ਨਵੀਂ ਦਿੱਲੀ, 11 ਜੁਲਾਈ (ਪੀ. ਟੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਦੇਸ਼ ‘ਤੇ ਗ੍ਰਹਿ ਮੰਤਰਾਲੇ ਵਿਚ ਡੇਢ ਲੱਖ ਫਾਈਲਾਂ ਨਸ਼ਟ ਕੀਤੇ ਜਾਣ ਸਬੰਧੀ ਮੀਡੀਆ ਵਿਚ ਆਈਆਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਹੱਤਿਆ ਨਾਲ ਸਬੰਧਿਤ 62 ਫਾਈਲਾਂ ਸਣੇ ਸਾਰੇ ਦਸਤਾਵੇਜ਼ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਅੱਜ ਰਾਜ ਸਭਾ ਵਿਚ ਦਿੱਤੇ ਇਕ ਬਿਆਨ ਵਿਚ ਕਿਹਾ ਕਿ ਬੀਤੀ 9 ਜੁਲਾਈ ਨੂੰ ਰਾਜ ਸਭਾ ਦੇ ਇਕ ਮੈਂਬਰ ਨੇ ਮੀਡੀਆ ਦੀਆਂ ਖ਼ਬਰਾਂ ਦੇ ਆਧਾਰ ‘ਤੇ ਇਹ ਪ੍ਰਗਟਾਵਾ ਕੀਤਾ ਸੀ ਕਿ ਪ੍ਰਧਾਨ ਮੰਤਰੀ ਦੇ ਨਿਰਦੇਸ਼ ‘ਤੇ ਗ੍ਰਹਿ ਮੰਤਰਾਲੇ ਨੇ ਡੇਢ ਲੱਖ ਫਾਈਲਾਂ ਨਸ਼ਟ ਕਰ ਦਿੱਤੀਆਂ ਜਿਨ੍ਹਾਂ ਵਿਚ ਮਹਾਤਮਾ ਗਾਂਧੀ ਦੀ ਹੱਤਿਆ ਨਾਲ ਸਬੰਧਿਤ ਕਈ ਫਾਈਲਾਂ ਵੀ
ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ 4 ਜੂਨ ਨੂੰ ਕੇਂਦਰ ਸਰਕਾਰ ਦੇ ਸਾਰੇ ਸਕੱਤਰਾਂ ਨਾਲ ਵਿਚਾਰ-ਚਰਚਾ ਕਰਕੇ ਕਾਰਜ ਸਥਾਨ ਨੂੰ ਸਾਫ਼-ਸੁਥਰਾ ਰੱਖਣ ਲਈ ਕਿਹਾ ਸੀ। ਇਸ ਤੋਂ ਬਾਅਦ ਕੈਬਨਿਟ ਸਕੱਤਰ ਦੇ ਨਿਰਦੇਸ਼ਾਂ ਅਨੁਸਾਰ ਗ੍ਰਹਿ ਮੰਤਰਾਲੇ ਨੇ 5 ਜੂਨ ਤੋਂ 8 ਜੁਲਾਈ ਤੱਕ ਫਾਈਲਾਂ ਦੀ ਸਮੀਖਿਆ ਕੀਤੀ ਤੇ ਕੁੱਲ 11,100 ਫਾਈਲਾਂ ਨੂੰ ਨਸ਼ਟ ਕੀਤਾ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦੀ ਹੱਤਿਆ ਨਾਲ ਸਬੰਧਿਤ 62 ਫਾਈਲਾਂ ਸਣੇ ਸਾਰੇ ਦਸਤਾਵੇਜ਼ ਭਾਰਤੀ ਪੁਰਾਲੇਖ ਭਵਨ ਵਿਚ ਸੁਰੱਖਿਅਤ ਹਨ।



