ਚੰਡੀਗੜ੍ਹ, 17 ਅਗਸਤ (ਪੀ. ਟੀ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮਤੰਰੀ ਸ. ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ-ਦਿਵਸ ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ’ਤੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਇਸ ਪਵਿੱਤਰ ਦਿਹਾੜੇ ਮੌਕੇ ਇਕ ਸੰਦੇਸ਼ ਵਿੱਚ ਉਨ੍ਹਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਸ਼ਾਂਤੀ ਦੇ ਦੂਤ, ਧਰਮ ਦੇ ਰੱਖਿਅਕ ਅਤੇ ਸਚਾਈ ਦੇ ਪ੍ਰਤੀਕ ਸਨ। ‘‘ਸ੍ਰੀਮਦ ਭਾਗਵਤ ਗੀਤਾ‘‘ ਵਿੱਚ ਅੰਕਿਤ ਉਨ੍ਹਾਂ ਦਾ ਫਲਸਫਾ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਹੋਰ ਵੀ ਵਧੇਰੇ ਮਹੱਤਵਪੂਰਨ ਹੈ ਅਤੇ ਇਹ ਮੌਜੂਦਾ ਸਮੇਂ ਵਿੱਚ ਜਿੱਥੇ ਇਕ ਪਾਸੇ ਸਦੀਵੀ ਸਾਂਤੀ ਪ੍ਰਾਪਤ ਕਰਨ ਦਾ ਸਾਧਨ ਹੈ, ਉਥੇ ਦੂਜੇ ਪਾਸੇ ਸੰਪਰਦਾਇਕ ਸਦਭਾਵਨਾ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਵੀ ਵਧੇਰੇ ਕਾਰਗਰ ਹੈ। ਉਨ੍ਹਾਂ
ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਦਿਹਾੜੇ ਨੂੰ ਜਾਤ, ਨਸਲ ਅਤੇ ਧਰਮ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਰਲ-ਮਿਲ ਕੇ ਮਨਾਉਣ। ਉਨ੍ਹਾਂ ਨੇ ਲੋਕਾਂ ਨੂੰ ਅੰਦਰੂਨੀ ਸ਼ਾਂਤੀ ਅਤੇ ਖੁਸ਼ਹਾਲੀ ਪ੍ਰਾਪਤ ਕਰਨ ਲਈ ਭਗਵਾਨ ਕ੍ਰਿਸ਼ਨ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ।



