ਚੰਡੀਗੜ੍ਹ, 4 ਅਗਸਤ (ਪੀ. ਟੀ)- ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਦੀ ਅੱਜ ਹੋਈ ਪੜਤਾਲ ਪਿੱਛੋਂ ਪਟਿਆਲਾ ਅਤੇ ਤਲਵੰਡੀ ਸਾਬੋ ਹਲਕਿਆਂ ਤੋਂ ਕੁਲ 15 ਉਮੀਦਵਾਰਾਂ ਦੇ ਕਾਗ਼ਜ਼ ਸਹੀ ਪਾਏ ਗਏ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰ੍ਰੀ ਵੀ.ਕੇ. ਸਿੰਘ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ ਦੌਰਾਨ ਪਟਿਆਲਾ ਵਿਧਾਨ ਸਭਾ ਹਲਕੇ ਤੋਂ 8 ਉਮੀਦਵਾਰਾਂ ਦੇ ਨਾਮਜ਼ਦਗੀ ਕਾਗ਼ਜ਼ ਸਹੀ ਪਾਏ ਗਏ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਗਵਾਨ ਦਾਸ, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ, ਆਮ ਆਦਮੀ ਪਾਰਟੀ ਦੇ ਹਰਜੀਤ ਸਿੰਘ, ਨੀਊ ਆਲ ਇੰਡੀਆ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਅਮਰੀਕ ਸਿੰਘ, ਹਿੰਦੂਸਤਾਨ ਨਿਰਮਾਣ ਦਲ ਦੇ ਉਮੀਦਵਾਰ ਸ੍ਰੀ ਰਵੀ ਕਾਂਤ ਅਤੇ ਤਿੰਨ ਆਜ਼ਾਦ ਉਮੀਦਵਾਰ ਸ੍ਰੀ ਬਲਬੀਰ ਸਿੰਘ, ਸ੍ਰੀ ਬਲਵਿੰਦਰ ਸਿੰਘ ਅਤੇ ਸ੍ਰੀ ਰਜਿੰਦਰ ਸਿੰਘ ਪਵਾਰ ਸ਼ਾਮਲ ਹਨ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਤੋਂ ਪੜਤਾਲ ਦੌਰਾਨ ਜਿਨ੍ਹਾਂ 7 ਉਮੀਦਵਾਰ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ, ਉਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰੀ ਜੀਤ ਮਹਿੰਦਰ ਸਿੰਘ ਸਿੱਧੂ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਹਰਮਿੰਦਰ ਸਿੰਘ ਜੱਸੀ, ਆਮ ਆਦਮੀ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਬਲਜਿੰਦਰ ਕੌਰ, ਪੰਜਾਬ ਲੇਬਰ ਪਾਰਟੀ ਦੇ ਉਮੀਦਵਾਰ ਸ੍ਰੀ ਮੱਖਣ ਸਿੰਘ ਪ੍ਰੇਮੀ ਅਤੇ ਤਿੰਨ ਆਜ਼ਾਦ ਉਮੀਦਵਾਰ ਸ੍ਰੀ ਬਲਕਾਰ ਸਿੰਘ, ਸ੍ਰੀ ਬਲਵਿੰਦਰ ਸਿੰਘ ਅਤੇ ਸ੍ਰੀ ਭਰਪੂਰ ਸਿੰਘ ਸ਼ਾਮਲ ਹਨ।ਸ੍ਰੀ ਵੀ.ਕੇ. ਸਿੰਘ ਨੇ ਦੱਸਿਆ ਕਿ ਉਮੀਦਵਾਰ 6 ਅਗਸਤ ਤੱਕ ਆਪਣੇ ਨਾਮ ਵਾਪਸ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦੋਹਾਂ ਹਲਕਿਆਂ ’ਚ 21 ਅਗਸਤ ਨੂੰ ਵੋਟਾਂ ਪੈਣੀਆਂ ਹਨ, ਜਿਨ੍ਹਾਂ ਦੀ ਗਿਣਤੀ 25 ਅਗਸਤ ਨੂੰ ਕੀਤੀ ਜਾਵੇਗੀ।



