ਕੇਜਰੀਵਾਲ ਨੇ ਦਿੱਲੀ ਵਿੱਚ ਸਾਲਾਂ ਵਿੱਚ ਹੋਏ ਇਸ ਕੰਮ ਨੂੰ ਮਹੀਨਿਆਂ ਵਿੱਚ ਨੇਪਰੇ ਚਾੜ੍ਹਨ ਲਈ ਪੰਜਾਬ ਦੀ ਕੀਤੀ ਸ਼ਲਾਘਾ
ਨਵੀਂ ਦਿੱਲੀ- ਸਿੰਗਾਪੁਰ ਵਿੱਚ ਸਿਖਲਾਈ ਲੈਣ ਮਗਰੋਂ ਪਰਤੇ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਪ੍ਰਿੰਸੀਪਲਾਂ ਨੂੰ ਬਿਹਤਰੀਨ ਆਲਮੀ ਸਿੱਖਿਆ ਤਕਨੀਕਾਂ ਨਾਲ ਲੈਸ ਕਰਨ ਲਈ ਹੋਈ ਇਸ ਮਿਸਾਲੀ ਤਬਦੀਲੀ ਨਾਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਸਿਖਲਾਈ ਤੋਂ ਪਰਤੇ ਇਨ੍ਹਾਂ ਪ੍ਰਿੰਸੀਪਲਾਂ ਨਾਲ ਸੰਵਾਦ ਰਚਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰਿੰਸੀਪਲਾਂ ਦੇ ਤਜਰਬੇ ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਰੁਚੀਆਂ ਮੁਤਾਬਕ ਭਵਿੱਖ ਲਈ ਤਿਆਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਲਈ ਇਹ ਇਤਿਹਾਸਕ ਦਿਨ ਹੈ ਕਿਉਂਕਿ ਇਹ ਪ੍ਰਿੰਸੀਪਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਇਕ ਪ੍ਰੇਰਕ ਵਜੋਂ ਕੰਮ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਜਿੱਥੇ ਇਕ ਪਾਸੇ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਦੀ ਕਾਇਆ-ਕਲਪ ਕਰਨ ਦੇ ਉਦੇਸ਼ ਨਾਲ ਕੀਤੀ, ਉੱਥੇ ਦੂਜੇ ਪਾਸੇ ਇਸ ਨਾਲ ਵਿਦਿਆਰਥੀਆਂ ਦਾ ਭਵਿੱਖ ਰੌਸ਼ਨ ਹੋਣਾ ਯਕੀਨੀ ਬਣੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਵੱਲੋਂ ਵਿਦਿਆਰਥੀਆਂ ਦੀ ਵਿਦੇਸ਼ ਸਿਖਲਾਈ ਲਈ ਦਿੱਤੀ ਮਨਜ਼ੂਰੀ ਦੇ ਮੱਦੇਨਜਰ ਸੂਬਾ ਸਰਕਾਰ ਵੱਲੋਂ ਇਹ ਆਪਣੀ ਤਰ੍ਹਾਂ ਦੀ ਪਹਿਲੀ ਪਹਿਲਕਦਮੀ ਹੈ। ਇਸ ਨਿਵੇਕਲੇ ਉਪਰਾਲੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਵੀ ਨਵੀਂ ਨੀਤੀ ਪੇਸ਼ ਹੁੰਦੀ ਹੈ ਤਾਂ ਵਿਰੋਧ ਦੀ ਆਵਾਜ਼ ਉੱਠਦੀ ਹੈ ਪਰ ਉਹ ਸੂਬੇ ਦੇ ਹਿੱਤ ਵਿੱਚ ਕੋਈ ਵੀ ਫੈਸਲੇ ਲੈਣ ਵਿੱਚ ਕੋਈ ਗੁਰੇਜ਼ ਨਹੀਂ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਅਧਿਆਪਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਵਾਕਫ਼ ਹਨ ਕਿਉਂਕਿ ਉਹ ਇਕ ਅਧਿਆਪਕ ਦੇ ਪੁੱਤਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਧਿਆਪਕਾਂ ਦੀਆਂ ਸੇਵਾਵਾਂ ਅਧਿਆਪਨ ਤੋਂ ਇਲਾਵਾ ਹੋਰ ਕਿਸੇ ਕੰਮ ਲਈ ਨਹੀਂ ਲਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਤੋਂ ਪੱਤਰ ਮਿਲਿਆ ਕਿ ਅਧਿਆਪਕਾਂ ਦੀ ਡਿਊਟੀ ਜਨਗਣਨਾ ਲਈ ਲਗਾਈ ਜਾਵੇ ਪਰ ਉਨ੍ਹਾਂ ਇਸ ਨੂੰ ਸਿਰੇ ਤੋਂ ਨਕਾਰ ਦਿੱਤਾ ਅਤੇ ਕਿਹਾ ਕਿ ਇਸ ਕੰਮ ਲਈ ਹੋਰ ਸਿੱਖਿਅਤ ਨੌਜਵਾਨ ਲਗਾਏ ਜਾਣ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਦਾ ਮੌਕਾ ਮਿਲੇਗਾ, ਉੱਥੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣੇਗੀ। ‘ਤਜਰਬੇ ਉਮਰ ਨਾਲ ਆਉਣ’ ਦੀ ਅਖੌਤ ਦਾ ਹਵਾਲਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਹੋਰਾਂ ਦੇ ਤਜਰਬਿਆਂ ਤੋਂ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਕਿਉਂਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਪੰਜਾਬ ਪਹਿਲਾਂ ਹੀ ਸਿੱਖਿਆ ਖੇਤਰ ਵਿੱਚ ਪਛੜਿਆ ਹੋਇਆ ਹੈ।