ਚੰਡੀਗੜ੍ਹ, 20 ਜੁਲਾਈ (ਪੀ. ਟੀ)- Êਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਿਹਤ ਵਿਭਾਗ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਨੂੰ ਸੂਬੇ ਵਿੱਚ ਸਰਕਾਰੀ ਮੈਡੀਕਲ ਕਾਲਜਾਂ ਨੂੰ ਵਾਧੂ ਫੰਡ ਮੁਹੱਈਆ ਕਰਵਾਉਣ ਲਈ ਇਕ ਵਿਆਪਕ ਯੋਜਨਾ ਤਿਆਰ ਕਰਨ ਦੀ ਹਦਾਇਤ ਕੀਤੀ ਤਾਂ ਕਿ ਇਨ੍ਹਾਂ ਫੰਡਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਸਬੰਧਤ ਹਸਪਤਾਲ ਦੀ ਸਾਂਭ-ਸੰਭਾਲ ਲਈ ਵਰਤਿਆ ਜਾ ਸਕੇ। ਇਸ ਬਾਰੇ ਫੈਸਲਾ ਸ. ਬਾਦਲ ਨੇ ਟਾਟਾ ਮੈਮੋਰੀਅਲ ਸੈਂਟਰ (ਟੀ.ਐਮ.ਸੀ.) ਦੇ ਡਾਇਰੈਕਟਰ ਡਾ. ਰਾਜਿੰਦਰ ਏ. ਬਡਵੇ ਨਾਲ ਮੀਟਿੰਗ ਦੌਰਾਨ ਕੀਤਾ ਜਿਨ੍ਹਾਂ ਨੇ ਅੱਜ ਸਵੇਰੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਡਾ. ਬਡਵੇ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸੰਗਰੂਰ ਵਿਖੇ ਕੈਂਸਰ ਕੇਅਰ ਸੈਂਟਰ ਦੀ ਉਸਾਰੀ
ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਮੌਜੂਦਾ ਸਮੇਂ ਤੱਕ 60 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਸਾਰੀ ਅਤੇ ਸਾਜ਼ੋ-ਸਾਮਾਨ ਫਿੱਟ ਕਰਨ ਦਾ ਕੰਮ ਇਸ ਸਾਲ ਸਤੰਬਰ ਦੇ ਅੰਤ ਤੱਕ ਮੁਕੰਮਲ ਹੋ ਜਾਵੇਗਾ ਅਤੇ ਦਸੰਬਰ, 2014 ਤੱਕ ਇਹ ਸੈਂਟਰ ਚਾਲੂ ਹੋ ਜਾਵੇਗਾ। । ਇਸ ਮੌਕੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਸਲਾਹਕਾਰ ਡਾ. ਕੇ.ਕੇ. ਤਲਵਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ, ਵਿੱਤ ਅਤੇ ਸਿਹਤ ਵਿਭਾਗਾਂ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ, ਜੰਗਲਾਤ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਸ਼ਵਾਜੀਤ ਖੰਨਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ, ਮਕਾਨ ਤੇ ਸ਼ਹਿਰੀ ਵਿਕਾਸ ਦੇ ਸਕੱਤਰ ਸ੍ਰੀ ਏ. ਵੇਨੂੰ ਪ੍ਰਸਾਦ, ਮੈਡੀਕਲ ਸਿੱਖਿਆ ਤੇ ਖੋਜ ਦੇ ਸਕੱਤਰ ਸ੍ਰੀ ਰਾਕੇਸ਼ ਕੁਮਾਰ ਵਰਮਾ ਅਤੇ ਗਮਾਡਾ ਦੇ ਸੀ.ਏ. ਸ੍ਰੀ ਏ.ਕੇ. ਸਿਨਹਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।



