ਲਖਨਊ, 27 ਜੁਲਾਈ (ਪੀ. ਟੀ)- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਸਹਾਰਨਪੁਰ ‘ਚ ਹੋਈ ਹਿੰਸਾ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਸਹਾਇਤਾ ਦਾ ਐਲਾਨ ਕੀਤਾ ਹੈ। ਅਖਿਲੇਸ਼ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 – 10 ਲੱਖ ਦੇਣ ਦਾ ਐਲਾਨ ਕੀਤਾ ਹੈ। ਯੂਪੀ ਸਰਕਾਰ ਨੇ ਸੀਤਾਪੁਰ ‘ਚ ਹਵਾਈ ਫੌਜ ਦੇ ਹੈਲੀਕਾਪਟਰ ਡਿੱਗਣ ਦੀ ਘਟਨਾ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰ ਲਈ ਵੀ 10 – 10 ਲੱਖ ਰੁਪਏ ਦੀ ਆਰਥਕ ਸਹਾਇਤਾ ਦਾ ਐਲਾਨ ਕੀਤਾ। ਇੱਕ ਸਰਕਾਰੀ ਬੁਲਾਰੇ ਨੇ ਇੱਥੇ ਦੱਸਿਆ ਕਿ ਸਹਾਰਨਪੁਰ ‘ਚ ਹੋਈ ਘਟਨਾ ‘ਚ ਮ੍ਰਿਤਕ ਲੋਕਾਂ ਦੇ ਪਰਿਵਾਰਾਂ ਨੂੰ 10 – 10 ਲੱਖ ਰੁਪਏ ਤੇ ਜ਼ਖ਼ਮੀਆਂ ਨੂੰ 50 – 50 ਹਜ਼ਾਰ ਰੁਪਏ ਦੀ ਆਰਥਕ ਸਹਾਇਤਾ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਅਤਿਅੰਤ ਦੁਖਦ ਤੇ ਮੰਦਭਾਗਾ ਦੱਸਦੇ ਹੋਏ ਇਸ ਘਟਨਾ ‘ਚ ਮਰਨ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟਾਈ ਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋ ਜਾਣ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਦੇ ਇਲਾਜ ਲਈ ਬਿਹਤਰ ਪ੍ਰਬੰਧ ਕੀਤੇ ਜਾਣ ਦੇ ਵੀ ਨਿਰਦੇਸ਼ ਦਿੱਤੇ ਹਨ।



