, ਜਿਸ ਲਈ ਉਨ੍ਹਾਂ ਸਬੰਧਤ ਅਧਿਕਾਰੀਆਂ ਤੋਂ ਇਸ ਪ੍ਰਾਜੈਕਟ ਲਈ ਪ੍ਰਸਤਾਵਿਤ ਯੋਜਨਾ ਦਾ ਖਾਕਾ ਮੰਗਿਆ ਹੈ।

ਸਿਹਤ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਜਲੰਧਰ ਪੁੱਜੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਵਲ ਹਸਪਤਾਲ ਵਿਖੇ ਵੱਡੀ ਗਿਣਤੀ ’ਚ ਹੁੰਦੇ ਆਪੇ੍ਰਸ਼ਨਾਂ ਨੂੰ ਦੇਖਦਿਆਂ ਮੌਜੂਦਾ ਸਮੇਂ ਦੇ ਲੋਡ ਨੂੰ ਘੱਟ ਕਰਨ ਲਈ ਆਉਂਦੇ ਸਮੇਂ ’ਚ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਸੈਂਟਰਾਂ ਵਿਖੇ ਛੋਟੇ ਆਪੇ੍ਰਸ਼ਨ ਸ਼ੁਰੂ ਕੀਤੇ ਜਾਣਗੇ ਤਾਂ ਜੋ ਸਿਵਲ ਹਸਪਤਾਲ ਨੂੰ ਕੁਝ ਰਾਹਤ ਮਿਲ ਸਕੇ। ਸਿਵਲ ਸਰਜਨ ਡਾ. ਰਮਨ ਸ਼ਰਮਾ ਨਾਲ ਸਿਵਲ ਹਸਪਤਾਲ ਨੂੰ ਸੁਪਰਸਪੈਸ਼ਲਿਟੀ ਬਣਾਉਣ ਸਬੰਧੀ ਵਿਚਾਰ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਜਲਦ ਯੋਜਨਾ ਦੀ ਵਿਸਥਾਰਤ ਰਿਪੋਰਟ ਤਿਆਰ ਕਰ ਕੇ ਭੇਜੀ ਜਾਵੇ ਤਾਂ ਜੋ ਅਗਲੇਰੀ ਕਾਰਵਾਈ ਅਮਲ ’ਚ ਲਿਆਉਂਦਿਆਂ ਅਗਲੇ ਕੁਝ ਮਹੀਨਿਆਂ ’ਚ ਇਹ ਪ੍ਰਾਜੈਕਟ ਨੇਪਰੇ ਚਾੜਿ੍ਹਆ ਜਾ ਸਕੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਵਲ ਹਸਪਤਾਲ ਨੂੰ ਪੰਜਾਬ ’ਚ ਅਤਿ-ਆਧੁਨਿਕ ਸਹੂਲਤਾਂ ਵਾਲਾ ਹਸਪਤਾਲ ਬਣਾਇਆ ਜਾਵੇਗਾ। ਛੋਟੇ ਤੋਂ ਲੈ ਕੇ ਹਰ ਵੱਡੇ ਟੈਸਟ ਦੀ ਸਹੂਲਤ ਉਪਲੱਬਧ ਹੋਵੇਗੀ। ਡਾ. ਬਲਬੀਰ ਸਿੰਘ ਨੇ ਜ਼ਿਲ੍ਹੇ ਅੰਦਰ ਸਬ-ਡਵੀਜਨ ਹਸਪਤਾਲਾਂ ਤੇ ਕਮਿਊਨਿਟੀ ਹੈਲਥ ਸੈਂਟਰਾਂ ਵਿਖੇ ਡਾਕਟਰਾਂ ਤੇ ਸਟਾਫ ਦੀ ਤਾਇਨਾਤੀ ਅਤੇ ਬੁਨਿਆਦੀ ਢਾਂਚੇ ਸਬੰਧੀ ਸਿਵਲ ਸਰਜਨ ਤੋਂ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੇ ਸਿਹਤ ਮੰਤਰੀ ਨੂੰ ਪਿੰਡ ਅਠੌਲਾ ਵਿਖੇ ਚੈਰੀਟੇਬਲ ਡਿਸਪੈਂਸਰੀ ਦੀ ਬਿਲਡਿੰਗ ਦਾ ਦੌਰਾ ਕਰਵਾਉਂਦਿਆਂ ਇਸ ਥਾਂ ’ਤੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਨ ਦਾ ਪ੍ਰਸਤਾਵ ਦਿੱਤਾ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਪਿੰਡ ਵਿਚ ਹੀ ਮਿਆਰੀ ਸਿਹਤ ਸਹੂਲਤਾਂ ਉਪਲਬਧ ਹੋ ਸਕਣ। ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਇਸ ਸਬੰਧੀ ਗਹੁ ਨਾਲ ਵਿਚਾਰ ਕਰ ਕੇ ਆਮ ਆਦਮੀ ਕਲੀਨਿਕ ਖੋਲ੍ਹਿਆ ਜਾਵੇਗਾ। ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ, ਸਿਵਲ ਸਰਜਨ ਡਾ. ਰਮਨ ਸ਼ਰਮਾ, ਓਲੰਪੀਅਨ ਸੁਰਿੰਦਰ ਸਿੰਘ ਸੋਢੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਜਲਦ ਲਾਗੂ ਕੀਤੀ ਜਾਵੇਗੀ ਫਰਿਸ਼ਤੇ ਸਕੀਮ

ਦਿੱਲੀ ’ਚ ਚੱਲ ਰਹੀ ਫਰਿਸ਼ਤੇ ਸਕੀਮ ਦੀ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਜਲਦੀ ਇਹ ਪੰਜਾਬ ’ਚ ਵੀ ਲਾਗੂ ਕੀਤੀ ਜਾ ਰਹੀ ਹੈ, ਜਿਸ ਤਹਿਤ ਕਿਸੇ ਵੀ ਐਮਰਜੈਂਸੀ ਵੇਲੇ ਮਰੀਜ਼ ਨੂੰ ਫੌਰੀ ਫਸਟ-ਏਡ ਦੇ ਕੇ ਕੁਝ ਹੀ ਮਿੰਟਾਂ ’ਚ ਨੇੜਲੇ ਹਸਪਤਾਲ ਵਿਖੇ ਦਾਖਲ ਕਰਵਾਇਆ ਜਾਵੇਗਾ। ਉਨ੍ਹਾਂ ਡਾਕਟਰਾਂ ਨੂੰ ਅਪੀਲ ਕੀਤੀ ਕਿ ਉਹ ਫਸਟ ਏਡ ਕਿੱਟ ’ਚ ਕੁਝ ਲੋੜੀਂਦੇ ਟੀਕੇ ਤੇ ਮੁਢਲੀਆਂ ਦਵਾਈਆਂ ਵੀ ਰੱਖਣ ਤੇ ਬਾਕੀ ਲੋਕ ਪੱਟੀ ਆਦਿ ਰੱਖਣ, ਜਿਸ ਦੀ ਲੋੜ ਪੈਣ ’ਤੇ ਤੁਰੰਤ ਵਰਤੋਂ ਕੀਤੀ ਜਾ ਸਕੇ।

Send this to a friend